- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਮਿਊਨਟੀ ਹੈਲਥ ਅਫਸਰਾਂ ਦੀ ਹੜਤਾਲ ਸ਼ੁਰੂ, ਪੇਂਡੂ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ
ਬਠਿੰਡਾ
ਐਨਐਚਐਮ ਅਤੇ ਸਿਹਤ ਵਿਭਾਗ ਪੰਜਾਬ ਅਧੀਨ ਪੇਂਡੂ ਖੇਤਰਾਂ ਵਿੱਚ ਕੰਮ ਕਰ ਰਹੇ ਕਮਿਊਨਿਟੀ ਹੈਲਥ ਅਫਸਰਾਂ (ਸੀਐਚਓਜ਼) ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ ਕੰਮ ਬੰਦ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਇਸ ਹੜਤਾਲ ਕਾਰਨ ਪੇਂਡੂ ਖੇਤਰਾਂ ਵਿਚ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਕਮਿਊਨਟੀ ਹੈਲਥ ਅਫ਼ਸਰਾਂ ਨੇ ਸੋਮਵਾਰ ਨੂੰ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਪੇਂਡੂ ਸਿਹਤ ਸੇਵਾਵਾਂ ਅੱਜ ਪ੍ਰਭਾਵਿਤ ਰਹੀਆਂ। ਲੋਕ ਆਪਣੇ ਇਲਾਜ ਲਈ ਕੇਂਦਰਾਂ ਵਿਚ ਗਏ ਪਰ ਕਈਆਂ ਨੂੰ ਨਿਰਾਸ਼ ਪਰਤਣਾ ਪਿਆ। ਜ਼ਿਲ੍ਹਾ ਹਸਪਤਾਲ ਬਠਿੰਡਾ ਵਿਖੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਸੀਐਚਓਜ਼ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਹਸਪਤਾਲ ਕੰਪਲੈਕਸ “ਪੰਜਾਬ ਸਰਕਾਰ ਮੁਰਦਾਬਾਦ” ਅਤੇ “ਸਿਹਤ ਕਰਮਚਾਰੀ ਪੱਕੇ ਕਰੋ” ਵਰਗੇ ਨਾਅਰਿਆਂ ਨਾਲ ਗੂੰਜ ਉੱਠਿਆ। ਪ੍ਰਦਰਸ਼ਨਕਾਰੀਆਂ ਨੇ ਸਿਵਲ ਸਰਜਨ ਦਫਤਰ ਅੱਗੇ ਧਰਨਾ ਲਗਾ ਕੇ ਆਪਣੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ। ਸੀਐਚਓ ਐਸੋਸੀਏਸ਼ਨ ਦੀ ਸੂਬਾ ਕਮੇਟੀ ਮੈਂਬਰ ਰਮਨਵੀਰ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਮਿਊਨਿਟੀ ਹੈਲਥ ਅਫਸਰ ਪਿਛਲੇ ਕਈ ਸਾਲਾਂ ਤੋਂ ਪੇਂਡੂ ਖੇਤਰਾਂ ਵਿੱਚ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਸਿਹਤ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਸਮੇਤ ਕਈ ਕੁਦਰਤੀ ਆਫਤਾਂ ਦੌਰਾਨ ਵੀ ਸੀਐਚਓਜ਼ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਡਿਊਟੀ ਨਿਭਾਈ, ਪਰ ਹੁਣ ਤਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ। ਉਹ ਆਪਣੀਆਂ ਮੰਗਾਂ ਲਈ ਸਰਕਾਰ ਨੂੰ ਵਾਰ ਵਾਰ ਅਪੀਲਾਂ ਕਰਦੇ ਨਜ਼ਰ ਆ ਰਹੇ ਹਨ, ਪਰ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਸਿਹਤ ਵਿਭਾਗ ਵੱਲੋਂ ਲਾਗੂ ਕੀਤੇ ਜਾ ਰਹੇ ਨਵੇਂ ਇਨਸੈਂਟਿਵ ਪਰਫਾਰਮਾ ਕਾਰਨ ਕਰਮਚਾਰੀਆਂ ਉੱਤੇ ਵਾਧੂ ਕੰਮ ਦਾ ਬੋਝ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਆਰਥਿਕ ਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਤਨਖਾਹਾਂ ਵਿੱਚ ਵੱਡਾ ਅੰਤਰ ਹੋਣ ਕਰਕੇ ਵੀ ਕਰਮਚਾਰੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ। ਰਮਨਵੀਰ ਕੌਰ ਨੇ ਕਿਹਾ ਕਿ ਸਰਕਾਰ ਅਤੇ ਵਿਭਾਗ ਨੂੰ ਕਈ ਵਾਰ ਲਿਖਤੀ ਅਤੇ ਮੌਖਿਕ ਰੂਪ ਵਿੱਚ ਮੰਗਾਂ ਸਬੰਧੀ ਜਾਣੂ ਕਰਵਾਇਆ ਗਿਆ, ਪਰ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ। ਇਸ ਕਾਰਨ ਕਰਮਚਾਰੀਆਂ ਨੂੰ ਮਜਬੂਰੀਵਸ਼ ਸੰਘਰਸ਼ ਦਾ ਰਸਤਾ ਅਪਣਾਉਣਾ ਪਿਆ ਹੈ। ਪ੍ਰਦਰਸ਼ਨ ਦੌਰਾਨ ਸੀਐਚਓਜ਼ ਨੇ ਨਵੇਂ ਇਨਸੈਂਟਿਵ ਪਰਫਾਰਮਾ ਨੂੰ “ਤਾਨਾਸ਼ਾਹੀ ਹੁਕਮ” ਕਰਾਰ ਦਿੰਦਿਆਂ ਉਸ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟਾਇਆ।
ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸਿਵਲ ਸਰਜਨ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ ਗਿਆ। ਮੰਗਾਂ ਵਿੱਚ ਬਰਾਬਰ ਕੰਮ ਲਈ ਬਰਾਬਰ ਤਨਖਾਹ, ਹੋਰ ਸੂਬਿਆਂ ਦੇ ਮੁਕਾਬਲੇ ਘੱਟ ਮਿਲ ਰਹੀ ਤਨਖਾਹ ਵਿੱਚ ਵਾਧਾ, ਨਵਾਂ ਇਨਸੈਂਟਿਵ ਪਰਫਾਰਮਾ ਵਾਪਸ ਲੈਣਾ, ਸੀਐਚਓ ਕੇਡਰ ਦੀ ਸਨਕਸ਼ਨ ਅਤੇ ਸਥਾਈ ਨਿਯੁਕਤੀ (ਰੈਗੂਲਰ ਕਰਨਾ), ਲੋਇਲਟੀ ਬੋਨਸ ਜਾਰੀ ਕਰਨਾ ਅਤੇ ਇਨਸੈਂਟਿਵ ਨੂੰ ਤਨਖਾਹ ਵਿੱਚ ਮਰਜ ਕਰਨ ਦੀ ਮੰਗ ਸ਼ਾਮਲ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ 1 ਜੁਲਾਈ ਤਕ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਇਹ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ। ਨਾਲ ਹੀ 2 ਜੁਲਾਈ ਨੂੰ ਸੂਬਾ ਪੱਧਰੀ ਧਰਨਾ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਲਗਾਇਆ ਜਾਵੇਗਾ। ਜੇਕਰ ਕਮਿਊਨਟੀ ਹੈਲਥ ਅਫ਼ਸਰਾਂ ਦੀ ਹੜਤਾਲ ਜਾਰੀ ਰਹਿੰਦੀ ਹੈ ਤਾਂ ਪੇਂਡੂ ਖੇਤਰ ਦੀਆਂ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੀਆਂ ਹਨ।