ਤਲਵੰਡੀ ਸਾਬੋ ’ਚ ਮੁੜ ਸਰਗਰਮ ਹੋਏ ਬਲਵੀਰ ਸਿੰਘ ਸਿੱਧੂ, ਕਾਂਗਰਸ ਹਾਈਕਮਾਂਡ ਨਾਲ ਮੁਲਾਕਾਤ ਨੇ ਛੇੜੀ ਚਰਚਾ ਤਲਵੰਡੀ ਸਾਬੋ ਵਿੱਚ ਮੁੜ ਸਰਗਰਮ ਹੋਏ ਬਲਵੀਰ ਸਿੰਘ ਸਿੱਧੂ, ਕਾਂਗਰਸ ਹਾਈਕਮਾਂਡ ਨਾਲ ਮੁਲਾਕਾਤ ਨੇ ਛੇੜੀ ਚਰਚਾ
Publish Date: Thu, 09 Jul 2026 04:42 PM (IST)
Updated Date: Thu, 09 Jul 2026 04:45 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ ਚੰਡੀਗੜ੍ਹ ਵਿਖੇ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਕਾਂਗਰਸੀ ਆਗੂ ਬਲਵੀਰ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਹ ਮੁਲਾਕਾਤ ਕਾਫ਼ੀ ਸਮੇਂ ਤੱਕ ਚੱਲੀ, ਜਿਸ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, 2027 ਦੀਆਂ ਵਿਧਾਨ ਸਭਾ ਚੋਣਾਂ, ਕਾਂਗਰਸ ਪਾਰਟੀ ਦੀਆਂ ਭਵਿੱਖੀ ਯੋਜਨਾਵਾਂ ਅਤੇ ਹਲਕਾ ਤਲਵੰਡੀ ਸਾਬੋ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਮੇਤ ਕਈ ਅਹਿਮ ਮੁੱਦਿਆਂ ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਹਲਕਾ ਤਲਵੰਡੀ ਸਾਬੋ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀ ਜ਼ਮੀਨੀ ਮਜ਼ਬੂਤੀ, ਲੋਕਾਂ ਨਾਲ ਸਿੱਧੇ ਸੰਪਰਕ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਸਬੰਧੀ ਵੀ ਵਿਸਥਾਰ ਨਾਲ ਚਰਚਾ ਹੋਈ। ਇਸ ਤੋਂ ਇਲਾਵਾ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ, ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ਅਤੇ ਕਾਂਗਰਸ ਦੀ ਮੌਜੂਦਗੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵੀ ਰਣਨੀਤੀ ਤੇ ਵਿਚਾਰ ਕੀਤਾ ਗਿਆ। ਕਾਫ਼ੀ ਸਮੇਂ ਤੋਂ ਜਨਤਕ ਸਿਆਸੀ ਗਤੀਵਿਧੀਆਂ ਵਿੱਚ ਘੱਟ ਨਜ਼ਰ ਆ ਰਹੇ ਬਲਵੀਰ ਸਿੰਘ ਸਿੱਧੂ ਦੀ ਇਹ ਸਰਗਰਮੀ ਹੁਣ ਹਲਕਾ ਤਲਵੰਡੀ ਸਾਬੋ ਦੀ ਰਾਜਨੀਤੀ ਵਿੱਚ ਚਰਚਾ ਦਾ ਕੇਂਦਰ ਬਣ ਰਹੀ ਹੈ। ਇਸ ਮੁਲਾਕਾਤ ਤੋਂ ਬਾਅਦ ਇਹ ਸੰਕੇਤ ਮਿਲ ਰਹੇ ਹਨ ਕਿ ਉਹ ਆਉਣ ਵਾਲੇ ਸਮੇਂ ਵਿੱਚ ਹਲਕੇ ਅੰਦਰ ਆਪਣੀਆਂ ਸਿਆਸੀ ਗਤੀਵਿਧੀਆਂ ਨੂੰ ਹੋਰ ਤੇਜ਼ ਕਰ ਸਕਦੇ ਹਨ। ਉਨ੍ਹਾਂ ਹਲਕਾ ਤਲਵੰਡੀ ਸਾਬੋ ਨਾਲ ਜੁੜੇ ਕਈ ਸਥਾਨਕ ਮੁੱਦੇ ਵੀ ਹਾਈਕਮਾਂਡ ਦੇ ਧਿਆਨ ਵਿੱਚ ਲਿਆਂਦੇ ਅਤੇ ਭਵਿੱਖ ਵਿੱਚ ਲੋਕਾਂ ਦੇ ਵਿਚਕਾਰ ਹੋਰ ਵੱਧ ਸਰਗਰਮ ਰਹਿਣ ਦਾ ਭਰੋਸਾ ਦਿੱਤਾ। ਹਲਕਾ ਤਲਵੰਡੀ ਸਾਬੋ ਵਿੱਚ ਇਸ ਮੁਲਾਕਾਤ ਤੋਂ ਬਾਅਦ ਵੱਖ-ਵੱਖ ਤਰ੍ਹਾਂ ਦੀਆਂ ਸਿਆਸੀ ਚਰਚਾਵਾਂ ਨੇ ਵੀ ਜ਼ੋਰ ਫੜ ਲਿਆ ਹੈ। ਹਾਲਾਂਕਿ ਪਾਰਟੀ ਵੱਲੋਂ ਉਮੀਦਵਾਰਾਂ ਜਾਂ ਟਿਕਟ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ। ਇਸ ਮੌਕੇ ਬਲਵੀਰ ਸਿੰਘ ਸਿੱਧੂ ਦੇ ਪੋਤਰੇ ਜ਼ੋਰਾਵਰ ਸਿੱਧੂ ਅਤੇ ਰੂਬੀ ਸ਼ਰਮਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।