ਡੀਆਈਜੀ ਹਰਜੀਤ ਸਿੰਘ ਦੀ ਅਗਵਾਈ ਹੇਠ ਮਿਲੇਗਾ ਇਨਸਾਫ਼, 10 ਸਾਲਾਂ ਦੀ ਉਡੀਕ ਹੋਵੇਗੀ ਖ਼ਤਮ : ਭੁਪਿੰਦਰ ਗੋਰਾ ਭੁਪਿੰਦਰ ਸਿੰਘ ਗੋਰਾ ਡੀਆਈਜੀ ਹਰਜੀਤ ਸਿੰਘ ਦੀ ਅਗਵਾਈ ਹੇਠ ਮਿਲੇਗਾ ਇਨਸਾਫ਼, 10 ਸਾਲਾਂ ਦੀ ਉਡੀਕ ਹੋਵੇਗੀ ਖ਼ਤਮ :- ਭੁਪਿੰਦਰ ਗੋਰਾ
Publish Date: Mon, 06 Jul 2026 04:49 PM (IST)
Updated Date: Mon, 06 Jul 2026 04:51 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਬਰਗਾੜੀ ਅਤੇ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਮੰਦਭਾਗੀ ਬੇਅਦਬੀ ਦੇ ਮਾਮਲੇ ਵਿੱਚ ਹਾਈਕੋਰਟ ਵਿੱਚ ਇਸ ਕੇਸ ਦੀ ਪਟੀਸ਼ਨ ਪਾਉਣ ਵਾਲੇ ਅਤੇ ਮੁੱਖ ਗਵਾਹ ਭੁਪਿੰਦਰ ਸਿੰਘ ਗੋਰਾ ਨੇ ਅੱਜ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਇਸ ਮਾਮਲੇ ਵਿਚ ਇੱਕ ਅਹਿਮ ਮੋੜ ਆਇਆ ਹੈ। ਪੰਜਾਬ ਦੇ ਡੀਜੀਪੀ. ਗੌਰਵ ਯਾਦਵ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਭੁਪਿੰਦਰ ਸਿੰਘ ਗੋਰਾ ਨੇ ਦੱਸਿਆ ਕਿ ਡੀਜੀਪੀ. ਵੱਲੋਂ ਇਸ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਲਈ ਇੱਕ ਨਵੀਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਅਸੀਂ ਡੀ.ਜੀ.ਪੀ. ਗੌਰਵ ਯਾਦਵ ਜੀ ਦੇ ਬਹੁਤ ਰਿਣੀ ਹਾਂ, ਜਿਨ੍ਹਾਂ ਨੇ ਬੇਹੱਦ ਕਾਬਲ, ਨਿਰਪੱਖ ਅਤੇ ਇਮਾਨਦਾਰ ਅਫ਼ਸਰ ਡੀ.ਆਈ.ਜੀ. ਹਰਜੀਤ ਸਿੰਘ ਜੀ ਨੂੰ ਇਸ ਸਿੱਟ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਭੁਪਿੰਦਰ ਸਿੰਘ ਗੋਰਾ ਨੇ ਭਾਵੁਕ ਹੁੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨਾਲ ਦੇਸ਼ਾਂ-ਵਿਦੇਸ਼ਾਂ ਵਿੱਚ ਬੈਠੀ ਸਮੁੱਚੀ ਸਿੱਖ ਕੌਮ ਦੇ ਹਿਰਦੇ ਬੁਰੀ ਤਰ੍ਹਾਂ ਵਲੂੰਧਰੇ ਗਏ ਸਨ। ਅੱਜ ਪੂਰੇ 10 ਸਾਲ ਬੀਤ ਜਾਣ ਦੇ ਬਾਵਜੂਦ ਵੀ ਸਿੱਖ ਸੰਗਤ ਇਸ ਇਨਸਾਫ਼ ਦੀ ਉਡੀਕ ਕਰ ਰਹੀ ਹੈ। ਪਿਛਲੀਆਂ ਸਰਕਾਰਾਂ ਅਤੇ ਪ੍ਰਸ਼ਾਸਨ ਵੱਲੋਂ ਹਾਲੇ ਤਕ ਪੀੜਤਾਂ ਨੂੰ ਪੂਰਨ ਇਨਸਾਫ਼ ਨਹੀਂ ਦਿੱਤਾ ਜਾ ਸਕਿਆ। ਹੁਣ ਭੁਪਿੰਦਰ ਗੋਰਾ ਨੇ ਪੂਰਨ ਉਮੀਦ ਜਤਾਉਂਦਿਆਂ ਕਿਹਾ ਕਿ ਡੀਆਈਜੀ. ਹਰਜੀਤ ਸਿੰਘ ਦੀ ਅਗਵਾਈ ਹੇਠ ਬਣੀ ਇਹ ਨਵੀਂ ਟੀਮ ਮਾਮਲੇ ਦੀ ਤਹਿ ਤੱਕ ਜਾ ਕੇ ਦੋਸ਼ੀਆਂ ਨੂੰ ਬੇਨਕਾਬ ਕਰੇਗੀ। ਉਨ੍ਹਾਂ ਕਿਹਾ ਮੈਨੂੰ ਅਤੇ ਪੂਰੀ ਸਿੱਖ ਕੌਮ ਨੂੰ ਹੁਣ ਪੂਰਾ ਭਰੋਸਾ ਹੈ ਕਿ ਸਾਨੂੰ ਇਨਸਾਫ਼ ਜ਼ਰੂਰ ਮਿਲੇਗਾ ਅਤੇ ਗੁਰੂ ਸਾਹਿਬ ਦੇ ਦੋਸ਼ੀ ਸਲਾਖਾਂ ਦੇ ਪਿੱਛੇ ਹੋਣਗੇ।