ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਜ਼ਿਲ੍ਹਾ ਪੰਜਾਬ ’ਚ ਮੋਹਰੀ, ਦੂਜੇ ਜ਼ਿਲ੍ਹਿਆਂ ਤੋਂ ਵੀ ਮਰੀਜ਼ ਕਰਵਾ ਰਹੇ ਇਲਾਜ
ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਜ਼ਿਲ੍ਹਾ ਪੰਜਾਬ ’ਚ ਮੋਹਰੀ
Publish Date: Tue, 09 Jun 2026 04:48 PM (IST)
Updated Date: Tue, 09 Jun 2026 04:50 PM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਠਿੰਡਾ ਨੇ ਸ਼ਾਨਦਾਰ ਕਾਰਗੁਜ਼ਾਰੀ ਕਰਦਿਆਂ ਸੂਬੇ ਭਰ ਵਿਚ ਮੋਹਰੀ ਸਥਾਨ ਹਾਸਲ ਕੀਤਾ ਹੈ। ਜ਼ਿਲ੍ਹੇ ਦੇ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿਚ ਨਾ ਸਿਰਫ਼ ਬਠਿੰਡਾ ਦੇ ਬਲਕਿ ਪੰਜਾਬ ਦੇ ਹੋਰ ਜ਼ਿਲ੍ਹਿਆਂ ਤੋਂ ਵੀ ਵੱਡੀ ਗਿਣਤੀ ਵਿਚ ਮਰੀਜ਼ ਇਲਾਜ ਕਰਵਾਉਣ ਲਈ ਪਹੁੰਚ ਰਹੇ ਹਨ, ਜੋ ਕਿ ਜ਼ਿਲ੍ਹੇ ਦੀਆਂ ਸਿਹਤ ਸੇਵਾਵਾਂ ਪ੍ਰਤੀ ਲੋਕਾਂ ਦੇ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਨੂੰ ਗੁਣਵੱਤਾ ਭਰਪੂਰ ਅਤੇ ਨਕਦੀ ਰਹਿਤ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਲਗਾਤਾਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ, ਜਿਸ ਕਾਰਨ ਵੱਧ ਤੋਂ ਵੱਧ ਲੋਕ ਇਸ ਯੋਜਨਾ ਨਾਲ ਜੁੜ ਕੇ ਇਸ ਦਾ ਲਾਭ ਲੈ ਰਹੇ ਹਨ। ਡਾ. ਤਪਿੰਦਰਜੋਤ ਨੇ ਕਿਹਾ ਕਿ ਜ਼ਿਲ੍ਹਾ ਬਠਿੰਡਾ ਦੇ ਸਿਹਤ ਅਦਾਰਿਆਂ ਵਿਚ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ, ਆਧੁਨਿਕ ਮੈਡੀਕਲ ਉਪਕਰਨਾਂ ਦੀ ਉਪਲਬਧਤਾ ਅਤੇ ਮਰੀਜ਼ਾਂ ਨੂੰ ਸਮੇਂ ਸਿਰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਕਾਰਨ ਹੋਰ ਜ਼ਿਲ੍ਹਿਆਂ ਦੇ ਲੋਕ ਵੀ ਆਪਣਾ ਇਲਾਜ ਕਰਵਾਉਣ ਲਈ ਇੱਥੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਜ਼ਿਲ੍ਹੇ ਦੇ ਸਮੂਹ ਸਿਹਤ ਅਮਲੇ ਦੀ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਠਿੰਡਾ ਵੱਲੋਂ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕਰਨਾ ਸਮੂਹ ਸਿਹਤ ਵਿਭਾਗ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਮਾਸ ਮੀਡੀਆ ਵਿੰਗ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਯੋਜਨਾ ਬਾਰੇ ਜਾਗਰੂਕ ਕਰਨ ਵਿਚ ਮਾਸ ਮੀਡੀਆ ਵਿੰਗ ਦਾ ਅਹਿਮ ਯੋਗਦਾਨ ਰਿਹਾ ਹੈ, ਜਿਸ ਨਾਲ ਯੋਜਨਾ ਦੀ ਪਹੁੰਚ ਵੱਡੇ ਪੱਧਰ ਤੇ ਲੋਕਾਂ ਤੱਕ ਯਕੀਨੀ ਬਣੀ ਹੈ। ਸਿਵਲ ਸਰਜਨ ਨੇ ਇਸ ਉਪਲਬਧੀ ਲਈ ਸਮੂਹ ਮੈਡੀਕਲ ਅਤੇ ਪੈਰਾਮੈਡੀਕਲ ਸਟਾਫ਼, ਆਸ਼ਾ ਵਰਕਰਾਂ ਅਤੇ ਸਿਹਤ ਵਿਭਾਗ ਨਾਲ ਜੁੜੇ ਹੋਰ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ, ਲਗਨ ਅਤੇ ਟੀਮ ਭਾਵਨਾ ਸਦਕਾ ਹੀ ਬਠਿੰਡਾ ਜ਼ਿਲ੍ਹਾ ਸਿਹਤ ਸੇਵਾਵਾਂ ਦੇ ਖੇਤਰ ਵਿਚ ਨਵੀਆਂ ਮਿਸਾਲਾਂ ਕਾਇਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਨਾਲ-ਨਾਲ ਹੋਰਨਾਂ ਜ਼ਿਲ੍ਹਿਆਂ ਦੇ ਲੋਕ ਵੀ ਇੱਥੇ ਆ ਕੇ ਸਿਹਤ ਸੇਵਾਵਾਂ ਦਾ ਲਾਭ ਲੈ ਰਹੇ ਹਨ, ਜੋ ਕਿ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਲੋੜਵੰਦ ਮਰੀਜ਼ ਨੂੰ ਸਮੇਂ ਸਿਰ, ਮਿਆਰੀ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਸਮੂਹ ਸਿਹਤ ਅਮਲੇ ਨੂੰ ਅਪੀਲ ਕੀਤੀ ਕਿ ਉਹ ਇਸੇ ਤਰ੍ਹਾਂ ਮਿਹਨਤ ਅਤੇ ਸਮਰਪਣ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਸਿਹਤ ਯੋਜਨਾਵਾਂ ਬਾਰੇ ਹੋਰ ਜਾਗਰੂਕ ਕਰਨ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਯਤਨਸ਼ੀਲ ਰਹਿਣ, ਤਾਂ ਜੋ ਜ਼ਿਲ੍ਹਾ ਬਠਿੰਡਾ ਭਵਿੱਖ ਵਿੱਚ ਵੀ ਆਪਣੀ ਮੋਹਰੀ ਸਥਿਤੀ ਕਾਇਮ ਰੱਖ ਸਕੇ।