ਖੇਤਾਂ ’ਚੋਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲਾ ਕਾਬੂ
ਖੇਤਾਂ ’ਚੋਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲਾ ਕਾਬੂ
Publish Date: Wed, 01 Jul 2026 06:06 PM (IST)
Updated Date: Thu, 02 Jul 2026 09:38 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ ਕੋਟਫੱਤਾ : ਨਗਰ ਕੋਟ ਸ਼ਮੀਰ ਵਿਖੇ ਖੇਤਾਂ ਵਿੱਚੋਂ ਮੋਟਰਾਂ ਦੀਆਂ ਤਾਰਾਂ, ਐਲੂਮੀਨੀਅਮ ਤੇ ਹੋਰ ਸਾਮਾਨ ਚੋਰੀ ਕਰਨ ਦੇ ਮਾਮਲੇ ’ਚ ਪਿੰਡ ਵਾਸੀਆਂ ਨੇ ਇਕ ਨੌਜਵਾਨ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕੀਤਾ ਹੈ, ਜਦਕਿ ਉਸ ਦਾ ਸਾਥੀ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਮਾਖਾ ਪੱਤੀ ਕੋਟਸ਼ਮੀਰ ਨੇ ਦੱਸਿਆ ਕਿ ਜਦੋਂ ਉਹ ਆਪਣੇ ਖੇਤਾਂ ਵੱਲ ਜਾ ਰਿਹਾ ਸੀ ਤਾਂ ਉਸ ਨੇ ਕੁਝ ਨੌਜਵਾਨਾਂ ਨੂੰ ਮੋਟਰਾਂ ਦੀਆਂ ਤਾਰਾਂ ਤੇ ਹੋਰ ਸਾਮਾਨ ਚੋਰੀ ਕਰਦੇ ਦੇਖਿਆ। ਉਸ ਵੱਲੋਂ ਰੌਲਾ ਪਾਉਣ ’ਤੇ ਨੌਜਵਾਨ ਭੱਜਣ ਲੱਗੇ, ਜਿਸ ਦੌਰਾਨ ਪਿੰਡ ਵਾਸੀਆਂ ਦੀ ਮਦਦ ਨਾਲ ਇੱਕ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ। ਕਾਬੂ ਕੀਤੇ ਨੌਜਵਾਨ ਦੀ ਪਛਾਣ ਗੁਰਤੇਜ ਸਿੰਘ ਉਰਫ਼ ਸੋਨੀ ਵਾਸੀ ਤਲਵੰਡੀ ਸਾਬੋ ਵਜੋਂ ਦੱਸੀ ਗਈ ਹੈ, ਜਦਕਿ ਫਰਾਰ ਹੋਏ ਨੌਜਵਾਨਾਂ ਦੀ ਪਛਾਣ ਰਾਮ ਸਿੰਘ ਤੇ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਇਸ ਦੌਰਾਨ ਦੋਸ਼ੀਆਂ ਦਾ ਸਪਲੈਂਡਰ ਮੋਟਰਸਾਈਕਲ (ਪੀਬੀ03-ਏਐੱਲ-8512) ਵੀ ਪੁਲਿਸ ਹਵਾਲੇ ਕਰ ਦਿੱਤਾ ਗਿਆ। ਇਸ ਸਬੰਧੀ ਥਾਣਾ ਸਦਰ ਬਠਿੰਡਾ ਵਿਖੇ ਮੁਕੱਦਮਾ ਨੰਬਰ 128 ਮਿਤੀ 30-06-2026 ਅਧੀਨ ਧਾਰਾ 303(5) ਬੀਐਨਐਸ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਫਰਾਰ ਦੋਸ਼ੀਆਂ ਦੀ ਭਾਲ ਜਾਰੀ ਹੈ।