ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਕਿੱਲਤ ਨੇ ਕਿਸਾਨਾਂ ’ਤੇ ਆਰਥਿਕ ਬੋਝ ਵਧਾਇਆ : ਕੋਟਫੱਤਾ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਕਿੱਲਤ ਨੇ ਕਿਸਾਨਾਂ ’ਤੇ ਆਰਥਿਕ ਬੋਝ ਵਧਾਇਆ: ਕੋਟਫੱਤਾ
Publish Date: Wed, 01 Jul 2026 06:39 PM (IST)
Updated Date: Thu, 02 Jul 2026 04:05 AM (IST)
ਫੋਟੋ:17 ਕੈਪਸ਼ਨ: ਮਨਜੀਤ ਸਿੰਘ ਕੋਟਫੱਤਾ ਗੁਰਤੇਜ ਸਿੰਘ ਸਿੱਧੂ , ਪੰਜਾਬੀ ਜਾਗਰਣ ਬਠਿੰਡਾ : ਪੰਜਾਬ ’ਚ ਝੋਨੇ ਦੀ ਲਵਾਈ ਤੇ ਸਿੰਚਾਈ ਦਾ ਕੰਮ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ, ਪਰ ਇਸ ਦੌਰਾਨ ਖੇਤੀ ਲਈ ਲੋੜੀਂਦੀ ਬਿਜਲੀ ਦੀ ਅਣਨਿਯਮਿਤ ਅਤੇ ਘੱਟ ਸਮੇਂ ਲਈ ਮਿਲ ਰਹੀ ਸਪਲਾਈ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਕਿਸਾਨ ਆਗੂ ਮਨਜੀਤ ਸਿੰਘ ਕੋਟਫੱਤਾ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਸਟੇਜਾਂ! ਉੱਪਰ ਬਿਜਲੀ ਸਬੰਧੀ ਬੋਲੇ ਜਾਂਦੇ ਝੂਠ ’ਤੇ ਖੇਤੀਬਾੜੀ ਲਈ ਨਿਰਵਿਘਨ ਬਿਜਲੀ ਦੇਣ ਦੇ ਦਾਅਵੇ ਜ਼ਮੀਨੀ ਹਕੀਕਤ ਨਾਲ ਮੇਲ ਨਹੀਂ ਖਾਂਦੇ ਅਤੇ ਬਿਜਲੀ ਦੇ ਲਗਾਤਾਰ ਕੱਟਾਂ ਨੇ ਕਿਸਾਨਾਂ ਦੀ ਚਿੰਤਾ ਕਈ ਗੁਣਾ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਨੂੰ ਸਮੇਂ-ਸਮੇਂ ’ਤੇ ਪਾਣੀ ਦੀ ਲੋੜ ਹੁੰਦੀ ਹੈ, ਪਰ ਬਿਜਲੀ ਦੀ ਅਣਉਪਲਬਧਤਾ ਕਾਰਨ ਕਿਸਾਨ ਆਪਣੀ ਫ਼ਸਲ ਨੂੰ ਸਮੇਂ ਸਿਰ ਪਾਣੀ ਨਹੀਂ ਦੇ ਸਕਦੇ। ਇਸ ਕਾਰਨ ਕਈ ਕਿਸਾਨਾਂ ਨੂੰ ਡੀਜ਼ਲ ਨਾਲ ਚੱਲਣ ਵਾਲੇ ਇੰਜਣਾਂ ਅਤੇ ਜਨਰੇਟਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਡੀਜ਼ਲ ਦੀਆਂ ਉੱਚੀਆਂ ਕੀਮਤਾਂ ਕਾਰਨ ਖੇਤੀ ਦੀ ਲਾਗਤ ਵਿੱਚ ਕਾਫ਼ੀ ਵਾਧਾ ਹੋ ਰਿਹਾ ਹੈ, ਜਿਸ ਨਾਲ ਕਿਸਾਨਾਂ ’ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ। ਕੋਟਫੱਤਾ ਨੇ ਕਿਹਾ ਕਿ ਪਹਿਲਾਂ ਹੀ ਖਾਦਾਂ, ਬੀਜਾਂ, ਕੀਟਨਾਸ਼ਕਾਂ ਅਤੇ ਖੇਤੀ ਮਸ਼ੀਨਰੀ ਦੇ ਵਧਦੇ ਖਰਚਿਆਂ ਨਾਲ ਜੂਝ ਰਹੇ ਕਿਸਾਨਾਂ ਲਈ ਬਿਜਲੀ ਦੀ ਕਿੱਲਤ ਇਕ ਹੋਰ ਵੱਡੀ ਸਮੱਸਿਆ ਬਣ ਗਈ ਹੈ। ਕਈ ਪਿੰਡਾਂ ਵਿੱਚ ਬਿਜਲੀ ਦੇ ਸਮੇਂ ਵਿੱਚ ਵਾਰ-ਵਾਰ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਕਿਸਾਨਾਂ ਨੂੰ ਰਾਤ ਦੇ ਸਮੇਂ ਵੀ ਖੇਤਾਂ ਵਿੱਚ ਜਾ ਕੇ ਮੋਟਰਾਂ ਚਲਾਉਣੀਆਂ ਪੈਂਦੀਆਂ ਹਨ। ਉਨ੍ਹਾਂ ਦੱਸਿਆ ਕਿ ਜੇਕਰ ਝੋਨੇ ਦੀ ਫ਼ਸਲ ਨੂੰ ਲੋੜੀਂਦੇ ਸਮੇਂ ’ਤੇ ਪਾਣੀ ਨਾ ਮਿਲਿਆ ਤਾਂ ਇਸ ਦਾ ਸਿੱਧਾ ਅਸਰ ਪੈਦਾਵਾਰ ’ਤੇ ਪਵੇਗਾ, ਜਿਸ ਨਾਲ ਕਿਸਾਨਾਂ ਦੀ ਆਮਦਨ ਘਟੇਗੀ ਅਤੇ ਸੂਬੇ ਦੀ ਖੇਤੀ ਆਰਥਿਕਤਾ ਵੀ ਪ੍ਰਭਾਵਿਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਬਿਆਨਾਂ ਨਾਲ ਨਹੀਂ, ਸਗੋਂ ਠੋਸ ਕਦਮ ਚੁੱਕ ਕੇ ਹੱਲ ਕਰਨ ਦੀ ਲੋੜ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਝੋਨੇ ਦੇ ਸੀਜ਼ਨ ਦੌਰਾਨ ਖੇਤੀ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ।