ਸਫਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਹੜਤਾਲ ਸ਼ੁਰੂ ਸਫਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਹੜਤਾਲ ਸ਼ੁਰੂ, ਭੁੱਚੋ ਮੰਡੀ ਵਿੱਚ ਨਗਰ ਕੌਂਸਲ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ
Publish Date: Wed, 08 Jul 2026 06:31 PM (IST)
Updated Date: Thu, 09 Jul 2026 04:04 AM (IST)
* ਭੁੱਚੋ ਮੰਡੀ ਵਿੱਚ ਨਗਰ ਕੌਂਸਲ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ * ਲੰਬਿਤ ਮੰਗਾਂ ਦੇ ਹੱਲ ਲਈ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ, ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਵੇਗਾ ਹੋਰ ਤੇਜ਼ ਫੋਟੋ:16 ਕੈਪਸ਼ਨ:ਨਗਰ ਕੌਸਲ ਦੇ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਸਫਾਈ ਕਾਮੇ ਹਰਮੇਲ ਸਾਗਰ, ਪੰਜਾਬੀ ਜਾਗਰਣ ਭੁੱਚੋ ਮੰਡੀ : ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਸੂਬੇ ਭਰ ’ਚ ਬੁੱਧਵਾਰ ਤੋਂ ਹੜਤਾਲ ਸ਼ੁਰੂ ਕਰ ਦਿੱਤੀ ਗਈ। ਇਸੇ ਤਹਿਤ ਸਫਾਈ ਸੇਵਕ ਯੂਨੀਅਨ ਇਕਾਈ ਭੁੱਚੋ ਮੰਡੀ ਵੱਲੋਂ ਨਗਰ ਕੌਂਸਲ ਦਫ਼ਤਰ ਅੱਗੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਫਾਈ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੰਗਾਂ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਪੱਪੂ ਰਾਮ ਅਤੇ ਸਕੱਤਰ ਦਿਲਬਾਗ ਨੇ ਕਿਹਾ ਕਿ ਪੰਜਾਬ ਦੇ ਸਮੂਹ ਨਗਰ ਨਿਗਮਾਂ, ਨਗਰ ਕੌਂਸਲਾਂ, ਨਗਰ ਪੰਚਾਇਤਾਂ, ਕਾਰਪੋਰੇਸ਼ਨਾਂ ਅਤੇ ਹੋਰ ਸਥਾਨਕ ਸਰਕਾਰੀ ਅਦਾਰਿਆਂ ਵਿੱਚ ਕੰਮ ਕਰ ਰਹੇ ਸਫਾਈ ਕਰਮਚਾਰੀਆਂ, ਕੰਟੀਨਜੈਂਟ ਮੁਲਾਜ਼ਮਾਂ, ਆਊਟਸੋਰਸ ਕਰਮਚਾਰੀਆਂ, ਪੰਪ ਆਪਰੇਟਰਾਂ, ਇਲੈਕਟ੍ਰੀਸ਼ਨਾਂ, ਡਰਾਈਵਰਾਂ, ਮਾਲੀਆਂ, ਬੇਲਦਾਰਾਂ, ਸੀਵਰਮੈਨਾਂ ਅਤੇ ਫਾਇਰ ਬ੍ਰਿਗੇਡ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਲੰਬੇ ਸਮੇਂ ਤੋਂ ਸਰਕਾਰ ਕੋਲ ਲੰਬਿਤ ਪਈਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਵਾਰ-ਵਾਰ ਧਿਆਨ ਦਿਵਾਉਣ ਦੇ ਬਾਵਜੂਦ ਸਰਕਾਰ ਵੱਲੋਂ ਅਜੇ ਤੱਕ ਕੋਈ ਸਕਾਰਾਤਮਕ ਕਦਮ ਨਹੀਂ ਚੁੱਕਿਆ ਗਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਵੱਲੋਂ 25 ਜੂਨ 2026 ਨੂੰ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਸੌਂਪਿਆ ਗਿਆ ਸੀ ਅਤੇ ਮੰਗਾਂ ਦੇ ਨਿਪਟਾਰੇ ਲਈ 8 ਜੁਲਾਈ ਤੱਕ ਦਾ ਸਮਾਂ ਦਿੱਤਾ ਗਿਆ ਸੀ। ਪਰ ਨਿਰਧਾਰਤ ਸਮੇਂ ਤੱਕ ਵੀ ਸਰਕਾਰ ਵੱਲੋਂ ਕੋਈ ਠੋਸ ਭਰੋਸਾ ਜਾਂ ਕਾਰਵਾਈ ਸਾਹਮਣੇ ਨਾ ਆਉਣ ਕਾਰਨ ਮਜ਼ਬੂਰਨ ਸੂਬਾ ਪੱਧਰੀ ਹੜਤਾਲ ਦਾ ਰਾਹ ਅਖ਼ਤਿਆਰ ਕਰਨਾ ਪਿਆ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਕੱਚੇ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਠੇਕਾ ਪ੍ਰਥਾ ਖ਼ਤਮ ਕੀਤੀ ਜਾਵੇ, ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ, ਸਮੇਂ ਸਿਰ ਤਨਖ਼ਾਹਾਂ ਜਾਰੀ ਕੀਤੀਆਂ ਜਾਣ, ਖਾਲੀ ਅਸਾਮੀਆਂ ਨੂੰ ਭਰਿਆ ਜਾਵੇ ਅਤੇ ਸਫਾਈ ਕਰਮਚਾਰੀਆਂ ਨਾਲ ਸਬੰਧਤ ਹੋਰ ਲੰਬਿਤ ਮੰਗਾਂ ਨੂੰ ਵੀ ਬਿਨਾਂ ਦੇਰੀ ਲਾਗੂ ਕੀਤਾ ਜਾਵੇ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਅਣਗਹਿਲੀ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਹੀ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸੂਬਾ ਪੱਧਰ ਤੇ ਵੱਡੇ ਅੰਦੋਲਨ ਉਲੀਕੇ ਜਾਣਗੇ। ਇਸ ਮੌਕੇ ਯੂਨੀਅਨ ਦੇ ਚੇਅਰਮੈਨ ਰਮੇਸ਼ ਕੁਮਾਰ ਪ੍ਰਭੂ, ਸਲਾਹਕਾਰ ਲਛਮਣ ਦਾਸ ਸਮੇਤ ਵੱਡੀ ਗਿਣਤੀ ਵਿੱਚ ਸਫਾਈ ਕਰਮਚਾਰੀ, ਜਿਨ੍ਹਾਂ ’ਚ ਮਹਿਲਾ ਤੇ ਪੁਰਸ਼ ਮੁਲਾਜ਼ਮ ਵੀ ਸ਼ਾਮਲ ਸਨ, ਹਾਜ਼ਰ ਰਹੇ। ਕਰਮਚਾਰੀਆਂ ਨੇ ਇਕਜੁੱਟ ਹੋ ਕੇ ਆਪਣੀਆਂ ਮੰਗਾਂ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਸਰਕਾਰ ਤੋਂ ਤੁਰੰਤ ਗੱਲਬਾਤ ਕਰ ਕੇ ਮਸਲਿਆਂ ਦਾ ਹੱਲ ਕਰਨ ਦੀ ਅਪੀਲ ਕੀਤੀ।