ਆਪ੍ਰੇਸ਼ਨ ਪ੍ਰਹਾਰ ਤਹਿਤ ਵੱਡੀ ਕਾਰਵਾਈ, 12 ਘੰਟਿਆਂ ’ਚ 90 ਲੁੜੀਂਦੇ ਮੁਲਜ਼ਮ ਗ੍ਰਿਫ਼ਤਾਰ ਆਪਰੇਸ਼ਨ ਪ੍ਰਹਾਰ ਤਹਿਤ ਵੱਡੀ ਕਾਰਵਾਈ, 12 ਘੰਟਿਆਂ ਵਿੱਚ 90 ਲੋੜੀਂਦੇ ਮੁਲਜ਼ਮ ਗ੍ਰਿਫ਼ਤਾਰ
Publish Date: Mon, 06 Jul 2026 04:35 PM (IST)
Updated Date: Mon, 06 Jul 2026 04:39 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਅਪਰਾਧ ਅਤੇ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਬਠਿੰਡਾ ਪੁਲਿਸ ਨੇ ਆਪਰੇਸ਼ਨ ਪ੍ਰਹਾਰ ਤਹਿਤ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਨੇ ਸਿਰਫ਼ 12 ਘੰਟਿਆਂ ਵਿੱਚ 90 ਲੋੜੀਂਦੇ ਅਤੇ ਫ਼ਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਹ ਕਾਰਵਾਈ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਅਤੇ ਡੀਆਈਜੀ ਬਠਿੰਡਾ ਰੇਂਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਰ ਵਿੱਚ ਇੱਕੋ ਸਮੇਂ ਚਲਾਈ ਗਈ।ਐੱਸਐੱਸਪੀ ਡਾ. ਜਯੋਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵਿਸ਼ੇਸ਼ ਅਭਿਆਨ ਤੜਕੇ 3 ਵਜੇ ਸ਼ੁਰੂ ਕੀਤਾ ਗਿਆ ਅਤੇ ਲਗਾਤਾਰ 12 ਘੰਟਿਆਂ ਤੱਕ ਚੱਲਿਆ। ਇਸ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਥਾਣਾ ਖੇਤਰਾਂ ਵਿੱਚ ਛਾਪੇਮਾਰੀ ਕਰਕੇ ਕਈ ਮਾਮਲਿਆਂ ਵਿੱਚ ਲੋੜੀਂਦੇ ਅਤੇ ਫ਼ਰਾਰ ਚੱਲ ਰਹੇ ਮੁਲਜ਼ਮਾਂ ਨੂੰ ਕਾਬੂ ਕੀਤਾ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਇਹ ਮੁਹਿੰਮ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹੇਗੀ। ਐੱਸਐੱਸਪੀ ਨੇ ਦੱਸਿਆ ਕਿ ਆਪਰੇਸ਼ਨ ਪ੍ਰਹਾਰ ਦੇ ਹੁਣ ਤੱਕ 13 ਪੜਾਅ ਸਫ਼ਲਤਾਪੂਰਵਕ ਪੂਰੇ ਕੀਤੇ ਜਾ ਚੁੱਕੇ ਹਨ। ਇਨ੍ਹਾਂ ਸਾਰੇ ਅਭਿਆਨਾਂ ਦੌਰਾਨ ਬਠਿੰਡਾ ਪੁਲਿਸ ਵੱਲੋਂ 950 ਤੋਂ ਵੱਧ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ 174 ਘੋਸ਼ਿਤ ਅਪਰਾਧੀ (ਪੀਓ.) ਅਤੇ 400 ਤੋਂ ਵੱਧ ਗੰਭੀਰ ਮਾਮਲਿਆਂ ਵਿਚ ਲੋੜੀਂਦੇ ਮੁਲਜ਼ਮ ਵੀ ਸ਼ਾਮਲ ਹਨ। ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਕਾਰਵਾਈਆਂ ਨਾਲ ਅਪਰਾਧਿਕ ਗਤੀਵਿਧੀਆਂ ਤੇ ਪ੍ਰਭਾਵਸ਼ਾਲੀ ਰੋਕ ਲੱਗੀ ਹੈ ਅਤੇ ਅਪਰਾਧੀਆਂ ਵਿਚ ਕਾਨੂੰਨ ਦਾ ਡਰ ਪੈਦਾ ਹੋਇਆ ਹੈ। ਨਸ਼ਾ ਤਸਕਰੀ ਖ਼ਿਲਾਫ਼ ਚੱਲ ਰਹੀ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜੋਤੀ ਯਾਦਵ ਨੇ ਦੱਸਿਆ ਕਿ ਪੁਲਿਸ ਵੱਲੋਂ ਐਨਡੀਪੀਐੱਸ ਐਕਟ ਤਹਿਤ ਹੁਣ ਤੱਕ 1030 ਤੋਂ ਵੱਧ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ, ਜਦਕਿ 1300 ਤੋਂ ਵੱਧ ਨਸ਼ਾ ਤਸਕਰਾਂ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ 13 ਕਿਲੋਗ੍ਰਾਮ ਹੈਰੋਇਨ ਅਤੇ 13 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ, ਜੋ ਨਸ਼ਾ ਤਸਕਰੀ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਦਾ ਸਪੱਸ਼ਟ ਸਬੂਤ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਪੁਲਿਸ ਅਪਰਾਧ ਅਤੇ ਨਸ਼ਾ ਤਸਕਰੀ ਨੂੰ ਜੜ੍ਹੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਇਸ ਤਰ੍ਹਾਂ ਦੇ ਵਿਸ਼ੇਸ਼ ਆਪਰੇਸ਼ਨ ਆਉਣ ਵਾਲੇ ਸਮੇਂ ਵਿਚ ਵੀ ਨਿਰੰਤਰ ਜਾਰੀ ਰਹਿਣਗੇ। ਪੁਲਿਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਕਿਸੇ ਅਪਰਾਧੀ ਜਾਂ ਨਸ਼ਾ ਤਸਕਰ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਬਿਨਾਂ ਕਿਸੇ ਡਰ ਦੇ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਸਮਾਜ ਨੂੰ ਅਪਰਾਧ ਤੇ ਨਸ਼ੇ ਦੇ ਖ਼ਤਰੇ ਤੋਂ ਮੁਕਤ ਬਣਾਇਆ ਜਾ ਸਕੇ।