ਨੁੱਕੜ ਮੀਟਿੰਗਾਂ ਰਾਹੀਂ ਭਾਜਪਾ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਤੇਜ਼, ਹਰਮੰਦਰ ਸਿੰਘ ਜੱਸੀ ਨੇ ਵਰਕਰਾਂ ਵਿੱਚ ਭਰਿਆ ਜੋਸ਼ ਨੁੱਕੜ ਮੀਟਿੰਗਾਂ ਰਾਹੀਂ ਭਾਜਪਾ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਤੇਜ਼, ਹਰਮੰਦਰ ਸਿੰਘ ਜੱਸੀ ਨੇ ਵਰਕਰਾਂ ਵਿੱਚ ਭਰਿਆ ਜੋਸ਼
Publish Date: Tue, 07 Jul 2026 04:23 PM (IST)
Updated Date: Tue, 07 Jul 2026 04:24 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਜਨਤਾ ਪਾਰਟੀ ਨੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਬਠਿੰਡਾ ਤੋਂ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਇਸ ਮੁਹਿੰਮ ਦਾ ਉਦੇਸ਼ ਪਾਰਟੀ ਦੇ ਪੁਰਾਣੇ ਅਤੇ ਨਵੇਂ ਵਰਕਰਾਂ ਨੂੰ ਇੱਕ ਮੰਚ ਤੇ ਇਕੱਠਾ ਕਰਕੇ ਸੰਗਠਨ ਨੂੰ ਜ਼ਮੀਨੀ ਪੱਧਰ ਤੇ ਹੋਰ ਮਜ਼ਬੂਤ ਬਣਾਉਣਾ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਹੈ। ਇਸ ਤਹਿਤ ਅੱਜ ਵਾਰਡ ਨੰਬਰ 21 ਵਿੱਚ ਸੋਨੀਆ ਨਈਅਰ ਅਤੇ ਕੁਨਾਲ ਨਈਅਰ ਦੇ ਗ੍ਰਹਿ ਵਿਖੇ ਇੱਕ ਅਹਿਮ ਮੀਟਿੰਗ ਕਰਵਾਈ ਗਈ, ਜਿਸ ਵਿੱਚ ਇਲਾਕੇ ਦੇ ਭਾਜਪਾ ਆਗੂਆਂ, ਬੂਥ ਪੱਧਰ ਦੇ ਵਰਕਰਾਂ ਅਤੇ ਪਾਰਟੀ ਦੇ ਸਰਗਰਮ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸੰਗਠਨ ਦੀ ਮਜ਼ਬੂਤੀ, ਲੋਕਾਂ ਨਾਲ ਰਾਬਤਾ ਵਧਾਉਣ, ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਆਉਣ ਵਾਲੇ ਸਮੇਂ ਲਈ ਕਾਰਜ-ਯੋਜਨਾ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਮਿੰਦਰ ਸਿੰਘ ਜੱਸੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅੱਜ ਦੇਸ਼ ਦੀ ਸਭ ਤੋਂ ਮਜ਼ਬੂਤ ਅਤੇ ਲੋਕਾਂ ਦਾ ਭਰੋਸਾ ਜਿੱਤਣ ਵਾਲੀ ਸਿਆਸੀ ਪਾਰਟੀ ਬਣ ਚੁੱਕੀ ਹੈ। ਪੰਜਾਬ ਦੇ ਲੋਕ ਵੀ ਹੁਣ ਸੂਬੇ ਵਿੱਚ ਵਿਕਾਸ ਅਤੇ ਸਥਿਰਤਾ ਵਾਲੀ ਸਰਕਾਰ ਚਾਹੁੰਦੇ ਹਨ। ਲੋਕਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਕੇਂਦਰ ਅਤੇ ਸੂਬੇ ਵਿੱਚ ਇੱਕੋ ਵਿਚਾਰਧਾਰਾ ਦੀ ਸਰਕਾਰ ਹੋਣ ਨਾਲ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ ਅਤੇ ਪੰਜਾਬ ਨੂੰ ਨਵੀਆਂ ਉਚਾਈਆਂ ਤੱਕ ਲਿਜਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਭਾਜਪਾ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਪਾਰਟੀ ਦਾ ਹਰ ਵਰਕਰ ਲੋਕਾਂ ਦੀ ਸੇਵਾ ਲਈ ਸਮਰਪਿਤ ਹੈ। ਹਰਮੰਦਰ ਸਿੰਘ ਜੱਸੀ ਨੇ ਕਿਹਾ ਕਿ ਉਹ ਲਗਾਤਾਰ ਪੁਰਾਣੇ ਅਤੇ ਤਜਰਬੇਕਾਰ ਵਰਕਰਾਂ ਨਾਲ ਸੰਪਰਕ ਕਰ ਰਹੇ ਹਨ, ਕਿਉਂਕਿ ਪਾਰਟੀ ਦੀ ਅਸਲ ਤਾਕਤ ਉਸ ਦਾ ਸਮਰਪਿਤ ਵਰਕਰ ਹੈ। ਉਨ੍ਹਾਂ ਕਿਹਾ ਕਿ ਹਰ ਵਾਰਡ ਵਿੱਚ ਨੁੱਕੜ ਮੀਟਿੰਗਾਂ ਰਾਹੀਂ ਵਰਕਰਾਂ ਦੀ ਰਾਏ ਲਈ ਜਾ ਰਹੀ ਹੈ ਅਤੇ ਉਨ੍ਹਾਂ ਦੇ ਸੁਝਾਵਾਂ ਦੇ ਆਧਾਰ ਤੇ ਸੰਗਠਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ। ਨਾਲ ਹੀ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿੱਚ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਿਰਫ਼ ਚੋਣਾਂ ਦੇ ਸਮੇਂ ਹੀ ਲੋਕਾਂ ਵਿੱਚ ਨਹੀਂ ਜਾਂਦੀ, ਸਗੋਂ ਹਰ ਸਮੇਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਯਤਨਸ਼ੀਲ ਰਹਿੰਦੀ ਹੈ। ਇਸੇ ਲਈ ਪਾਰਟੀ ਵੱਲੋਂ ਹਰ ਵਾਰਡ ਵਿੱਚ ਲਗਾਤਾਰ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਨੂੰ ਉਚਿਤ ਪੱਧਰ ਤੇ ਉਠਾਇਆ ਜਾ ਸਕੇ। ਮੀਟਿੰਗ ਦੌਰਾਨ ਹਰਮੰਦਰ ਸਿੰਘ ਜੱਸੀ ਨੇ ਸਰਕਾਰੀ ਮੁਲਾਜ਼ਮਾਂ ਨਾਲ ਜੁੜੇ ਮੁੱਦਿਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨੂੰ ਬਣਦਾ ਮਹਿੰਗਾਈ ਭੱਤਾ (ਡੀਏ) ਸਮੇਂ ਸਿਰ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਤਾਂ ਜੋ ਉਹ ਪੂਰੇ ਮਨੋਬਲ ਨਾਲ ਆਪਣੀਆਂ ਸੇਵਾਵਾਂ ਨਿਭਾ ਸਕਣ। ਮੀਟਿੰਗ ਵਿੱਚ ਮੌਜੂਦ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਬਠਿੰਡਾ ਸ਼ਹਿਰ ਦੇ ਹਰ ਵਾਰਡ ਵਿੱਚ ਇਸ ਤਰ੍ਹਾਂ ਦੀਆਂ ਨੁੱਕੜ ਮੀਟਿੰਗਾਂ ਕਰਵਾਈਆਂ ਜਾਣਗੀਆਂ ਤਾਂ ਜੋ ਪਾਰਟੀ ਦਾ ਜਨ-ਅਧਾਰ ਹੋਰ ਵਿਸ਼ਾਲ ਬਣਾਇਆ ਜਾ ਸਕੇ ਅਤੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾ ਸਕੇ।