- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੇਵਾ ਕੇਂਦਰ ਮੁਲਾਜ਼ਮਾਂ ਦੇ ਸੰਘਰਸ਼ ਦੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਡਟਵੀਂ ਹਮਾਇਤ

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ
ਬਠਿੰਡਾ
ਪੰਜਾਬ ਭਰ ਵਿਚ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚਲਾਏ ਜਾ ਰਹੇ ਸੰਘਰਸ਼ ਦੀ ਹਮਾਇਤ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਬਠਿੰਡਾ ਦੀ ਅਗਵਾਈ ਹੇਠ ਟੀਚਰ ਹੋਮ ਬਠਿੰਡਾ ਵਿਖੇ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਦੀ ਐਮਰਜੈਂਸੀ ਸਾਂਝੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਬੀਕੇਯੂ ਏਕਤਾ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕੀਤੀ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਅਮਰਜੀਤ ਹਨੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਸੇਵਾ ਕੇਂਦਰ ਮੁਲਾਜ਼ਮਾਂ ਦੇ ਪੰਜਾਬ ਪੱਧਰੀ ਸੰਘਰਸ਼ ਅਤੇ ਬਠਿੰਡਾ ਵਿੱਚ ਚੱਲ ਰਹੇ ਧਰਨੇ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਆਗੂਆਂ ਨੇ ਸਰਕਾਰ ਵੱਲੋਂ ਸੰਘਰਸ਼ ਕਰ ਰਹੇ ਮੁਲਾਜ਼ਮਾਂ 'ਤੇ ਕੀਤੇ ਜਾ ਰਹੇ ਜਬਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ ਨੇ ਪੰਜਾਬ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵੱਡੇ ਵਾਅਦੇ ਕੀਤੇ ਸਨ, ਪਰ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਵਾਅਦਿਆਂ ਨੂੰ ਭੁਲਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਚ ਪਿਛਲੇ ਦਸ ਸਾਲਾਂ ਤੋਂ ਸੇਵਾ ਨਿਭਾ ਰਹੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ ਹੈ। ਆਪਣੇ ਹੱਕਾਂ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੀਟਿੰਗ ਵਿਚ ਬੋਲਦਿਆਂ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਹਜ਼ਾਰਾਂ ਮੁਲਾਜ਼ਮ ਆਪਣੀਆਂ ਨੌਕਰੀਆਂ ਅਤੇ ਹੱਕਾਂ ਦੀ ਰੱਖਿਆ ਲਈ ਸੜਕਾਂ 'ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਦੇ ਮੈਦਾਨ ਵਿੱਚ ਹੈ, ਪਰ ਸਰਕਾਰ ਸ਼ਾਂਤਮਈ ਧਰਨੇ ਅਤੇ ਪ੍ਰਦਰਸ਼ਨ ਕਰਨ ਦਾ ਵੀ ਅਧਿਕਾਰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਮੀਟਿੰਗ ਵਿੱਚ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਸਾਂਝੇ ਸੰਘਰਸ਼ਾਂ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ। ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਬਠਿੰਡਾ ਵਿੱਚ ਸੇਵਾ ਕੇਂਦਰ ਮੁਲਾਜ਼ਮਾਂ ਦੇ ਚੱਲ ਰਹੇ ਸੰਘਰਸ਼ ਦੀ ਡਟਵੀਂ ਹਮਾਇਤ ਕੀਤੀ ਜਾਵੇਗੀ ਅਤੇ ਭਵਿੱਖ ਵਿਚ ਜਦੋਂ ਵੀ ਮੁਲਾਜ਼ਮ ਜਥੇਬੰਦੀਆਂ ਵੱਲੋਂ ਕੋਈ ਸੰਘਰਸ਼ੀ ਪ੍ਰੋਗਰਾਮ ਉਲੀਕਿਆ ਜਾਵੇਗਾ, ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਵੱਡੀ ਗਿਣਤੀ ਵਿਚ ਉਸ ਵਿਚ ਸ਼ਮੂਲੀਅਤ ਕਰਨਗੀਆਂ। ਇਸ ਉਪਰੰਤ ਸੰਯੁਕਤ ਕਿਸਾਨ ਮੋਰਚੇ ਅਤੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਬਠਿੰਡਾ ਵਿਚ ਚੱਲ ਰਹੇ ਸੇਵਾ ਕੇਂਦਰ ਮੁਲਾਜ਼ਮਾਂ ਦੇ ਧਰਨੇ ਵਿਚ ਵੀ ਸ਼ਾਮਲ ਹੋਏ ਅਤੇ ਆਪਣਾ ਸਮਰਥਨ ਪ੍ਰਗਟਾਇਆ। ਮੀਟਿੰਗ ਵਿਚ ਬੀਕੇਯੂ ਏਕਤਾ ਉਗਰਾਹਾਂ ਦੇ ਆਗੂ ਸਿਮਰਨਜੀਤ ਸਿੰਘ ਚੱਕ ਫਤਿਹ ਸਿੰਘ ਵਾਲਾ, ਬੀਕੇਯੂ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਬਿੰਦਰ ਕੋਟਲੀ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਅਕਲੀਆ, ਜਮਹੂਰੀ ਕਿਸਾਨ ਸਭਾ ਦੇ ਆਗੂ ਮਲਕੀਤ ਸਿੰਘ, ਬੀਕੇਯੂ ਡਕੌਂਦਾ (ਬੁਰਜ ਗਿੱਲ) ਦੇ ਮੀਤ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਬਖਸ਼ੀਸ਼ ਸਿੰਘ ਗੋਬਿੰਦਪੁਰਾ, ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਿੰਸੀਪਲ ਰਣਜੀਤ ਸਿੰਘ, ਫੈਡਰੇਸ਼ਨ ਦੇ ਆਗੂ ਹਰਨੇਕ ਸਿੰਘ ਗਹਿਰੀ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂ ਭੁਪਿੰਦਰ ਸਿੰਘ ਨਿਉਰ ਸਮੇਤ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਹਾਜ਼ਰ ਸਨ।