ਸਫ਼ਾਈ ਸੇਵਕਾਂ ਵੱਲੋਂ ਮੁੜ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਸਫ਼ਾਈ ਸੇਵਕਾਂ ਵੱਲੋਂ ਮੁੜ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
Publish Date: Thu, 09 Jul 2026 04:15 PM (IST)
Updated Date: Thu, 09 Jul 2026 04:18 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ: ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਰੋਸ ਵਜੋਂ, ਸਫ਼ਾਈ ਸੇਵਕ ਯੂਨੀਅਨ ਨਗਰ ਪੰਚਾਇਤ ਭਗਤਾ ਭਾਈਕਾ ਦੇ ਸਫਾਈ ਸੇਵਕਾਂ ਵੱਲੋਂ ਮੁੜ ਅਣਮਿੱਥੇ ਸਮੇਂ ਲਈ ਕੰਮ-ਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਪ੍ਰਧਾਨ ਸੁਖਦੀਪ ਕੁਮਾਰ ਅਤੇ ਚੇਅਰਮੈਨ ਸੰਨੀ ਕੁਮਾਰ ਨੇ ਦੱਸਿਆ ਕਿ ਪੰਜਾਬ ਭਰ ਦੇ ਮਿਉਂਸਪਲ ਮੁਲਾਜ਼ਮ, ਸਫ਼ਾਈ ਸੇਵਕ ਅਤੇ ਸੀਵਰਮੈਨ ਆਪਣੀਆਂ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਮਿਲ ਰਿਹਾ। ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਭਗਤਾ ਭਾਈ ਦੇ ਸਫਾਈ ਸੇਵਕਾਂ ਮੁੜ ਅਣਮਿੱਥੇ ਸਮੇਂ ਲਈ ਹੜਤਾਲ ਸੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਨਗਰ ਪੰਚਾਇਤ ਭਗਤਾ ਭਾਈਕਾ ਦੇ ਮਤਾ ਨੰਬਰ 25 (16/08/2024) ਅਨੁਸਾਰ ਸਫ਼ਾਈ ਸੇਵਕਾਂ ਨੂੰ ਕੰਟਰੈਕਟ ਤੇ ਭਰਤੀ ਕਰਨ ਦੀ ਪ੍ਰਕਿਰਿਆ ਤੁਰੰਤ ਮੁਕੰਮਲ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਨੂੰ ਤੁਰੰਤ ਬਹਾਲ ਕੀਤਾ ਜਾਵੇ, ਕੰਟਰੈਕਟ ਕਰਮਚਾਰੀਆਂ ਦਾ ਬਕਾਇਆ ਈ.ਪੀ.ਐਫ ਤੁਰੰਤ ਜਮ੍ਹਾਂ ਕਰਵਾਇਆ ਜਾਵੇ, ਰੈਗੂਲਰ ਕਰਮਚਾਰੀਆਂ ਨੂੰ ਡੀਏ ਦੀਆਂ ਪੈਂਡਿੰਗ ਕਿਸ਼ਤਾਂ ਜਾਰੀ ਕੀਤੀਆਂ ਜਾਣ, 2016 ਦੇ ਐਕਟ ਤਹਿਤ 3 ਸਾਲਾ ਪਾਲਿਸੀ ਲਾਗੂ ਕੀਤੀ ਜਾਵੇ ਅਤੇ 10 ਸਾਲਾ ਪਾਲਿਸੀ ਨੂੰ ਤੁਰੰਤ ਰੱਦ ਕੀਤਾ ਜਾਵੇ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਸਰਕਾਰ ਅਤੇ ਪ੍ਰਸ਼ਾਸਨ ਉਹਨਾਂ ਦੀਆਂ ਮੰਗਾਂ ਨੂੰ ਨਹੀਂ ਮੰਨਦਾ, ਇਹ ਹੜਤਾਲ ਜਾਰੀ ਰਹੇਗੀ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਮੁਕੰਮਲ ਤੌਰ ਤੇ ਬੰਦ ਰੱਖੀ ਜਾਵੇਗੀ। ਇਸ ਦੌਰਾਨ ਹੋਣ ਵਾਲੀ ਕਿਸੇ ਵੀ ਪ੍ਰੇਸ਼ਾਨੀ ਲਈ ਪੰਜਾਬ ਸਰਕਾਰ ਸਿੱਧੇ ਤੌਰ ਤੇ ਜ਼ਿੰਮੇਵਾਰ ਹੋਵੇਗੀ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ, ਨਗਰ ਪੰਚਾਇਤ ਭਗਤਾ ਭਾਈ ਦੇ ਮੀਤ ਪ੍ਰਧਾਨ ਰਜੇਸ ਲਾਲ, ਸੈਕਟਰੀ ਕ੍ਰਿਸ਼ਨ ਕੁਮਾਰ ਗੋਰੀ, ਕੈਸੀਅਰ ਬਲਜਿੰਦਰ ਰੂਪ ਆਦਿ ਹਾਜਰ ਸਨ।