ਭਾਜਪਾ ਆਗੂ ਦੀ ਕਲੀਨਿਕ 'ਤੇ ਪੈਟਰੋਲ ਬੰਬ ਹਮਲੇ ਦੀ ਸਿੰਗਲਾ ਵੱਲੋਂ ਕਰੜੀ ਨਿੰਦਾ
ਭਾਜਪਾ ਆਗੂ ਦੀ ਕਲੀਨਿਕ 'ਤੇ ਪੈਟਰੋਲ ਬੰਬ ਹਮਲੇ ਦੀ ਸਿੰਗਲਾ ਵੱਲੋਂ ਕਰੜੀ ਨਿੰਦਾ
Publish Date: Tue, 23 Jun 2026 04:12 PM (IST)
Updated Date: Tue, 23 Jun 2026 04:13 PM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ: ਨਗਰ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ ਡਾ. ਤਰਸੇਮ ਗਰਗ ਦੇ ਕਲੀਨਿਕ ਤੇ ਸੋਮਵਾਰ ਦੇਰ ਰਾਤ ਹੋਏ ਹਮਲੇ ਨੂੰ ਲੈ ਕੇ ਭਾਜਪਾ ਨੇ ਪੰਜਾਬ ਸਰਕਾਰ ਤੇ ਤਿੱਖਾ ਹਮਲਾ ਬੋਲਿਆ ਹੈ। ਭਾਜਪਾ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਇਸ ਘਟਨਾ ਦੀ ਕੜੀ ਨਿੰਦਾ ਕਰਦਿਆਂ ਇਸ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਸੋਮਵਾਰ ਰਾਤ ਕਰੀਬ 9:45 ਵਜੇ ਅਣਪਛਾਤੇ ਹਮਲਾਵਰਾਂ ਨੇ ਡਾ. ਤਰਸੇਮ ਗਰਗ ਦੇ ਕਲੀਨਿਕ ਦੇ ਵੇਹੜੇ ਵਿਚ ਪੈਟਰੋਲ ਨਾਲ ਭਰੀ ਬੋਤਲ ਨੂੰ ਅੱਗ ਲਗਾ ਕੇ ਸੁੱਟ ਦਿੱਤਾ। ਅੱਗ ਲੱਗੀ ਬੋਤਲ ਵੇਹੜੇ ਵਿਚ ਡਿੱਗਣ ਕਾਰਨ ਨੇੜੇ ਪਿਆ ਸਮਾਨ ਸੜਨ ਲੱਗ ਪਿਆ। ਹਾਲਾਂਕਿ ਮੌਕੇ ਤੇ ਮੌਜੂਦ ਸਟਾਫ ਨੇ ਤੁਰੰਤ ਸਰਗਰਮੀ ਦਿਖਾਉਂਦਿਆਂ ਅੱਗ ਤੇ ਕਾਬੂ ਪਾ ਲਿਆ, ਜਿਸ ਨਾਲ ਇਕ ਵੱਡਾ ਹਾਦਸਾ ਟਲ ਗਿਆ ਅਤੇ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਤੋਂ ਬਾਅਦ ਮੰਗਲਵਾਰ ਨੂੰ ਭਾਜਪਾ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਕਲੀਨਿਕ ਪਹੁੰਚੇ ਅਤੇ ਡਾ. ਤਰਸੇਮ ਗਰਗ ਨਾਲ ਮੁਲਾਕਾਤ ਕਰਕੇ ਪੂਰੇ ਘਟਨਾਕ੍ਰਮ ਦੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਅਸਮਾਜਿਕ ਤੱਤ ਬਿਨਾਂ ਕਿਸੇ ਡਰ ਦੇ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਅਜਿਹੀਆਂ ਘਟਨਾਵਾਂ ਕਾਰਨ ਆਮ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣ ਰਿਹਾ ਹੈ। ਸਿੰਗਲਾ ਨੇ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਤੇਜ਼ੀ ਨਾਲ ਆਪਣਾ ਜਨ ਆਧਾਰ ਵਧਾ ਰਹੀ ਹੈ, ਜਿਸ ਕਾਰਨ ਰਾਜਨੀਤਕ ਵਿਰੋਧੀ ਘਬਰਾਏ ਹੋਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਡਰਾਉਣ ਅਤੇ ਉਨ੍ਹਾਂ ਦੇ ਹੌਸਲੇ ਪਸਤ ਕਰਨ ਦੇ ਮਕਸਦ ਨਾਲ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਪਰ ਭਾਜਪਾ ਕਿਸੇ ਵੀ ਤਰ੍ਹਾਂ ਦੇ ਦਬਾਅ ਜਾਂ ਡਰ ਅੱਗੇ ਝੁਕਣ ਵਾਲੀ ਨਹੀਂ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਮਾਮਲੇ ਦੀ ਨਿਰਪੱਖ ਅਤੇ ਗਹਿਰਾਈ ਨਾਲ ਜਾਂਚ ਲਈ ਇਸ ਨੂੰ ਐਨਆਈਏ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਘਟਨਾ ਪਿੱਛੇ ਦੀ ਸੱਚਾਈ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਰਾਜ ਸਰਕਾਰ ਤੋਂ ਵੀ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਅਪਰਾਧੀਆਂ ਤੇ ਪ੍ਰਭਾਵਸ਼ਾਲੀ ਰੋਕ ਲਗਾਉਣ ਦੀ ਮੰਗ ਕੀਤੀ।