ਸੀਯੂ ਪੰਜਾਬ ਦੇ ਵਾਈਸ ਚਾਂਸਲਰ ਨੇ ਨਵੀਨਤਾਕਾਰੀ ਤੇ ਵਿਦਿਆਰਥੀ-ਕੇਂਦਰਿਤ ਸਿੱਖਿਆ 'ਤੇ ਦਿੱਤਾ ਜ਼ੋਰ ਸੀਯੂ ਪੰਜਾਬ ਦੇ ਵਾਈਸ ਚਾਂਸਲਰ ਨੇ ਨਵੀਨਤਾਕਾਰੀ ਅਤੇ ਵਿਦਿਆਰਥੀ-ਕੇਂਦਰਿਤ ਸਿੱਖਿਆ 'ਤੇ ਦਿੱਤਾ ਜ਼ੋਰ
Publish Date: Mon, 29 Jun 2026 05:06 PM (IST)
Updated Date: Mon, 29 Jun 2026 05:07 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ) ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਅਕਾਦਮਿਕ ਸੈਸ਼ਨ 2026–27 ਦੇ ਪਹਿਲੇ ਦਿਨ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਨਵੀਨਤਾਕਾਰੀ, ਸਹਿਯੋਗਾਤਮਕ ਤੇ ਵਿਦਿਆਰਥੀ-ਕੇਂਦਰਿਤ ਅਧਿਆਪਨ ਪੱਧਤੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਬਦਲਦੇ ਸਮੇਂ ਵਿਚ ਵਿਦਿਆਰਥੀਆਂ ਨੂੰ ਨਵੀਆਂ ਚੁਣੌਤੀਆਂ ਲਈ ਤਿਆਰ ਕਰਨਾ ਬਹੁਤ ਜ਼ਰੂਰੀ ਹੈ। ਆਪਣੇ ਸੰਬੋਧਨ ਦੌਰਾਨ ਪ੍ਰੋ. ਤਿਵਾਰੀ ਨੇ ਕਿਹਾ ਕਿ ਕਿਸੇ ਵੀ ਦੇਸ਼ ਦਾ ਭਵਿੱਖ ਉਸਦੇ ਅਧਿਆਪਕਾਂ ਦੀ ਗੁਣਵੱਤਾ, ਸਮਾਜ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਅਤੇ ਸਮੇਂ ਦੇ ਨਾਲ ਆਪਣੇ ਆਪ ਨੂੰ ਨਿਖਾਰਨ ਦੀ ਯੋਗਤਾ ਤੇ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸੁਪਨਿਆਂ ਅਤੇ ਉਮੀਦਾਂ ਨੂੰ ਪੂਰਾ ਕਰਨ ਲਈ ਯੂਨੀਵਰਸਿਟੀ ਦੇ ਵਿਜ਼ਨ ਅਤੇ ਅਧਿਆਪਕਾਂ ਦੇ ਯਤਨਾਂ ਦਾ ਇੱਕੋ ਦਿਸ਼ਾ ਵਿੱਚ ਹੋਣਾ ਲਾਜ਼ਮੀ ਹੈ। ਉੱਚ ਸਿੱਖਿਆ ਵਿੱਚ ਆ ਰਹੇ ਬਦਲਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਿਰਫ਼ ਕਿਤਾਬਾਂ ਪੜ੍ਹਾਉਣਾ ਜਾਂ ਪਾਠਕ੍ਰਮ ਪੂਰਾ ਕਰਵਾਉਣਾ ਹੀ ਕਾਫ਼ੀ ਨਹੀਂ ਹੈ। ਸਿੱਖਿਆ ਦਾ ਮਕਸਦ ਵਿਦਿਆਰਥੀਆਂ ਵਿੱਚ ਸੋਚਣ, ਸਵਾਲ ਪੁੱਛਣ, ਨਵੇਂ ਵਿਚਾਰ ਪੈਦਾ ਕਰਨ ਅਤੇ ਸਮੱਸਿਆਵਾਂ ਦੇ ਹੱਲ ਲੱਭਣ ਦੀ ਯੋਗਤਾ ਵਿਕਸਿਤ ਕਰਨਾ ਹੋਣਾ ਚਾਹੀਦਾ ਹੈ। ਉਨ੍ਹਾਂ ਅਧਿਆਪਕਾਂ ਨੂੰ ਅਜਿਹਾ ਮਾਹੌਲ ਬਣਾਉਣ ਲਈ ਕਿਹਾ ਜਿੱਥੇ ਵਿਦਿਆਰਥੀ ਖੁੱਲ੍ਹ ਕੇ ਗੱਲਬਾਤ ਕਰ ਸਕਣ ਅਤੇ ਸਿੱਖਣ ਦੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈ ਸਕਣ। ਪ੍ਰੋ. ਤਿਵਾਰੀ ਨੇ ਭਾਰਤੀ ਗਿਆਨ ਪਰੰਪਰਾ ਦਾ ਜ਼ਿਕਰ ਕਰਦਿਆਂ ਸਿੱਖਣ ਦੀਆਂ ਚਾਰ ਅਵਸਥਾਵਾਂ—ਸ਼੍ਰਵਣ, ਮਨਨ, ਨਿਦਿਧਿਆਸਨ ਅਤੇ ਧਿਆਨ-ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਨੂੰ ਬਲੂਮਜ਼ ਟੈਕਸੋਨੋਮੀ ਨਾਲ ਜੋੜ ਕੇ ਪੜ੍ਹਾਇਆ ਜਾਵੇ ਤਾਂ ਵਿਦਿਆਰਥੀਆਂ ਵਿੱਚ ਵਿਸ਼ੇ ਦੀ ਡੂੰਘੀ ਸਮਝ, ਤਰਕਸੰਗਤ ਸੋਚ ਅਤੇ ਆਤਮ-ਚਿੰਤਨ ਦੀ ਯੋਗਤਾ ਵਿਕਸਿਤ ਕੀਤੀ ਜਾ ਸਕਦੀ ਹੈ। ਉਨ੍ਹਾਂ ਪ੍ਰਸਿੱਧ ਮਨੋਵਿਗਿਆਨੀ ਹਾਵਰਡ ਗਾਰਡਨਰ ਦੇ ਮਲਟੀਪਲ ਇੰਟੈਲੀਜੈਂਸ ਸਿਧਾਂਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਹਰ ਵਿਦਿਆਰਥੀ ਦੀ ਸਿੱਖਣ ਦੀ ਸਮਰੱਥਾ ਅਤੇ ਪ੍ਰਤਿਭਾ ਵੱਖਰੀ ਹੁੰਦੀ ਹੈ। ਇਸ ਲਈ ਅਧਿਆਪਕਾਂ ਨੂੰ ਹਰ ਵਿਦਿਆਰਥੀ ਦੀ ਯੋਗਤਾ ਨੂੰ ਸਮਝ ਕੇ ਉਸ ਦੇ ਅਨੁਸਾਰ ਮਾਰਗਦਰਸ਼ਨ ਕਰਨਾ ਚਾਹੀਦਾ ਹੈ, ਤਾਂ ਜੋ ਉਸਦਾ ਸੰਪੂਰਨ ਵਿਕਾਸ ਹੋ ਸਕੇ। ਵਾਈਸ ਚਾਂਸਲਰ ਨੇ ਸਾਰੇ ਵਿਭਾਗਾਂ ਨੂੰ ਅੰਤਰ-ਵਿਸ਼ਈ ਖੋਜ ਸਮੂਹਾਂ ਨੂੰ ਮੁੜ ਸਰਗਰਮ ਕਰਨ, ਹਰ ਵਿਸ਼ੇ ਨਾਲ ਸੰਬੰਧਿਤ ਏਆਈ ਆਧਾਰਿਤ ਕੋਰਸ ਸ਼ੁਰੂ ਕਰਨ ਅਤੇ ਕੈਪਸਟੋਨ ਪ੍ਰੋਜੈਕਟਾਂ ਰਾਹੀਂ ਵਿਦਿਆਰਥੀਆਂ ਨੂੰ ਅਸਲ ਜ਼ਿੰਦਗੀ ਦੀਆਂ ਸਮੱਸਿਆਵਾਂ ਦੇ ਹੱਲ ਲੱਭਣ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ। ਭਾਸ਼ਣ ਦੇ ਅੰਤ ਵਿੱਚ ਪ੍ਰੋ. ਤਿਵਾਰੀ ਨੇ ਕਿਹਾ ਕਿ ਅਧਿਆਪਕਾਂ ਨੂੰ ਪੜ੍ਹਾਉਣ ਦੇ ਢੰਗ, ਪਾਠਕ੍ਰਮ ਦੇ ਵਿਕਾਸ ਅਤੇ ਖੋਜ ਵਿੱਚ ਲਗਾਤਾਰ ਨਵੇਂ ਪ੍ਰਯੋਗ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਵੀਆਂ ਅਧਿਆਪਨ ਪੱਧਤੀਆਂ ਅਪਣਾਉਣਾ, ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣਾ ਅਤੇ ਸਾਂਝੇ ਯਤਨਾਂ ਨਾਲ ਇੱਕ ਅਜਿਹੀ ਯੂਨੀਵਰਸਿਟੀ ਬਣਾਉਣਾ ਸਮੇਂ ਦੀ ਲੋੜ ਹੈ, ਜੋ ਪੜ੍ਹਾਈ ਵਿੱਚ ਉੱਤਮ, ਸਮਾਜ ਪ੍ਰਤੀ ਜ਼ਿੰਮੇਵਾਰ ਅਤੇ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਹੋਵੇ। ਪ੍ਰੋਗਰਾਮ ਦੇ ਅੰਤ ਵਿੱਚ ਅਧਿਆਪਕਾਂ ਨੇ ਨਵੇਂ ਅਕਾਦਮਿਕ ਸੈਸ਼ਨ ਵਿੱਚ ਗੁਣਵੱਤਾਪੂਰਨ ਸਿੱਖਿਆ, ਖੋਜ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਦਿਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ।