ਮੁੱਖ ਮੰਤਰੀ ਭਗਵੰਤ ਮਾਨ ਦਾ ਮੰਡੀ ਕਲਾਂ ਦੌਰਾ ਅੱਜ, ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ
ਮੁੱਖ ਮੰਤਰੀ ਭਗਵੰਤ ਮਾਨ ਦਾ ਮੰਡੀ ਕਲਾਂ ਦੌਰਾ ਅੱਜ, ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ
Publish Date: Mon, 22 Jun 2026 05:18 PM (IST)
Updated Date: Mon, 22 Jun 2026 05:21 PM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਜ਼ਿਲ੍ਹੇ ਦੇ ਪਿੰਡ ਮੰਡੀ ਕਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਦੌਰੇ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਸਮੇਤ ਸਾਰੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਐੱਸਐੱਸਪੀ. ਡਾ. ਜੋਤੀ ਯਾਦਵ ਨੇ ਉੱਚ ਅਧਿਕਾਰੀਆਂ ਨਾਲ ਮੰਡੀ ਕਲਾਂ ਵਿਖੇ ਦੌਰਾ ਕਰਕੇ ਪ੍ਰੋਗਰਾਮ ਸਥਾਨ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਨੇ ਮੰਚ ਸਜਾਵਟ, ਬੈਠਣ ਦੀ ਵਿਵਸਥਾ, ਪਾਰਕਿੰਗ, ਆਵਾਜਾਈ ਪ੍ਰਬੰਧ ਅਤੇ ਸੁਰੱਖਿਆ ਬਿੰਦੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ। ਅਧਿਕਾਰੀਆਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਦੌਰੇ ਦੌਰਾਨ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਪੀਣ ਵਾਲਾ ਪਾਣੀ, ਸਿਹਤ ਸੇਵਾਵਾਂ, ਸਫ਼ਾਈ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇ। ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ ਹੈ। ਭੀੜ ਪ੍ਰਬੰਧਨ ਲਈ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਪ੍ਰਵੇਸ਼ ਤੇ ਨਿਕਾਸ ਰਸਤਿਆਂ ਨੂੰ ਵੀ ਨਿਯੰਤਰਿਤ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੇ ਦੌਰੇ ਦੌਰਾਨ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਰਹੇਗੀ। ਮੁੱਖ ਮੰਤਰੀ ਭਗਵੰਤ ਮਾਨ ਮੰਡੀ ਕਲਾਂ ਵਿੱਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਆਮ ਲੋਕਾਂ ਨਾਲ ਸਿੱਧਾ ਸੰਵਾਦ ਕਰਨਗੇ। ਇਸ ਦੌਰਾਨ ਲੋਕ ਆਪਣੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਮੁੱਖ ਮੰਤਰੀ ਦੇ ਸਾਹਮਣੇ ਰੱਖ ਸਕਣਗੇ। ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਵੇ ਅਤੇ ਪ੍ਰਸ਼ਾਸਨਿਕ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਜਵਾਬਦੇਹ ਬਣਾਇਆ ਜਾਵੇ। ਇਸ ਸੱਥ ਵਿੱਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਮੌਜੂਦ ਰਹਿਣਗੇ ਤਾਂ ਜੋ ਲੋਕਾਂ ਵੱਲੋਂ ਉਠਾਈਆਂ ਗਈਆਂ ਸਮੱਸਿਆਵਾਂ ’ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ। ਪ੍ਰਸ਼ਾਸਨ ਨੂੰ ਉਮੀਦ ਹੈ ਕਿ ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਿਰਕਤ ਕਰਨਗੇ ਅਤੇ ਆਪਣੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ। ਮੁੱਖ ਮੰਤਰੀ ਆਪਣੇ ਦੌਰੇ ਬਾਆਦ ਪਿੰਡਾਂ ਦੇ ਸਰਪੰਚਾਂ ਨਾਲ ਵੀ ਵਿਸ਼ੇਸ਼ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਪਿੰਡਾਂ ਦੇ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ, ਪੰਚਾਇਤੀ ਪ੍ਰਣਾਲੀ ਨਾਲ ਜੁੜੇ ਮਸਲਿਆਂ ਅਤੇ ਸਰਕਾਰੀ ਯੋਜਨਾਵਾਂ ਦੇ ਲਾਗੂ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਸਰਪੰਚਾਂ ਨੂੰ ਆਪਣੇ ਪਿੰਡਾਂ ਦੀਆਂ ਮੁੱਖ ਸਮੱਸਿਆਵਾਂ ਅਤੇ ਵਿਕਾਸ ਦੀਆਂ ਲੋੜਾਂ ਸਿੱਧੇ ਤੌਰ ’ਤੇ ਮੁੱਖ ਮੰਤਰੀ ਅੱਗੇ ਰੱਖਣ ਦਾ ਮੌਕਾ ਮਿਲੇਗਾ। ਮੰਡੀ ਕਲਾਂ ਦੇ ਪ੍ਰੋਗਰਾਮ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ਸਥਿਤ ਬਲਵੰਤ ਗਾਰਗੀ ਆਡੀਟੋਰੀਅਮ ਵਿੱਚ ਆਯੋਜਿਤ ਇੱਕ ਹੋਰ ਵਿਸ਼ੇਸ਼ ਸਮਾਗਮ ਵਿੱਚ ਵੀ ਸ਼ਾਮਲ ਹੋਣਗੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੋਵੇਂ ਪ੍ਰੋਗਰਾਮਾਂ ਲਈ ਵਿਸ਼ਾਲ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅਧਿਕਾਰੀਆਂ ਨੇ ਕਿਹਾ ਹੈ ਕਿ ਸੁਰੱਖਿਆ ਅਤੇ ਪ੍ਰਬੰਧਾਂ ਨਾਲ ਸਬੰਧਤ ਸਾਰੇ ਜ਼ਰੂਰੀ ਇੰਤਜ਼ਾਮ ਪੂਰੇ ਕੀਤੇ ਜਾ ਰਹੇ ਹਨ ਤਾਂ ਜੋ ਦੌਰਾ ਸ਼ਾਂਤੀਪੂਰਨ ਅਤੇ ਸਫਲ ਢੰਗ ਨਾਲ ਸੰਪੰਨ ਹੋ ਸਕੇ। ਸੁਰੱਖਿਆ ਲਈ ਮੰਡੀ ਕਲਾਂ ਵਿਚ ਵੱਡੀ ਗਿਣਤੀ ਪੁਲਿਸ ਤੈਨਾਤ ਕੀਤੀ ਗਈ ਹੈ। ਬੀਕੇਯੂ ਸਿੱਧੂਪੁਰ ਵੱਲੋਂ ਮੁੱਖ ਮੰਤਰੀ ਦੇ ਵਿਰੋਧ ਦਾ ਐਲਾਨ, ਕਿਹਾ ਮੁੱਖ ਮੰਤਰੀ ਨੂੰ ਪੁੱਛੇ ਜਾਣਗੇ ਸਵਾਲ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਵੱਲੋਂ ਇਕ ਅਹਿਮ ਬੈਠਕ ਚਿਲਡਰਨ ਪਾਰਕ ਬਠਿੰਡਾ ਵਿਚ ਆਯੋਜਿਤ ਕੀਤੀ ਗਈ, ਜਿਸ ਵਿਚ ਸੰਗਠਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਕਾਕਾ ਸਿੰਘ ਕੋਟੜਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਬੈਠਕ ਦੌਰਾਨ ਫੈਸਲਾ ਲਿਆ ਗਿਆ ਕਿ 23 ਜੂਨ ਨੂੰ ਮੰਡੀ ਕਲਾਂ ਵਿਖੇ ਪਹੁੰਚ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਹਮਣੇ ਕਿਸਾਨ ਆਪਣੀਆਂ ਲੰਬਿਤ ਮੰਗਾਂ ਰੱਖਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ਵਿਚ ਕਿਸਾਨਾਂ ਨਾਲ ਜੁੜੇ ਕਈ ਮਸਲੇ ਲੰਮੇ ਸਮੇਂ ਤੋਂ ਅਣਸੁਲਝੇ ਪਏ ਹਨ, ਜਿਨ੍ਹਾਂ ਦੇ ਹੱਲ ਲਈ ਸਰਕਾਰ ਵੱਲੋਂ ਵਾਅਦੇ ਕੀਤੇ ਗਏ ਸਨ, ਪਰ ਅਜੇ ਤੱਕ ਉਹ ਪੂਰੇ ਨਹੀਂ ਹੋਏ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਟਰੈਕਟਰ-ਟਰਾਲੀਆਂ, ਲੰਗਰ ਸਮੱਗਰੀ, ਸਿਲੰਡਰ, ਕੁਲਰ, ਫਰਿੱਜ ਅਤੇ ਹੋਰ ਸਾਮਾਨ ਨੂੰ ਨੁਕਸਾਨ ਪਹੁੰਚਿਆ ਜਾਂ ਜ਼ਬਤ ਕੀਤਾ ਗਿਆ। ਸਰਕਾਰ ਨੂੰ ਨੁਕਸਾਨ ਦੀ ਸੂਚੀ ਪਹਿਲਾਂ ਹੀ ਸੌਂਪੀ ਜਾ ਚੁੱਕੀ ਹੈ, ਪਰ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਭਰਪਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨੂੰ ਮੁੱਖ ਮੰਤਰੀ ਨਾਲ ਮਿਲਣ ਤੋਂ ਰੋਕਿਆ ਗਿਆ ਜਾਂ ਰਸਤੇ ਵਿੱਚ ਕਿਸੇ ਤਰ੍ਹਾਂ ਦੀ ਰੁਕਾਵਟ ਪੈਦਾ ਕੀਤੀ ਗਈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਦੀ ਹੋਵੇਗੀ। ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਉਹ ਆਪਣੀਆਂ ਮੰਗਾਂ ਦੇ ਹੱਲ ਲਈ ਸ਼ਾਂਤੀਪੂਰਨ ਤਰੀਕੇ ਨਾਲ ਆਪਣੀ ਗੱਲ ਮੁੱਖ ਮੰਤਰੀ ਦੇ ਸਾਹਮਣੇ ਰੱਖਣਗੇ, ਪਰ ਜੇਕਰ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾ ਸਕਦਾ ਹੈ।