ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਇਮਾਰਤ 'ਤੇ ਚੱਲਿਆ ਬੁਲਡੋਜ਼ਰ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਇਮਾਰਤ 'ਤੇ ਚੱਲਿਆ ਬੁਲਡੋਜ਼ਰ
Publish Date: Tue, 30 Jun 2026 04:11 PM (IST)
Updated Date: Tue, 30 Jun 2026 04:13 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਠਿੰਡਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਨਸ਼ਾ ਤਸਕਰੀ ਦੇ ਦੋਸ਼ੀ ਸੰਦੀਪ ਸਿੰਘ ਉਰਫ਼ ਸੰਨੀ ਵਾਸੀ ਕੱਚਾ ਧੋਬੀਆਣਾ ਦੀ ਗੈਰ-ਕਾਨੂੰਨੀ ਤੌਰ ਤੇ ਬਣਾਈ ਗਈ ਇਮਾਰਤ ਨੂੰ ਬੁਲਡੋਜ਼ਰ ਚਲਾ ਕੇ ਢਾਹ ਦਿੱਤਾ। ਪ੍ਰਸ਼ਾਸਨ ਵੱਲੋਂ ਇਹ ਕਾਰਵਾਈ ਸਮਰੱਥ ਅਥਾਰਟੀ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਅਨੁਸਾਰ ਕੀਤੀ ਗਈ। ਪੁਲਿਸ ਅਨੁਸਾਰ ਥਾਣਾ ਸਿਵਲ ਲਾਈਨ ਦੇ ਅਧੀਨ ਆਉਂਦੇ ਇਲਾਕੇ ਵਿਚ ਸਥਿਤ ਇਸ ਇਮਾਰਤ ਦਾ ਨਿਰਮਾਣ ਨਿਯਮਾਂ ਦੀ ਉਲੰਘਣਾ ਕਰਕੇ ਕੀਤਾ ਗਿਆ ਸੀ। ਕਾਰਵਾਈ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਇਸ ਉਪਰੰਤ ਸਿਵਲ ਪ੍ਰਸ਼ਾਸਨ ਦੀ ਦੇਖ-ਰੇਖ ਹੇਠ ਬੁਲਡੋਜ਼ਰ ਰਾਹੀਂ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਸੰਦੀਪ ਸਿੰਘ ਉਰਫ਼ ਸੰਨੀ ਨੂੰ ਗੈਰ-ਕਾਨੂੰਨੀ ਕਬਜ਼ਾ ਅਤੇ ਉਸਾਰੀ ਹਟਾਉਣ ਲਈ ਕਈ ਵਾਰ ਨੋਟਿਸ ਜਾਰੀ ਕੀਤੇ ਗਏ ਸਨ। ਇਸ ਦੇ ਬਾਵਜੂਦ ਉਸ ਵੱਲੋਂ ਨਾ ਤਾਂ ਕਬਜ਼ਾ ਹਟਾਇਆ ਗਿਆ ਅਤੇ ਨਾ ਹੀ ਪ੍ਰਸ਼ਾਸਨ ਦੇ ਹੁਕਮਾਂ ਦੀ ਪਾਲਣਾ ਕੀਤੀ ਗਈ। ਨੋਟਿਸਾਂ ਦੀ ਲਗਾਤਾਰ ਅਣਦੇਖੀ ਕਰਨ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਇਹ ਸਖ਼ਤ ਕਾਰਵਾਈ ਕੀਤੀ। ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਠਿੰਡਾ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਤਹਿਤ ਹੁਣ ਤੱਕ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਨਾਲ ਸੰਬੰਧਤ 18 ਗੈਰ-ਕਾਨੂੰਨੀ ਇਮਾਰਤਾਂ ਨੂੰ ਢਾਹਿਆ ਜਾ ਚੁੱਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ 1 ਮਾਰਚ 2025 ਤੋਂ ਹੁਣ ਤੱਕ ਐਨਡੀਪੀਐਸ ਐਕਟ ਅਤੇ ਹੋਰ ਵੱਖ-ਵੱਖ ਕਾਨੂੰਨਾਂ ਤਹਿਤ ਕੁੱਲ 2,703 ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿਚ 3,889 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿਚ 103 ਵੱਡੇ ਨਸ਼ਾ ਤਸਕਰ ਵੀ ਸ਼ਾਮਲ ਹਨ, ਜਿਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਪੁਲਿਸ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸਾਲ 2023 ਤੋਂ ਹੁਣ ਤੱਕ ਨਸ਼ਾ ਤਸਕਰੀ ਨਾਲ ਜੁੜੇ 89 ਦੋਸ਼ੀਆਂ ਦੀ ਲਗਭਗ 14.34 ਕਰੋੜ ਰੁਪਏ ਮੁੱਲ ਦੀ ਜਾਇਦਾਦ ਫ੍ਰੀਜ਼ ਕਰਵਾਈ ਜਾ ਚੁੱਕੀ ਹੈ। ਇਸ ਕਾਰਵਾਈ ਦਾ ਮਕਸਦ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਕਮਾਈ ਅਤੇ ਸੰਪਤੀ ਤੇ ਰੋਕ ਲਗਾ ਕੇ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖਤਮ ਕਰਨਾ ਹੈ। ਉਨ੍ਹਾਂ ਦੱਸਿਆ ਕਿ ਹੋਰਨਾਂ ਤਸਰਕਾਂ ਦੀਆਂ ਜਾਇਦਾਦਾਂ ਦੀ ਜ਼ਬਤ ਕੀਤੀਆਂ ਜਾਣਗੀਆਂ। ਪੁਲਿਸ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਉਹ ਪੁਲਿਸ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ। ਜੇਕਰ ਕਿਸੇ ਇਲਾਕੇ ਵਿੱਚ ਨਸ਼ਿਆਂ ਦੀ ਵਿਕਰੀ, ਤਸਕਰੀ ਜਾਂ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਬਾਰੇ ਜਾਣਕਾਰੀ ਹੋਵੇ ਤਾਂ ਪੰਜਾਬ ਸਰਕਾਰ ਦੀ ਐਂਟੀ ਡਰੱਗ ਹੈਲਪਲਾਈਨ 97791-00200 ਜਾਂ ਬਠਿੰਡਾ ਪੁਲਿਸ ਦੀ ਐਂਟੀ ਡਰੱਗ ਹੈਲਪਲਾਈਨ 91155-02252 ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਪੁਲਿਸ ਨੇ ਭਰੋਸਾ ਦਿਵਾਇਆ ਹੈ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।