‘ਆਪ’ ਵੱਲੋਂ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਅੱਗੇ ਰੋਸ ਧਰਨਾ
ਆਪ ਵੱਲੋਂ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਅੱਗੇ ਰੋਸ ਧਰਨਾ
Publish Date: Sat, 20 Jun 2026 04:23 PM (IST)
Updated Date: Sat, 20 Jun 2026 04:39 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ। ਆਮ ਆਦਮੀ ਪਾਰਟੀ (ਆਪ) ਵੱਲੋਂ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਦੀ ਅਗਵਾਈ ਹੇਠ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਆਪ ਆਗੂਆਂ ਅਤੇ ਵਰਕਰਾਂ ਨੇ ਸ੍ਰੋਮਣੀ ਅਕਾਲੀ ਦਲ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਅਕਾਲੀ ਦਲ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਛਵੀ ਨੂੰ ਖ਼ਰਾਬ ਕਰਨ ਲਈ ਗੁੰਮਰਾਹਕੁੰਨ ਪ੍ਰਚਾਰ ਕਰ ਰਿਹਾ ਹੈ।
ਧਰਨੇ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਲਈ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾਏ ਜਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਕ ਫਰਜ਼ੀ ਵੀਡੀਓ ਨੂੰ ਸੋਸ਼ਲ ਮੀਡੀਆ ਤੇ ਵਾਇਰਲ ਕਰਨ ਦੇ ਪਿੱਛੇ ਅਕਾਲੀ ਦਲ ਦੇ ਆਗੂਆਂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਇਸ ਵੀਡੀਓ ਵਿਚ ਦਿਖਾਈ ਜਾ ਰਹੀ ਸਮੱਗਰੀ ਦਾ ਸੱਚਾਈ ਨਾਲ ਕੋਈ ਸਬੰਧ ਨਹੀਂ ਹੈ ਅਤੇ ਇਹ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਦੀ ਇਕ ਕੋਸ਼ਿਸ਼ ਹੈ। ਭੱਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਪੂਰੀ ਤਰ੍ਹਾਂ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਅਜਿਹੇ ਝੂਠੇ ਪ੍ਰਚਾਰ ਤੋਂ ਗੁੰਮਰਾਹ ਨਹੀਂ ਹੋਣਗੇ। ਅਕਾਲੀ ਦਲ ਵੱਲੋਂ ਬੇਲੋੜੇ ਵਿਵਾਦ ਖੜ੍ਹੇ ਕਰਕੇ ਲੋਕਾਂ ਦਾ ਧਿਆਨ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਸਿੱਖਿਆ, ਸਿਹਤ, ਬਿਜਲੀ ਅਤੇ ਭ੍ਰਿਸ਼ਟਾਚਾਰ ਵਿਰੋਧੀ ਖੇਤਰਾਂ ਵਿੱਚ ਕਈ ਇਤਿਹਾਸਕ ਫ਼ੈਸਲੇ ਲਏ ਹਨ। ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਬਿਜਲੀ, ਸਕੂਲਾਂ ਦੀ ਸਥਿਤੀ ਵਿੱਚ ਸੁਧਾਰ, ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਅਤੇ ਹੋਰ ਵਿਕਾਸ ਕਾਰਜਾਂ ਰਾਹੀਂ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਜਾ ਰਿਹਾ ਹੈ। ਪਰ ਵਿਰੋਧੀ ਧਿਰ ਇਨ੍ਹਾਂ ਮੁੱਦਿਆਂ ਤੇ ਚਰਚਾ ਕਰਨ ਦੀ ਬਜਾਏ ਬੇਬੁਨਿਆਦ ਦੋਸ਼ਾਂ ਦੀ ਰਾਜਨੀਤੀ ਕਰ ਰਹੀ ਹੈ। ਚੇਅਰਮੈਨ ਰਾਕੇਸ਼ ਪੁਰੀ, ਚੇਅਰਮੈਨ ਐਡਵੋਕੇਟ ਨਵਦੀਪ ਜੀਦਾ ਨੇ ਕਿਹਾ ਕਿ ਜੇਕਰ ਸ੍ਰੋਮਣੀ ਅਕਾਲੀ ਦਲ ਨੂੰ ਕਿਸੇ ਵੀ ਮੁੱਦੇ ਤੇ ਬਹਿਸ ਕਰਨੀ ਹੈ ਤਾਂ ਉਹ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਲੋਕ ਭਲਾਈ ਦੇ ਕੰਮਾਂ, ਵਿਕਾਸ ਪ੍ਰੋਜੈਕਟਾਂ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਕਰੇ। ਉਨ੍ਹਾਂ ਕਿਹਾ ਕਿ ਝੂਠੇ ਪ੍ਰਚਾਰ ਅਤੇ ਫਰਜ਼ੀ ਵੀਡੀਓਆਂ ਦੇ ਸਹਾਰੇ ਰਾਜਨੀਤੀ ਕਰਨ ਨਾਲ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਹਾਸਲ ਨਹੀਂ ਕੀਤਾ ਜਾ ਸਕਦਾ। ਆਪ ਆਗੂਆਂ ਨੇ ਦੋਸ਼ ਲਾਇਆ ਕਿ ਅਕਾਲੀ ਦਲ ਆਪਣੀ ਰਾਜਨੀਤਕ ਹੋਂਦ ਬਚਾਉਣ ਲਈ ਧਰਮ ਅਤੇ ਜਾਤ-ਪਾਤ ਦੀ ਰਾਜਨੀਤੀ ਦਾ ਸਹਾਰਾ ਲੈ ਰਿਹਾ ਹੈ, ਜਦਕਿ ਪੰਜਾਬ ਦੇ ਲੋਕ ਵਿਕਾਸ, ਰੁਜ਼ਗਾਰ, ਸਿੱਖਿਆ ਅਤੇ ਸਿਹਤ ਵਰਗੇ ਮੁੱਦਿਆਂ ਤੇ ਰਾਜਨੀਤੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਪੁਰਾਣੀ ਰਵਾਇਤੀ ਰਾਜਨੀਤੀ ਤੋਂ ਅੱਗੇ ਵੱਧ ਚੁੱਕੇ ਹਨ ਅਤੇ ਉਹ ਕੰਮ ਕਰਨ ਵਾਲੀ ਸਰਕਾਰ ਨੂੰ ਹੀ ਸਮਰਥਨ ਦੇਣਗੇ। ਭੱਲਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੇ ਆਗੂਆਂ ਜਾਂ ਮੁੱਖ ਮੰਤਰੀ ਖ਼ਿਲਾਫ਼ ਇਸ ਤਰ੍ਹਾਂ ਦਾ ਝੂਠਾ ਅਤੇ ਗੁੰਮਰਾਹਕੁੰਨ ਪ੍ਰਚਾਰ ਜਾਰੀ ਰਿਹਾ ਤਾਂ ਪਾਰਟੀ ਦੇ ਵਲੰਟੀਅਰ ਅਤੇ ਵਰਕਰ ਲੋਕਤੰਤਰਿਕ ਤਰੀਕੇ ਨਾਲ ਇਸ ਦਾ ਮੂੰਹ ਤੋੜ ਜਵਾਬ ਦੇਣਗੇ।