10 ਦੇ ਧਰਨੇ ਦੀਆਂ ਤਿਆਰੀਆਂ ਤੇਜ਼, ਲੋਕਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ : ਕ੍ਰਿਸ਼ਨ ਸਿੰਘ 10 ਜੁਲਾਈ ਦੇ ਧਰਨੇ ਦੀਆਂ ਤਿਆਰੀਆਂ ਤੇਜ਼, ਲੋਕਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਦੀ ਅਪੀਲ- ਕ੍ਰਿਸ਼ਨ ਸਿੰਘ ਭਾਗੀਵਾਂਦਰ
Publish Date: Wed, 08 Jul 2026 05:19 PM (IST)
Updated Date: Thu, 09 Jul 2026 04:01 AM (IST)
ਫੋਟੋ:10 ਕੈਪਸ਼ਨ : ਧਰਨੇ ਸਬੰਧੀ ਕਾਂਗਰਸ ਦਫਤਰ ਤਲਵੰਡੀ ਸਾਬੋ ਵਿਖੇ ਕ੍ਰਿਸ਼ਨ ਸਿੰਘ ਭਾਗੀਵਾਂਦਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਦੇ ਹੋਏ। ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਕਾਂਗਰਸੀ ਆਗੂ ਤੇ ਬਲਾਕ ਕਾਂਗਰਸ ਤਲਵੰਡੀ ਸਾਬੋ ਦੇ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ ਪਹਿਲਾਂ ਹੀ ਪ੍ਰਸ਼ਾਸਨ ਨੂੰ ਤਲਵੰਡੀ ਸਾਬੋ ਦੇ ਖਸਤਾ ਹਾਲ ਬੱਸ ਸਟੈਂਡ ਦੇ ਮੁੱਦੇ ਤੇ 10 ਜੁਲਾਈ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ। ਇਸ ਸਬੰਧੀ ਅੱਜ ਉਨ੍ਹਾਂ ਦੇ ਦਫ਼ਤਰ ਵਿਖੇ ਇਕ ਅਹਿਮ ਮੀਟਿੰਗ ਕਰ ਕੇ 10 ਜੁਲਾਈ ਨੂੰ ਬੱਸ ਸਟੈਂਡ ਅੱਗੇ ਦਿੱਤੇ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਇਹ ਧਰਨਾ ਕਿਸੇ ਵੀ ਸਿਆਸੀ ਮਕਸਦ ਲਈ ਨਹੀਂ, ਸਗੋਂ ਤਲਵੰਡੀ ਸਾਬੋ ਦੇ ਲੋਕਾਂ ਅਤੇ ਇਲਾਕੇ ਦੇ ਭਵਿੱਖ ਲਈ ਲੜਾਈ ਹੈ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਸਮੂਹ ਰਾਜਨੀਤਕ ਪਾਰਟੀਆਂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ, ਵਪਾਰਕ ਵਰਗ ਅਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਧਰਨੇ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਦਾ ਬੱਸ ਸਟੈਂਡ ਆਪਣੀ ਮਾੜੀ ਹਾਲਤ ਕਾਰਨ ਲੋਕਾਂ ਲਈ ਵੱਡੀ ਸਮੱਸਿਆ ਬਣਿਆ ਹੋਇਆ ਹੈ। ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਲਈ ਦੇਸ਼-ਵਿਦੇਸ਼ ਤੋਂ ਹਰ ਰੋਜ਼ ਹਜ਼ਾਰਾਂ ਸ਼ਰਧਾਲੂ ਤਲਵੰਡੀ ਸਾਬੋ ਪਹੁੰਚਦੇ ਹਨ ਅਤੇ ਸਭ ਤੋਂ ਪਹਿਲਾਂ ਬੱਸ ਸਟੈਂਡ ਦੀ ਇਹ ਮਾੜੀ ਤਸਵੀਰ ਉਨ੍ਹਾਂ ਦੇ ਸਾਹਮਣੇ ਆਉਂਦੀ ਹੈ, ਜਿਸ ਨਾਲ ਪਵਿੱਤਰ ਨਗਰੀ ਦੀ ਛਵੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ, ਪਰ ਬੱਸ ਸਟੈਂਡ ਦੀ ਮੌਜੂਦਾ ਹਾਲਤ ਇਸ ਦਰਜੇ ਦੇ ਅਨੁਕੂਲ ਨਹੀਂ ਹੈ। ਇਸ ਲਈ ਪ੍ਰਸ਼ਾਸਨ ਨੂੰ ਤੁਰੰਤ ਬੱਸ ਸਟੈਂਡ ਦੇ ਨਿਰਮਾਣ ਅਤੇ ਸੁਧਾਰ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਭਾਗੀਵਾਂਦਰ ਨੇ ਤਲਵੰਡੀ ਸਾਬੋ ਅਤੇ ਇਲਾਕੇ ਦੇ ਹਰ ਨਾਗਰਿਕ ਨੂੰ ਅਪੀਲ ਕਰਦਿਆਂ ਕਿਹਾ ਕਿ 10 ਜੁਲਾਈ ਨੂੰ ਹੋਣ ਵਾਲੇ ਧਰਨੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਲੋਕ ਹਿੱਤ ਦੀ ਲੜਾਈ ਨੂੰ ਮਜ਼ਬੂਤ ਬਣਾਇਆ ਜਾਵੇ, ਤਾਂ ਜੋ ਬੱਸ ਸਟੈਂਡ ਦੇ ਮੁੱਦੇ ਦਾ ਜਲਦ ਹੱਲ ਕਰਵਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਉਪ ਪ੍ਰਧਾਨ ਕਾਂਗਰਸ ਰਣਵੀਰ ਸਿੰਘ ਸ਼ੇਖਪੁਰਾ, ਸਾਬਕਾ ਚੇਅਰਮੈਨ ਜਗਤਾਰ ਸਿੰਘ ਮੈਨੂੰਆਣਾ, ਸਾਬਕਾ ਬਲਾਕ ਪ੍ਰਧਾਨ ਦਿਲਪ੍ਰੀਤ ਸਿੰਘ ਜਗਾਰਾਮ ਤੀਰਥ, ਮਨਦੀਪ ਸਿੰਘ, ਜ਼ਿਲ੍ਹਾ ਯੂਥ ਕਾਂਗਰਸ ਉਪ ਪ੍ਰਧਾਨ ਬਲਜੀਤ ਸਿੰਘ, ਹਰਦੀਪ ਸਿੰਘ ਭਾਗੀਵਾਂਦਰ, ਵਿਕਾਸ ਤਲਵੰਡੀ ਸਮੇਤ ਕਾਂਗਰਸ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਹਾਜ਼ਰ ਸਨ।