ਖੇਤ ਬਚਾਓ ਅਭਿਆਨ ਤਹਿਤ ਕੇਵੀਕੇ ਬਠਿੰਡਾ ਵੱਲੋਂ ਕਿਸਾਨ ਜਾਗਰੂਕਤਾ ਕੈਂਪ
ਖੇਤ ਬਚਾਓ ਅਭਿਆਨ ਤਹਿਤ ਕੇ.ਵੀ.ਕੇ. ਬਠਿੰਡਾ ਵੱਲੋਂ ਕਿਸਾਨ ਜਾਗਰੂਕਤਾ ਕੈਂਪ
Publish Date: Tue, 23 Jun 2026 04:36 PM (IST)
Updated Date: Tue, 23 Jun 2026 04:37 PM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਖੇਤ ਬਚਾਓ ਅਭਿਆਨ ਤਹਿਤ ਕੇਵੀਕੇ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ। ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਝੋਨੇ ਅਤੇ ਹੋਰ ਫਸਲਾਂ ਦੀ ਵਿਗਿਆਨਕ ਕਾਸ਼ਤ, ਫਸਲ ਸੁਰੱਖਿਆ, ਮਿੱਟੀ ਦੀ ਸਿਹਤ ਸੰਭਾਲ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕ ਕਰਨਾ ਸੀ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲੈ ਕੇ ਖੇਤੀਬਾੜੀ ਮਾਹਿਰਾਂ ਤੋਂ ਨਵੀਆਂ ਤਕਨੀਕਾਂ ਅਤੇ ਸਿਫਾਰਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ। ਕੈਂਪ ਦੀ ਸ਼ੁਰੂਆਤ ਡਾ. ਹਰਪ੍ਰੀਤਪਾਲ ਕੌਰ, ਮੁੱਖ ਖੇਤੀਬਾੜੀ ਅਫਸਰ ਨੇ ਕੀਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ, ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਿਗਿਆਨਕ ਖੇਤੀ ਤਕਨੀਕਾਂ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਕਿਸਾਨਾਂ ਨੂੰ ਵਿਭਾਗ ਅਤੇ ਖੇਤੀਬਾੜੀ ਮਾਹਿਰਾਂ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਫਸਲੀ ਪ੍ਰਬੰਧ ਕਰਨੇ ਚਾਹੀਦੇ ਹਨ। ਇਸ ਮੌਕੇ ਡਾ. ਗੁਰਦੀਪ ਸਿੰਘ ਡਿਪਟੀ ਡਾਇਰੈਕਟਰ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਨੇ ਝੋਨੇ ਵਿੱਚ ਪਾਏ ਜਾਣ ਵਾਲੇ ਬੌਣੇ ਰੋਗ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਸਾਨਾਂ ਨੂੰ ਰੋਗ ਦੇ ਮੁੱਢਲੇ ਲੱਛਣਾਂ ਦੀ ਪਛਾਣ, ਇਸ ਦੇ ਫੈਲਾਅ ਦੇ ਕਾਰਨਾਂ ਅਤੇ ਪ੍ਰਭਾਵੀ ਰੋਕਥਾਮ ਸਬੰਧੀ ਵਿਗਿਆਨਕ ਸਿਫਾਰਸ਼ਾਂ ਤੋਂ ਜਾਣੂ ਕਰਵਾਇਆ। ਡਾ. ਤੇਜਬੀਰ ਸਿੰਘ ਬੁੱਟਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ), ਨੇ ਮਿੱਟੀ ਦੀ ਸਿਹਤ ਨੂੰ ਲੰਬੇ ਸਮੇਂ ਤੱਕ ਬਰਕਰਾਰ ਰੱਖਣ ਲਈ ਸੰਯੁਕਤ ਖਾਦ ਪ੍ਰਬੰਧਨ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਜੀਵਾਣੂ ਖਾਦਾਂ, ਹਰੀ ਖਾਦ ਅਤੇ ਰਸਾਇਣਕ ਖਾਦਾਂ ਦੀ ਸੰਤੁਲਿਤ ਵਰਤੋਂ ਦੇ ਲਾਭਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਹਰੀ ਖਾਦ ਪਿੱਛੋਂ ਬੀਜੀ ਜਾਣ ਵਾਲੀ ਝੋਨੇ ਦੀ ਫ਼ਸਲ ਨੂੰ ਫ਼ਾਸਫ਼ੋਰਸ ਵਾਲੀ ਖਾਦ ਪਾਉਣ ਦੀ ਲੋੜ ਨਹੀਂ। ਖੇਤਾਂ ਵਿੱਚ ਝੋਨੇ ਦੀ ਪਨੀਰੀ ਲਾਉਣ ਤੋਂ ਇੱਕ ਦਿਨ ਪਹਿਲਾਂ ਹਰੀ ਖਾਦ ਦੀ ਫ਼ਸਲ ਨੂੰ ਦੱਬ ਦਿਉ। ਇਸ ਤਰ੍ਹਾਂ 6-8 ਹਫ਼ਤੇ ਦੀ ਹਰੀ ਖਾਦ ਦੱਬਣ ਨਾਲ 25 ਕਿਲੋ ਨਾਈਟ੍ਰੋਜਨ ਤੱਤ (55 ਕਿਲੋ ਯੂਰੀਆ) ਦੀ ਪ੍ਰਤੀ ਏਕੜ ਬੱਚਤ ਹੋ ਜਾਂਦੀ ਹੈ। ਜੇਕਰ ਮੂੰਗੀ ਦੀ ਫ਼ਸਲ, ਫ਼ਲੀਆਂ ਤੋੜ ਕੇ ਪਨੀਰੀ ਲਾਉਣ ਤੋਂ ਇੱਕ ਦਿਨ ਪਹਿਲਾਂ ਖੇਤ ਵਿੱਚ ਦਬਾਈ ਜਾਵੇ ਤਾਂ ਨਾਈਟ੍ਰੋਜਨ ਵਾਲੀ ਖਾਦ ਤੀਜਾ ਹਿੱਸਾ ਘਟਾ ਦਿਉ। ਕਲਰਾਠੀਆਂ ਅਤੇ ਨਵੀਆਂ ਵਾਹੀ ਯੋਗ ਜ਼ਮੀਨਾਂ ਵਿੱਚ ਢੈਂਚੇ ਦੀ ਹਰੀ ਖਾਦ ਨੂੰ ਤਰਜੀਹ ਦਿਉ। ਢੈਂਚੇ ਦੀ ਹਰੀ ਖਾਦ ਨਾਲ ਝੋਨੇ ਦੀ ਫ਼ਸਲ ਵਿੱਚ ਲੋਹੇ ਦੀ ਘਾਟ ਵੀ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਮਿੱਟੀ ਦੀ ਜਾਂਚ ਦੇ ਆਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਨਾਲ ਨਾ ਸਿਰਫ਼ ਖਾਦਾਂ ਦੀ ਲਾਗਤ ਵਿੱਚ ਕਮੀ ਆਉਂਦੀ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਜੈਵਿਕ ਗੁਣਵੱਤਾ ਵਿੱਚ ਵੀ ਸੁਧਾਰ ਹੁੰਦਾ ਹੈ।