ਥਰਮਲ ਦੇ ਆਊਟਸੋਰਸ਼ਡ ਮੁਲਾਜ਼ਮਾਂ ਦਾ ਧਰਨਾ ਚੌਥੇ ਦਿਨ ਜਾਰੀ
ਥਰਮਲ ਦੇ ਆਊਟਸੋਰਸ਼ਡ ਮੁਲਾਜ਼ਮਾਂ ਦਾ ਧਰਨਾ ਚੌਥੇ ਦਿਨ ਜਾਰੀ
Publish Date: Fri, 12 Jun 2026 05:13 PM (IST)
Updated Date: Fri, 12 Jun 2026 05:14 PM (IST)

ਹਰਮੇਲ ਸਾਗਰ, ਪੰਜਾਬੀ ਜਾਗਰਣ ਭੁੱਚੋ ਮੰਡੀ ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ’ਤੇ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿਚ ਮਰਜ਼ ਕਰਨ ਦੇ ਫੈਸਲੇ ਨੂੰ ਲਾਗੂ ਕਰਵਾਉਣ ਲਈ ਪਰਿਵਾਰਾਂ ਸਮੇਤ ਸ਼ੁਰੂ ਕੀਤਾ ਗਿਆ ਧਰਨਾ ਲਗਾਤਾਰ ਚੌਥੇ ਦਿਨ ਵੀ ਜਾਰੀ ਰਿਹਾ। ਧਰਨੇ ਨੂੰ ਸੰਬੋਧਨ ਕਰਦਿਆਂ ਤਾਲਮੇਲ ਕਮੇਟੀ ਦੇ ਸੂਬਾਈ ਆਗੂ ਜਗਰੂਪ ਸਿੰਘ ਲਹਿਰਾ, ਜਗਸੀਰ ਸਿੰਘ ਭੰਗੂ, ਬਲਜਿੰਦਰ ਸਿੰਘ ਮਾਨ, ਲਛਮਣ ਸਿੰਘ ਰਾਮਪੁਰਾ, ਹਰਜਿੰਦਰ ਸਿੰਘ ਰਾਜੂ, ਨਾਇਬ ਸਿੰਘ ਲਹਿਰਾ, ਜਗਤਾਰ ਸਿੰਘ ਸੰਧੂ, ਹਰਦੀਪ ਸਿੰਘ ਤੱਗੜ ਅਤੇ ਦੌਲਤ ਰਾਮ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਦੇ ਹਜ਼ਾਰਾਂ ਆਊਟਸੋਰਸਡ ਮੁਲਾਜ਼ਮ ਲੰਬੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮ ਲਗਾਤਾਰ ਵਿਭਾਗ ਵਿਚ ਪੱਕੇ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਰਧਾਰਤ ਕਰਨ ਦੀ ਮੰਗ ਲਈ ਸੰਘਰਸ਼ ਕਰ ਰਹੇ ਹਨ, ਪਰ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਇਸ ਮਾਮਲੇ ਨੂੰ ਲਗਾਤਾਰ ਟਾਲ ਰਹੀ ਹੈ। ਆਗੂਆਂ ਨੇ ਦੱਸਿਆ ਕਿ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੇ ਦਬਾਅ ਹੇਠ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ 24 ਮਈ ਨੂੰ ਖੰਨਾ ਵਿਖੇ ਹੋਈ ਪੈਨਲ ਮੀਟਿੰਗ ਦੌਰਾਨ ਚੋਣ ਜ਼ਾਬਤਾ ਖ਼ਤਮ ਹੋਣ ਉਪਰੰਤ ਜੂਨ ਦੇ ਪਹਿਲੇ ਹਫ਼ਤੇ ਵਿਚ ਆਊਟਸੋਰਸਡ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਉਸ ਲਿਖਤੀ ਫੈਸਲੇ ਤੋਂ ਪਿੱਛੇ ਹਟ ਰਹੀ ਹੈ। ਉਨ੍ਹਾਂ ਕਿਹਾ ਕਿ 9 ਜੂਨ ਤੋਂ ਸੂਬੇ ਭਰ ਵਿੱਚ ਆਪਣੇ-ਆਪਣੇ ਦਫ਼ਤਰਾਂ ਅੱਗੇ ਪਰਿਵਾਰਾਂ ਸਮੇਤ ਧਰਨੇ ਸ਼ੁਰੂ ਕੀਤੇ ਗਏ ਹਨ, ਜੋ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਵਿਭਾਗ ਵਿਚ ਮਰਜ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ 14 ਜੂਨ ਤੱਕ ਮੈਨੇਜਮੈਂਟ ਵੱਲੋਂ ਮਰਜ ਕਰਨ ਦਾ ਫੈਸਲਾ ਲਾਗੂ ਨਾ ਕੀਤਾ ਗਿਆ ਤਾਂ ਸੂਬੇ ਭਰ ਦੇ ਠੇਕਾ ਮੁਲਾਜ਼ਮ ਆਪਣੇ ਪਰਿਵਾਰਾਂ ਸਮੇਤ ਖੰਨਾ ਸਥਿਤ ਬਿਜਲੀ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ। ਧਰਨੇ ਨੂੰ ਭਰਾਤਰੀ ਹਮਾਇਤ ਦਿੰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਬੀਕੇਯੂ ਡਕੌਂਦਾ ਧਨੇਰ ਗਰੁੱਪ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਟੀ.ਐੱਸ.ਯੂ. ਦੇ ਅੰਗਰੇਜ਼ ਸਿੰਘ ਧੂਰਕੋਟ ਅਤੇ ਪੰਜਾਬ ਸਟੂਡੈਂਟ ਯੂਨੀਅਨ ਦੇ ਬਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ। ਧਰਨੇ ਤੋਂ ਬਾਅਦ ਠੇਕਾ ਮੁਲਾਜ਼ਮਾਂ ਵੱਲੋਂ ਰਾਮਪੁਰਾ ਸ਼ਹਿਰ, ਕੋਟੜਾ ਕੌੜਾ, ਲਹਿਰਾ ਧੂਰਕੋਟ ਅਤੇ ਲਹਿਰਾ ਸੌਧਾ ਵਿਖੇ ਝੰਡਾ ਮਾਰਚ ਕੱਢ ਕੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਰੋਸ ਪ੍ਰਗਟਾਇਆ ਗਿਆ।