ਮੰਗਾਂ ਲਾਗੂ ਹੋਣ ਤਕ ਥਰਮਲ ਠੇਕਾ ਮੁਲਾਜ਼ਮਾਂ ਦਾ ਧਰਨਾ ਰਹੇਗਾ ਜਾਰੀ: ਬਾਠ
ਮੰਗਾਂ ਲਾਗੂ ਹੋਣ ਤਕ ਥਰਮਲ ਠੇਕਾ ਮੁਲਾਜ਼ਮਾਂ ਦਾ ਧਰਨਾ ਰਹੇਗਾ ਜਾਰੀ: ਬਾਠ
Publish Date: Wed, 24 Jun 2026 04:10 PM (IST)
Updated Date: Wed, 24 Jun 2026 04:13 PM (IST)

ਹਰਮੇਲ ਸਾਗਰ, ਪੰਜਾਬੀ ਜਾਗਰਣ ਭੁੱਚੋ ਮੰਡੀ ਥਰਮਲ ਕੰਟਰੈਕਟ ਵਰਕਰਜ਼ ਸੰਘਰਸ਼ ਦੀ ਸਾਂਝੀ ਕਮੇਟੀ ਏਟਕ ਪੰਜਾਬ ਦੀ ਅਗਵਾਈ ਹੇਠ ਲਹਿਰਾ ਮਹੱਬਤ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਸੰਘਰਸ਼ ਲਗਾਤਾਰ ਜਾਰੀ ਹੈ। ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦੇ ਅੜੀਅਲ ਰਵੱਈਏ ਅਤੇ ਟਾਲ-ਮਟੋਲ ਦੀ ਨੀਤੀ ਖ਼ਿਲਾਫ਼ ਲਗਾਇਆ ਗਿਆ ਧਰਨਾ ਮੰਗਲਵਾਰ ਨੂੰ ਨੌਵੇਂ ਦਿਨ ਵਿੱਚ ਦਾਖਲ ਹੋ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਸਾਂਝੀ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਾਠ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਅਤੇ ਪਹਿਲਾਂ ਤੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਸਰਕਾਰ ਲਗਾਤਾਰ ਟਾਲਮਟੋਲ ਕਰ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਬਾਠ ਨੇ ਦੋਸ਼ ਲਾਇਆ ਕਿ ਥਰਮਲ ਪਲਾਂਟ ਵਿਚ ਤਜਰਬੇਕਾਰ ਕਰਮਚਾਰੀਆਂ ਦੀ ਘਾਟ ਕਾਰਨ ਮਸ਼ੀਨਰੀ ਨੂੰ ਲਗਾਤਾਰ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸਥਿਤ ਉੱਚ ਪ੍ਰਬੰਧਨ ਦੇ ਦਬਾਅ ਹੇਠ ਸਥਾਨਕ ਅਧਿਕਾਰੀਆਂ ਵੱਲੋਂ ਪਲਾਂਟ ਨੂੰ ਚਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਇਸ ਪ੍ਰਕਿਰਿਆ ਦੌਰਾਨ ਨਾ ਸਿਰਫ਼ ਮਸ਼ੀਨਰੀ ਪ੍ਰਭਾਵਿਤ ਹੋ ਰਹੀ ਹੈ ਸਗੋਂ ਲੱਖਾਂ ਰੁਪਏ ਦਾ ਤੇਲ ਵੀ ਵਿਅਰਥ ਖਰਚ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਬੰਧਨ ਵੱਲੋਂ ਪੂਰਾ ਜ਼ੋਰ ਲਗਾਉਣ ਦੇ ਬਾਵਜੂਦ ਵੀ ਥਰਮਲ ਪਲਾਂਟ ਆਪਣੀ ਪੂਰੀ ਸਮਰੱਥਾ ਅਨੁਸਾਰ ਬਿਜਲੀ ਉਤਪਾਦਨ ਨਹੀਂ ਕਰ ਪਾ ਰਿਹਾ। ਜੇਕਰ ਹਾਲਾਤ ਇੰਝ ਹੀ ਬਣੇ ਰਹੇ ਤਾਂ ਆਉਣ ਵਾਲੇ ਸਮੇਂ ਵਿੱਚ ਸੂਬੇ ਨੂੰ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਨਾਲ ਨਾ ਸਿਰਫ਼ ਉਦਯੋਗਿਕ ਖੇਤਰ ਪ੍ਰਭਾਵਿਤ ਹੋਵੇਗਾ ਸਗੋਂ ਖੇਤੀਬਾੜੀ ਅਤੇ ਘਰੇਲੂ ਖਪਤਕਾਰਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੋਕ ਹਿੱਤ, ਪੰਜਾਬ ਹਿੱਤ ਅਤੇ ਵਿਭਾਗੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ 24 ਮਈ 2026 ਨੂੰ ਹੋਏ ਸਮਝੌਤੇ ਨੂੰ ਤੁਰੰਤ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਮਝੌਤੇ ਦੀਆਂ ਸ਼ਰਤਾਂ ਲਾਗੂ ਕਰ ਦਿੱਤੀਆਂ ਜਾਣ ਤਾਂ ਥਰਮਲ ਪਲਾਂਟਾਂ ਦਾ ਸੰਚਾਲਨ ਸੁਚਾਰੂ ਢੰਗ ਨਾਲ ਹੋ ਸਕੇਗਾ ਅਤੇ ਬਿਜਲੀ ਉਤਪਾਦਨ ਵੀ ਪ੍ਰਭਾਵਿਤ ਨਹੀਂ ਹੋਵੇਗਾ ਧਰਨੇ ਨੂੰ ਸਮਰਥਨ ਦੇਣ ਲਈ ਵੱਖ-ਵੱਖ ਭਰਾਤਰੀ ਜਥੇਬੰਦੀਆਂ ਦੇ ਆਗੂ ਵੀ ਪਹੁੰਚੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਪਰਸ਼ੋਤਮ ਸਿੰਘ ਮਹਿਰਾਜ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਵੀ ਇਸ ਸੰਘਰਸ਼ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਨਗਰ ਪੰਚਾਇਤ ਲਹਿਰਾ ਮਹੱਬਤ ਦੇ ਐੱਮ.ਸੀ. ਦਲਜੀਤ ਸਿੰਘ ਅਤੇ ਐੱਮ.ਸੀ. ਗੁਰਤੇਜ ਸਿੰਘ ਗੋਰਾ ਆਪਣੇ ਸਾਥੀਆਂ ਸਮੇਤ ਧਰਨੇ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਦੀ ਹੈ ਅਤੇ ਸੰਘਰਸ਼ ਦੀ ਹਰ ਪੜਾਅ ਤੇ ਹਮਾਇਤ ਕਰੇਗੀ। ਧਰਨੇ ਦੇ ਅੰਤ ਵਿੱਚ ਜਥੇਬੰਦੀ ਦੇ ਆਗੂਆਂ ਨੇ ਸਾਰੀਆਂ ਭਰਾਤਰੀ ਜਥੇਬੰਦੀਆਂ ਅਤੇ ਸਮਰਥਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਧਰਨਾ ਅਤੇ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਹਨ।