ਅਕਾਲੀ ਦਲ ਤੇ ਭਾਜਪਾ ਦੇ ਵਰਕਰ ਆਪ ’ਚ ਸ਼ਾਮਲ, ਮੇਅਰ ਪਦਮਜੀਤ ਮਹਿਤਾ ਨੇ ਕੀਤਾ ਸ਼ਾਮਲ
ਅਕਾਲੀ ਦਲ ਤੇ ਭਾਜਪਾ ਦੇ ਵਰਕਰ ਆਪ ਵਿਚ ਸ਼ਾਮਲ, ਮੇਅਰ ਪਦਮਜੀਤ ਮਹਿਤਾ ਨੇ ਕੀਤਾ ਸ਼ਾਮਲ
Publish Date: Sat, 27 Jun 2026 03:59 PM (IST)
Updated Date: Sat, 27 Jun 2026 04:01 PM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਸ਼ਹਿਰ ਵਿਚ ਅਕਾਲੀ ਦਲ ਅਤੇ ਭਾਜਪਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਭਾਰਤੀ ਜਨਤਾ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ ਨਾਲ ਸਬੰਧਤ ਕਈ ਨੌਜਵਾਨ ਆਗੂਆਂ ਨੇ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦਾ ਦਾਮਨ ਫੜਿਆ। ਇਸ ਦੌਰਾਨ ਭਾਜਪਾ ਪੰਜਾਬ ਦੇ ਯੂਨੀਵਰਸਿਟੀ ਸੈੱਲ ਦੇ ਸਹਿ-ਇੰਚਾਰਜ ਅਕਸ਼ੈ ਸ਼ਰਮਾ ਅਤੇ ਯੂਥ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਉਪ ਪ੍ਰਧਾਨ ਅਤੇ ਐਸਓਆਈ ਦੇ ਸਾਬਕਾ ਪ੍ਰਧਾਨ ਨਵਦੀਪ ਸ਼ਰਮਾ ਨੇ ਆਪਣੇ ਕਰੀਬ 40 ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਮਹਿਤਾ ਨੇ ਸਾਰੇ ਆਗੂਆਂ ਨੂੰ ਪਾਰਟੀ ਦਾ ਪਟਕਾ ਪਾ ਕੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਦੌਰਾਨ ਉਨ੍ਹਾਂ ਦੇ ਨਾਲ ਰਾਕੇਸ਼ ਕਾਕਾ ਵੀ ਮੌਜੂਦ ਸਨ। ਪ੍ਰੈੱਸ ਵਾਰਤਾ ਦੌਰਾਨ ਮੇਅਰ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ-ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਵਰਕਰ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਅਕਸ਼ੈ ਸ਼ਰਮਾ ਤੇ ਨਵਦੀਪ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਆਮ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੰਦੀਆਂ ਹਨ ਅਤੇ ਸੂਬੇ ਵਿਚ ਵਿਕਾਸ ਅਤੇ ਸੁਸ਼ਾਸਨ ਦੀ ਨਵੀਂ ਮਿਸਾਲ ਕਾਇਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਆਪਣੇ ਇਕ ਸਾਲ ਦੇ ਕਾਰਜਕਾਲ ਦੌਰਾਨ ਬਠਿੰਡਾ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਹੈ। ਆਪਣੀ ਕਾਰਜਸ਼ੈਲੀ ਕਰਕੇ ਉਹ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਵਜੋਂ ਉਭਰੇ ਹਨ ਅਤੇ ਦੁਬਾਰਾ ਮੇਅਰ ਬਣੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਮਹਿਤਾ ਦੇ ਨਾਲ ਮਿਲ ਕੇ ਉਹ ਸਮਾਜ ਅਤੇ ਇਲਾਕੇ ਦੇ ਵਿਕਾਸ ਲਈ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਸਕਣਗੇ।