ਪੰਜਾਬ ਦੇ ਲੋਕ ਉਡੀਕ ਰਹੇ ਨੇ ਡਬਲ ਇੰਜਣ ਸਰਕਾਰ , ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਭਾਜਪਾ ਹੀ ਬਦਲ ਹੈ : ਜੱਸੀ
ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਭਾਜਪਾ ਹੀ ਬਦਲ ਹੈ : ਜੱਸੀ
Publish Date: Thu, 18 Jun 2026 05:46 PM (IST)
Updated Date: Thu, 18 Jun 2026 05:48 PM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਹਰਿਮੰਦਰ ਸਿੰਘ ਜੱਸੀ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਹੁਣ ਸੂਬੇ ਵਿੱਚ ਡਬਲ ਇੰਜਣ ਸਰਕਾਰ ਬਣਨ ਦੀ ਉਡੀਕ ਕਰ ਰਹੇ ਹਨ, ਕਿਉਂਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਵਿਕਾਸ ਕਾਰਜਾਂ ਦੀ ਰਫ਼ਤਾਰ ਸੁਸਤ ਪਈ ਹੈ ਅਤੇ ਆਮ ਲੋਕਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੀ ਰਾਹ ’ਤੇ ਲਿਆਉਣ ਲਈ ਇਕ ਮਜ਼ਬੂਤ, ਦੂਰਅੰਦੇਸ਼ ਅਤੇ ਲੋਕ-ਹਿਤੈਸ਼ੀ ਸਰਕਾਰ ਦੀ ਲੋੜ ਹੈ। ਜੱਸੀ ਨੇ ਕਿਹਾ ਕਿ ਪੰਜਾਬ ਕਦੇ ਦੇਸ਼ ਦਾ ਮੋਹਰੀ ਸੂਬਾ ਮੰਨਿਆ ਜਾਂਦਾ ਸੀ। ਖੇਤੀਬਾੜੀ, ਉਦਯੋਗ, ਵਪਾਰ, ਸਿੱਖਿਆ, ਖੇਡਾਂ ਅਤੇ ਸੱਭਿਆਚਾਰਕ ਖੇਤਰ ਵਿੱਚ ਪੰਜਾਬ ਨੇ ਪੂਰੇ ਦੇਸ਼ ਨੂੰ ਦਿਸ਼ਾ ਦਿੱਤੀ ਸੀ। ਪੰਜਾਬ ਦੇ ਕਿਸਾਨਾਂ ਨੇ ਦੇਸ਼ ਨੂੰ ਅਨਾਜ ਦੇ ਖੇਤਰ ਵਿੱਚ ਆਤਮ ਨਿਰਭਰ ਬਣਾਇਆ ਅਤੇ ਇੱਥੋਂ ਦੇ ਉਦਯੋਗਾਂ ਨੇ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤੀ ਪ੍ਰਦਾਨ ਕੀਤੀ, ਪਰ ਪਿਛਲੇ ਕਈ ਸਾਲਾਂ ਦੌਰਾਨ ਸੂਬੇ ਦੀਆਂ ਵੱਖ-ਵੱਖ ਸਰਕਾਰਾਂ ਦੀਆਂ ਗਲਤ ਨੀਤੀਆਂ, ਕਮਜ਼ੋਰ ਪ੍ਰਸ਼ਾਸਨ ਅਤੇ ਵਿਕਾਸ ਪ੍ਰਤੀ ਗੰਭੀਰਤਾ ਦੀ ਘਾਟ ਕਾਰਨ ਪੰਜਾਬ ਦੀ ਤਰੱਕੀ ਦੀ ਰਫ਼ਤਾਰ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕਈ ਗੰਭੀਰ ਸਮੱਸਿਆਵਾਂ ਨਾਲ ਘਿਰਿਆ ਹੋਇਆ ਹੈ। ਕਾਨੂੰਨ-ਵਿਵਸਥਾ ਦੀ ਸਥਿਤੀ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣ ਚੁੱਕੀ ਹੈ। ਸੂਬੇ ਵਿਚ ਫਿਰੌਤੀਆਂ ਦੀਆਂ ਵਾਰਦਾਤਾਂ, ਗੈਂਗਸਟਰ ਗਤੀਵਿਧੀਆਂ, ਨਸ਼ਿਆਂ ਦਾ ਵਧਦਾ ਕਾਰੋਬਾਰ ਅਤੇ ਦਿਨ-ਦਿਹਾੜੇ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਰਹੀਆਂ ਹਨ। ਆਮ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਅਤੇ ਵਪਾਰੀ ਵਰਗ ਵੀ ਚਿੰਤਾ ਵਿਚ ਹੈ। ਨਸ਼ਿਆਂ ਦੀ ਸਮੱਸਿਆ ਪੰਜਾਬ ਦੇ ਭਵਿੱਖ ਲਈ ਸਭ ਤੋਂ ਵੱਡੀ ਚੁਣੌਤੀ ਬਣ ਚੁੱਕੀ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਜਾਲ ਤੋਂ ਬਚਾਉਣ ਲਈ ਠੋਸ ਅਤੇ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਨਹੀਂ ਕੀਤਾ ਜਾਂਦਾ, ਉਦੋਂ ਤੱਕ ਪੰਜਾਬ ਦਾ ਭਵਿੱਖ ਸੁਰੱਖਿਅਤ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਸੂਬੇ ਦੀ ਆਰਥਿਕਤਾ ਵੀ ਗੰਭੀਰ ਦਬਾਅ ਹੇਠ ਹੈ। ਉਦਯੋਗਿਕ ਨਿਵੇਸ਼ ਘਟਣ ਕਾਰਨ ਨਵੇਂ ਰੋਜ਼ਗਾਰ ਦੇ ਮੌਕੇ ਪੈਦਾ ਨਹੀਂ ਹੋ ਰਹੇ। ਕਈ ਉਦਯੋਗਿਕ ਇਕਾਈਆਂ ਹੋਰ ਸੂਬਿਆਂ ਵੱਲ ਰੁਖ ਕਰ ਰਹੀਆਂ ਹਨ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਘੱਟ ਰਹੇ ਹਨ। ਇਸ ਕਾਰਨ ਵੱਡੀ ਗਿਣਤੀ ਵਿੱਚ ਨੌਜਵਾਨ ਉੱਚ ਸਿੱਖਿਆ ਅਤੇ ਰੋਜ਼ਗਾਰ ਲਈ ਵਿਦੇਸ਼ਾਂ ਵੱਲ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਮੁੜ ਰਫ਼ਤਾਰ ਦਿੱਤੀ ਜਾਵੇ ਤਾਂ ਨੌਜਵਾਨਾਂ ਨੂੰ ਆਪਣੇ ਹੀ ਸੂਬੇ ਵਿੱਚ ਬਿਹਤਰ ਭਵਿੱਖ ਮਿਲ ਸਕਦਾ ਹੈ। ਵਧ ਰਹੀਆਂ ਲਾਗਤਾਂ, ਪਾਣੀ ਦੇ ਘਟਦੇ ਸਰੋਤ, ਮੰਡੀ ਪ੍ਰਬੰਧਾਂ ਦੀਆਂ ਕਮੀਆਂ ਅਤੇ ਕੁਦਰਤੀ ਆਫ਼ਤਾਂ ਕਾਰਨ ਕਿਸਾਨ ਪਰੇਸ਼ਾਨ ਹਨ। ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀ ਨੂੰ ਲਾਭਕਾਰੀ ਬਣਾਉਣ ਲਈ ਨਵੀਆਂ ਨੀਤੀਆਂ ਅਤੇ ਯੋਜਨਾਵਾਂ ਦੀ ਲੋੜ ਹੈ। ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੀ ਹੋਰ ਸੁਧਾਰਾਂ ਦੀ ਲੋੜ ਹੈ। ਜੱਸੀ ਨੇ ਕਿਹਾ ਕਿ ਭਾਜਪਾ ਦਾ ਡਬਲ ਇੰਜਣ ਸਰਕਾਰ ਦਾ ਮਾਡਲ ਦੇਸ਼ ਦੇ ਕਈ ਸੂਬਿਆਂ ਵਿੱਚ ਸਫਲ ਸਾਬਤ ਹੋਇਆ ਹੈ। ਸਾਬਕਾ ਮੰਤਰੀ ਜੱਸੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਰਾਜਨੀਤੀ ਤੋਂ ਉੱਪਰ ਉੱਠ ਕੇ ਵਿਕਾਸ ਅਤੇ ਸੁਸ਼ਾਸਨ ਦੀ ਰਾਜਨੀਤੀ ਨੂੰ ਤਰਜੀਹ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਜਨਤਾ ਭਾਜਪਾ ਨੂੰ ਇੱਕ ਮਜ਼ਬੂਤ ਵਿਕਲਪ ਵਜੋਂ ਦੇਖ ਰਹੀ ਹੈ ਅਤੇ ਲੋਕਾਂ ਦਾ ਸਮਰਥਨ ਲਗਾਤਾਰ ਵਧ ਰਿਹਾ ਹੈ।