ਆਪ ਸਰਕਾਰ ਰਾਖਵੇਂ ਵਿਧਾਨ ਸਭਾ ਹਲਕਿਆਂ ਨੂੰ ਕਰ ਰਹੀ ਹੈ ਅਣਗੌਲਿਆ : ਅਵਤਾਰ ਸਿੰਘ ਕੋਟੜਾ
ਆਪ ਸਰਕਾਰ ਰਾਖਵੇਂ ਵਿਧਾਨ ਸਭਾ ਹਲਕਿਆਂ ਨੂੰ ਕਰ ਰਹੀ ਹੈ ਅਣਗੌਲਿਆ: ਅਵਤਾਰ ਸਿੰਘ ਕੋਟੜਾ
Publish Date: Tue, 16 Jun 2026 04:16 PM (IST)
Updated Date: Tue, 16 Jun 2026 04:18 PM (IST)

ਕਿਹਾ-ਕਾਂਗਰਸ ਦੀ ਸਰਕਾਰ ਬਣਨ ’ਤੇ ਬਠਿੰਡਾ ਦਿਹਾਤੀ ਹਲਕੇ ਨੂੰ ਵਿਕਾਸ ਪੱਖੋਂ ਲਿਆਂਦਾ ਜਾਵੇਗਾ ਨਕਸ਼ੇ ’ਤੇ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਬਠਿੰਡਾ ਦਿਹਾਤੀ ਦੇ ਸੇਵਾਦਾਰ ਅਵਤਾਰ ਸਿੰਘ ਕੋਟੜਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਮੌਜੂਦਾ ਸਰਕਾਰ ਹਰ ਫਰੰਟ ’ਤੇ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਬਠਿੰਡਾ ਦਿਹਾਤੀ ਹਲਕੇ ਦੇ ਵਿਕਾਸ ਵੱਲ ਕੋਈ ਖਾਸ ਧਿਆਨ ਨਹੀਂ ਦਿੱਤਾ, ਜਿਸ ਕਾਰਨ ਇਹ ਹਲਕਾ ਵਿਕਾਸ ਦੇ ਮਾਮਲੇ ਵਿੱਚ ਕਾਫ਼ੀ ਪਿੱਛੇ ਰਹਿ ਗਿਆ ਹੈ। ਇੱਕ ਬਿਆਨ ਜਾਰੀ ਕਰਦਿਆਂ ਅਵਤਾਰ ਸਿੰਘ ਕੋਟੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਹੈ, ਵਿਕਾਸ ਕਾਰਜ ਠੱਪ ਪਏ ਹਨ ਅਤੇ ਲੋਕ ਅੱਜ ਵੀ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਸਿਹਤ ਸਹੂਲਤਾਂ ਵਰਗੀਆਂ ਮੁੱਢਲੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਕੋਟੜਾ ਨੇ ਕਿਹਾ ਕਿ ਖਾਸ ਕਰਕੇ ਰਾਖਵੇਂ ਹਲਕਿਆਂ ਵੱਲ ਸਰਕਾਰ ਦੀ ਅਣਦੇਖੀ ਚਿੰਤਾਜਨਕ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਅਤੇ ਦਲਿਤ ਭਾਈਚਾਰੇ ਨਾਲ ਸਬੰਧਤ ਹਲਕਿਆਂ ਦੇ ਵਿਕਾਸ ਨੂੰ ਤਰਜੀਹ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਬਠਿੰਡਾ ਦਿਹਾਤੀ ਇੱਕ ਰਾਖਵਾਂ ਹਲਕਾ ਹੈ, ਪਰ ਇੱਥੇ ਵਿਕਾਸ ਕਾਰਜ ਨਹੀਂ ਹੋ ਰਹੇ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਦਲਿਤ ਵਰਗ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਦੇ ਦਾਅਵੇ ਸਿਰਫ਼ ਕਾਗਜ਼ਾਂ ਤਕ ਹੀ ਸੀਮਤ ਹਨ। ਜੇਕਰ ਸਰਕਾਰ ਦੇ ਕੰਮਾਂ ਦਾ ਜਾਇਜ਼ਾ ਲਿਆ ਜਾਵੇ ਤਾਂ ਪਤਾ ਲੱਗਦਾ ਹੈ ਕਿ ਲੋਕਾਂ ਨੂੰ ਅਜੇ ਤਕ ਉਨ੍ਹਾਂ ਵਾਅਦਿਆਂ ਦਾ ਕੋਈ ਲਾਭ ਨਹੀਂ ਮਿਲਿਆ, ਜੋ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ, ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਪਿੰਡਾਂ ਦੇ ਵਿਕਾਸ ਲਈ ਵੀ ਸਰਕਾਰ ਕੋਈ ਪ੍ਰਭਾਵਸ਼ਾਲੀ ਨੀਤੀ ਨਹੀਂ ਬਣਾ ਸਕੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਮੁੜ ਕਾਂਗਰਸ ਪਾਰਟੀ ਵੱਲ ਵੱਧ ਰਿਹਾ ਹੈ, ਕਿਉਂਕਿ ਕਾਂਗਰਸ ਨੇ ਹਮੇਸ਼ਾ ਹਰ ਵਰਗ ਦੇ ਵਿਕਾਸ ਅਤੇ ਭਲਾਈ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜੇਕਰ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਬਠਿੰਡਾ ਦਿਹਾਤੀ ਹਲਕੇ ਨੂੰ ਵਿਕਾਸ ਪੱਖੋਂ ਇੱਕ ਨਵੀਂ ਪਛਾਣ ਦਿੱਤੀ ਜਾਵੇਗੀ। ਹਲਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸੜਕਾਂ, ਸਿੱਖਿਆ, ਸਿਹਤ ਅਤੇ ਹੋਰ ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ। ਕੋਟੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸਮਾਜ ਦੇ ਕਮਜ਼ੋਰ ਅਤੇ ਪਿਛੜੇ ਵਰਗਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਦਲਿਤ, ਕਿਸਾਨ, ਮਜ਼ਦੂਰ ਅਤੇ ਆਮ ਲੋਕਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ।