- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ੀਲੇ ਪਦਾਰਥਾਂ ਸਮੇਤ 8 ਕਥਿਤ ਦੋਸ਼ੀ ਗ੍ਰਿਫ਼ਤਾਰ

ਗੁਰਤੇਜ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਬਠਿੰਡਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 8 ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਹੈਰੋਇਨ, ਨਸ਼ੀਲੇ ਕੈਪਸੂਲ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਤ ਥਾਣਿਆਂ ਵਿੱਚ ਮੁਕੱਦਮੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੀਲੇ ਕੈਪਸੂਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਕਥਿਤ ਦੋਸ਼ੀ ਦੀ ਪਛਾਨ ਸਤਨਾਮ ਸਿੰਘ ਵਾਸੀ ਅਬਲੂ ਵਜੋਂ ਹੋਈ ਹੈ। ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਏਐਸਆਈ ਚਮਕੌਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਬੁਰਜ ਮਹਿਮਾ ਕੋਲ ਗਸ਼ਤ 'ਤੇ ਸੀ ਤਾਂ ਸ਼ੱਕ ਦੇ ਆਧਾਰ 'ਤੇ ਉਕਤ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 70 ਨਸ਼ੀਲੇ ਕੈਪਸੂਲ ਬਰਾਮਦ ਹੋਏ। ਕਥਿਤ ਦੋਸ਼ੀ ਨੂੰ ਬਾਅਦ ਵਿੱਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ। ਇਸੇ ਤਰ੍ਹਾਂ ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਇੱਕ ਕਥਿਤ ਦੋਸ਼ੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਏਐਸਆਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਦਿਆਲਪੁਰਾ ਭਾਈਕਾ ਖੇਤਰ ਵਿੱਚ ਚੈਕਿੰਗ ਦੌਰਾਨ ਦਰਸ਼ਨ ਸਿੰਘ ਵਾਸੀ ਮਲੂਕਾ ਨੂੰ ਸ਼ੱਕੀ ਹਾਲਤ ਵਿੱਚ ਘੁੰਮਦੇ ਹੋਏ ਦਬੋਚਿਆ ਗਿਆ, ਜਿਸ ਦੀ ਤਲਾਸ਼ੀ ਲੈਣ 'ਤੇ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਨਸ਼ੇ ਦੇ ਇੱਕ ਹੋਰ ਮਾਮਲੇ ਵਿਚ ਥਾਣਾ ਫੂਲ ਦੀ ਪੁਲਿਸ ਨੇ ਫੂਲ ਟਾਊਨ ਖੇਤਰ ਵਿੱਚੋਂ ਇੱਕ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਨਸ਼ੀਲੇ ਕੈਪਸੂਲ ਅਤੇ ਗੋਲੀਆਂ ਬਰਾਮਦ ਕੀਤੀਆਂ ਹਨ। ਕਥਿਤ ਦੋਸ਼ੀ ਦੀ ਪਛਾਣ ਨਿਰਮਲ ਸਿੰਘ ਵਾਸੀ ਫੂਲ ਟਾਊਨ ਵਜੋਂ ਹੋਈ ਹੈ। ਤਫ਼ਤੀਸ਼ੀ ਅਫ਼ਸਰ ਏਐਸਆਈ ਸੁਖਮੰਦਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਕੋਲੋਂ ਤਲਾਸ਼ੀ ਦੌਰਾਨ 450 ਨਸ਼ੀਲੇ ਕੈਪਸੂਲ ਅਤੇ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਕੇ ਥਾਣੇ ਦੇ ਹਵਾਲਾਤ ਵਿੱਚ ਬੰਦ ਕਰ ਦਿੱਤਾ ਗਿਆ ਹੈ। ਉੱਧਰ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਅਨਾਜ ਮੰਡੀ ਕੋਲੋਂ ਦੋ ਕਥਿਤ ਦੋਸ਼ੀਆਂ ਨੂੰ ਹੈਰੋਇਨ ਸਮੇਤ ਦਬੋਚਿਆ ਹੈ। ਏਐਸਆਈ ਜਗਤਾਰ ਸਿੰਘ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਲਖਵੀਰ ਸਿੰਘ ਵਾਸੀ ਰਾਮਪੁਰਾ ਮੰਡੀ ਅਤੇ ਕੁਲਵੀਰ ਸਿੰਘ ਵਾਸੀ ਪੱਤੀ ਸੋਲ ਮਹਿਰਾਜ ਵਜੋਂ ਹੋਈ ਹੈ। ਪੁਲਿਸ ਟੀਮ ਨੇ ਸ਼ੱਕ ਦੇ ਆਧਾਰ 'ਤੇ ਇਨ੍ਹਾਂ ਦੀ ਤਲਾਸ਼ੀ ਲਈ ਤਾਂ ਦੋਵਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਵੇਂ ਕਥਿਤ ਦੋਸ਼ੀ ਫਿਲਹਾਲ ਪੁਲਿਸ ਦੀ ਹਿਰਾਸਤ ਵਿੱਚ ਹਨ। ਇਸੇ ਲੜੀ ਤਹਿਤ ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਹੈਰੋਇਨ ਸਮੇਤ ਇੱਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਕਰਾੜਵਾਲਾ ਖੇਤਰ ਵਿੱਚ ਨਾਕਾਬੰਦੀ ਦੌਰਾਨ ਰਣਪ੍ਰੀਤ ਸਿੰਘ ਵਾਸੀ ਕਰਾੜਵਾਲਾ ਨੂੰ ਕਾਬੂ ਕੀਤਾ, ਜਿਸ ਕੋਲੋਂ ਤਲਾਸ਼ੀ ਦੌਰਾਨ 40 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਇਲਾਵਾ ਥਾਣਾ ਮੌੜ ਦੀ ਪੁਲਿਸ ਨੇ ਮੌੜ ਕਲਾਂ ਖੇਤਰ ਵਿੱਚੋਂ ਪ੍ਰੇਮ ਕੁਮਾਰ ਵਾਸੀ ਮੌੜ ਮੰਡੀ ਨੂੰ 45 ਨਸ਼ੀਲੇ ਕੈਪਸੂਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਏਐਸਆਈ ਜਗਤਾਰ ਸਿੰਘ ਨੇ ਦੱਸਿਆ ਕਿ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਕਥਿਤ ਦੋਸ਼ੀ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ। ਥਾਣਾ ਤਲਵੰਡੀ ਸਾਬੋ ਦੇ ਏਐਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਨੇ ਤਲਵੰਡੀ ਸਾਬੋ ਖੇਤਰ ਵਿੱਚੋਂ ਮਨੀ ਸਿੰਘ ਅਤੇ ਸਗਨਦੀਪ ਸਿੰਘ ਦੋਵੇਂ ਵਾਸੀ ਤਲਵੰਡੀ ਨੂੰ 45 ਨਸ਼ੀਲੇ ਕੈਪਸੂਲ ਸਮੇਤ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਨੂੰ ਬਾਅਦ ਵਿੱਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ। ਉੱਥੇ ਹੀ, ਥਾਣਾ ਸੰਗਤ ਦੇ ਏਐਸਆਈ ਪਰਵਿੰਦਰ ਨੇ ਦੱਸਿਆ ਕਿ ਪੁਲਿਸ ਨੇ ਪੱਕਾ ਕਲਾਂ ਖੇਤਰ ਵਿੱਚੋਂ ਫ਼ਤਿਹ ਸਿੰਘ ਵਾਸੀ ਪੱਕਾ ਕਲਾਂ ਨੂੰ 30 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਕੇ ਹਵਾਲਾਤ ਵਿੱਚ ਬੰਦ ਕਰ ਦਿੱਤਾ ਹੈ।