ਹਰ ਸ਼ੁੱਕਰਵਾਰ “ਡੇਂਗੂ ’ਤੇ ਵਾਰ”: ਜ਼ਿਲ੍ਹੇ ਵਿੱਚ ਡੇਂਗੂ ਸਰਵੇ ਤੇ ਜਾਗਰੂਕਤਾ ਕਾਰਵਾਈ ਤੇਜ਼
ਹਰ ਸ਼ੁੱਕਰਵਾਰ “ਡੇਂਗੂ ’ਤੇ ਵਾਰ”: ਜ਼ਿਲ੍ਹੇ ਵਿੱਚ ਡੇਂਗੂ ਸਰਵੇ ਤੇ ਜਾਗਰੂਕਤਾ ਕਾਰਵਾਈ ਤੇਜ਼
Publish Date: Sat, 27 Jun 2026 04:21 PM (IST)
Updated Date: Sat, 27 Jun 2026 04:22 PM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਸਿਵਲ ਸਰਜਨ ਡਾ. ਤਪਿੰਦਰਜੋਤ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਦੀ ਅਗਵਾਈ ਹੇਠ “ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ” ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਡੇਂਗੂ ਅਤੇ ਮਲੇਰੀਆ ਸਰਵੇ ਕੀਤਾ ਗਿਆ। ਇਸ ਮੁਹਿੰਮ ਦਾ ਉਦੇਸ਼ ਡੇਂਗੂ ਦੀ ਰੋਕਥਾਮ, ਲਾਰਵਾ ਦੀ ਪਛਾਣ ਅਤੇ ਲੋਕਾਂ ਨੂੰ ਬਿਮਾਰੀ ਪ੍ਰਤੀ ਜਾਗਰੂਕ ਕਰਨਾ ਹੈ। ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਹਤ ਟੀਮਾਂ ਨੇ ਘਰ-ਘਰ ਜਾ ਕੇ ਸਰਵੇ ਕੀਤਾ। ਇਸ ਦੌਰਾਨ ਟੀਮਾਂ ਵੱਲੋਂ ਘਰਾਂ ਵਿੱਚ ਖੜ੍ਹੇ ਸਾਫ਼ ਅਤੇ ਗੰਦੇ ਪਾਣੀ ਦੀ ਜਾਂਚ ਕੀਤੀ ਗਈ, ਕੂਲਰਾਂ, ਟਰੇਆਂ, ਗਮਲਿਆਂ ਅਤੇ ਹੋਰ ਥਾਵਾਂ ’ਤੇ ਲਾਰਵਾ ਦੀ ਮੌਜੂਦਗੀ ਨੂੰ ਚੈੱਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿੱਥੇ ਵੀ ਲਾਰਵਾ ਮਿਲਿਆ, ਉੱਥੇ ਤੁਰੰਤ ਕਾਰਵਾਈ ਕਰਦੇ ਹੋਏ ਸਬੰਧਤ ਘਰਾਂ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਸਫਾਈ ਕਰਨ ਦੀ ਹਦਾਇਤ ਦਿੱਤੀ ਗਈ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਰਵੇ ਦੇ ਨਾਲ-ਨਾਲ ਫੋਗਿੰਗ ਅਤੇ ਜਾਗਰੂਕਤਾ ਮੁਹਿੰਮ ਨੂੰ ਵੀ ਤੇਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰੇਕ ਸ਼ੁੱਕਰਵਾਰ ਨੂੰ ਸਰਕਾਰੀ ਦਫਤਰਾਂ ਵਿੱਚ “ਡਰਾਈ ਡੇ” ਮਨਾਉਣ ਦੀ ਅਪੀਲ ਕੀਤੀ ਗਈ ਹੈ, ਜਿਸ ਦੌਰਾਨ ਕੂਲਰਾਂ ਦਾ ਪਾਣੀ ਖਾਲੀ ਕਰਨਾ, ਫਰਿੱਜ ਦੀਆਂ ਟਰੇਆਂ ਸਾਫ਼ ਕਰਨਾ, ਪੰਛੀਆਂ ਲਈ ਰੱਖੇ ਪਾਣੀ ਦੇ ਕਟੋਰਿਆਂ ਦੀ ਸਫਾਈ ਕਰਨਾ ਅਤੇ ਘਰਾਂ ਵਿੱਚ ਪਿਆ ਕਬਾੜਾ ਹਟਾਉਣਾ ਸ਼ਾਮਲ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਵਿੱਚ ਦਰਦ, ਅੱਖਾਂ ਦੇ ਪਿੱਛੇ ਦਰਦ ਜਾਂ ਚਮੜੀ ’ਤੇ ਦਾਣੇ ਆਦਿ ਲੱਛਣ ਨਜ਼ਰ ਆਉਣ ਤਾਂ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ ਦੀ ਰੋਕਥਾਮ ਲਈ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਇਸ ਬਿਮਾਰੀ ਨੂੰ ਜ਼ਿਲ੍ਹੇ ਵਿੱਚ ਪੂਰੀ ਤਰ੍ਹਾਂ ਕਾਬੂ ਕੀਤਾ ਜਾ ਸਕੇ।