ਵਿਧਾਇਕ ਸਿੱਧੂ ਨੇ ਪਿੰਡਾਂ 'ਚ ਲੋਕ ਮਿਲਣੀਆਂ ਕੀਤੀਆਂ
ਵਿਧਾਇਕ ਸਿੱਧੂ ਨੇ ਪਿੰਡਾਂ 'ਚ ਲੋਕ ਮਿਲਣੀਆਂ ਕੀਤੀਆਂ
Publish Date: Tue, 23 Jun 2026 03:53 PM (IST)
Updated Date: Tue, 23 Jun 2026 03:55 PM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ ਹਲਕਾ ਰਾਮਪੁਰਾ ਫੂਲ ਵਿੱਚ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ‘ਲੋਕ ਮਿਲਣੀ ਮੁਹਿੰਮ’ ਤਹਿਤ ਪਿੰਡ ਸਿਰੀਏਵਾਲਾ, ਕੇਸਰ ਸਿੰਘ ਵਾਲਾ, ਅਤੇ ਕੋਠੇ ਭਾਈਆਣਾ ਵਿਖੇ ਲੋਕ ਮਿਲਣੀ ਸਮਾਗਮ ਕਰਵਾਏ ਗਏ। ਸਮਾਗਮਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਪਾਣੀਆਂ, ਕਿਸਾਨੀ ਅਤੇ ਪੇਂਡੂ ਵਿਕਾਸ ਨੂੰ ਤਰਜੀਹ ਦਿੰਦਿਆਂ ਇਤਿਹਾਸਕ ਫ਼ੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਵਿੱਚ ਵੱਡਾ ਵਾਧਾ ਕਰਕੇ ਕਿਸਾਨਾਂ ਨੂੰ ਟਿਊਬਵੈੱਲਾਂ ਤੇ ਨਿਰਭਰਤਾ ਤੋਂ ਰਾਹਤ ਦਿੱਤੀ ਗਈ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਵੀ ਬਲ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ 24 ਘੰਟੇ ਮੁਫ਼ਤ ਬਿਜਲੀ ਦੀ ਸਹੂਲਤ, ਖੇਤੀਬਾੜੀ ਲਈ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ, ਨਵੇਂ ਖਾਲਾਂ ਦੀ ਉਸਾਰੀ, ਪੁਰਾਣੇ ਖਾਲਾਂ ਦੀ ਮੁਰੰਮਤ ਅਤੇ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨ ਵਰਗੇ ਉਪਰਾਲਿਆਂ ਨਾਲ ਪੇਂਡੂ ਖੇਤਰਾਂ ਵਿੱਚ ਵੱਡਾ ਬਦਲਾਅ ਆਇਆ ਹੈ। ਬਲਕਾਰ ਸਿੱਧੂ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੀ ਮਾਨ ਸਰਕਾਰ ਨੇ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ। ਸਰਕਾਰੀ ਸਕੂਲਾਂ ਦੀ ਕਾਇਆ-ਕਲਪ, ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ, ਆਮ ਲੋਕਾਂ ਨੂੰ ਮੁਫ਼ਤ ਅਤੇ ਗੁਣਵੱਤਾ ਭਰੀ ਸਿਹਤ ਸੇਵਾਵਾਂ ਦੇਣ ਲਈ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਅਤੇ ਸਰਕਾਰੀ ਹਸਪਤਾਲਾਂ ਵਿੱਚ ਸੁਵਿਧਾਵਾਂ ਦੇ ਵਿਸਥਾਰ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਪਾਣੀਆਂ ਦੀ ਰਾਖੀ ਲਈ ਮਾਨ ਸਰਕਾਰ ਹਰ ਮੰਚ ਤੇ ਡਟ ਕੇ ਖੜ੍ਹੀ ਹੈ ਅਤੇ ਸੂਬੇ ਦੇ ਹਿੱਤਾਂ ਦੀ ਮਜ਼ਬੂਤੀ ਨਾਲ ਪੈਰਵੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਹੀ ਸਰਕਾਰ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ‘ਲੋਕ ਮਿਲਣੀ ਸਮਾਗਮ’ ਇਸੇ ਮਕਸਦ ਨੂੰ ਪੂਰਾ ਕਰ ਰਹੇ ਹਨ। ਵਿਧਾਇਕ ਸਿੱਧੂ ਨੇ ਕਿਹਾ ਕਿ ਇੱਕ ਮਹੀਨੇ ਦੌਰਾਨ ਹਲਕੇ ਵਿੱਚ 136 ਲੋਕ ਮਿਲਣੀ ਸਮਾਗਮ ਕਰਵਾਏ ਜਾਣਗੇ, ਜਿਨ੍ਹਾਂ ਰਾਹੀਂ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਤੁਰੰਤ ਹੱਲ ਲਈ ਯਤਨ ਕੀਤੇ ਜਾਣਗੇ। ਸਮਾਗਮਾਂ ਦੌਰਾਨ ਬੇਅੰਤ ਸਿੰਘ ਸਲਾਬਤਪੁਰਾ ਚੇਅਰਮੈਨ, ਯਾਦਵਿੰਦਰ ਸਿੰਘ ਪੱਪੂ, ਹਰਜਿੰਦਰ ਕੌਰ ਸਿਰੀਏਵਾਲਾ ਸਰਪੰਚ, ਬਿੰਦਰ ਸਿੰਘ ਖਾਨਦਾਨ, ਜਗਸੀਰ ਸਿੰਘ ਕਾਕਾ ਖਾਨਦਾਨ, ਗੁਰਪ੍ਰੀਤ ਸਿੰਘ ਸਲਾਬਤਪੁਰਾ ਆਦਿ ਹਾਜਰ ਸਨ।