- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਅਦੇ ਕਰਕੇ ਮੁਕਰੀ ਸਰਕਾਰ, ਹੱਕਾਂ ਲਈ ਮੁੜ ਸੜਕਾਂ 'ਤੇ ਸਫਾਈ ਸੇਵਕ

-ਪੰਜਾਬ ਭਰ ਵਿੱਚ ਅਣਮਿੱਥੇ ਸਮੇਂ ਦੀ ਹੜਤਾਲ ਜਾਰੀ, ਤਲਵੰਡੀ ਸਾਬੋ 'ਚ ਡਟੇ ਮੁਲਾਜ਼ਮ
34) ਨਗਰ ਕੌਂਸਲ ਤਲਵੰਡੀ ਸਾਬੋ ਅੰਦਰ ਧਰਨੇ ’ਤੇ ਬੈਠੇ ਹੋਏ ਕੱਚੇ ਮੁਲਾਜ਼ਮ•।
35) ਮੀਡੀਆ ਨਾਲ ਗੱਲਬਾਤ ਕਰਨ ਦੌਰਾਨ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ•।
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਪੰਜਾਬ ਸਫਾਈ ਸੇਵਕ ਯੂਨੀਅਨ ਦੇ ਸੂਬਾ ਪੱਧਰੀ ਸੱਦੇ 'ਤੇ 8 ਜੁਲਾਈ ਤੋਂ ਸ਼ੁਰੂ ਹੋਈ ਅਣਮਿੱਥੇ ਸਮੇਂ ਦੀ ਹੜਤਾਲ ਦੇ ਤਹਿਤ ਨਗਰ ਕੌਂਸਲ ਤਲਵੰਡੀ ਸਾਬੋ ਵਿਖੇ ਵੀ ਸਫਾਈ ਸੇਵਕ ਲਗਾਤਾਰ ਧਰਨੇ 'ਤੇ ਡਟੇ ਹੋਏ ਹਨ। ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਪੰਜਾਬ ਸਰਕਾਰ 'ਤੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਮੁਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਸਫਾਈ ਸੇਵਕਾਂ ਨੂੰ ਆਪਣੇ ਹੱਕ ਲੈਣ ਲਈ ਮੁੜ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਮਈ ਮਹੀਨੇ ਦੌਰਾਨ ਕਰੀਬ 16-17 ਦਿਨਾਂ ਤੱਕ ਹੜਤਾਲ ਕੀਤੀ ਗਈ ਸੀ। ਉਸ ਸਮੇਂ ਪੰਜਾਬ ਸਰਕਾਰ ਨੇ ਲਿਖਤੀ ਸਮਝੌਤਾ ਕਰਕੇ ਸਫਾਈ ਸੇਵਕਾਂ ਦੀਆਂ ਹੱਕੀ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ। ਸਰਕਾਰ ਦੇ ਭਰੋਸੇ 'ਤੇ ਯੂਨੀਅਨ ਨੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਹੜਤਾਲ ਵਾਪਸ ਲੈ ਲਈ ਸੀ, ਪਰ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੜਤਾਲ ਕਰਨਾ ਸਫਾਈ ਸੇਵਕਾਂ ਦਾ ਸ਼ੌਂਕ ਨਹੀਂ, ਸਗੋਂ ਮਜਬੂਰੀ ਹੈ। ਅੱਤ ਦੀ ਗਰਮੀ ਅਤੇ ਬਰਸਾਤ ਦੇ ਮੌਸਮ ਵਿੱਚ ਵੀ ਉਹ ਲੋਕਾਂ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੁੰਦੇ, ਪਰ 10 ਹਜ਼ਾਰ ਰੁਪਏ ਮਹੀਨਾਵਾਰ ਤਨਖਾਹ ਨਾਲ ਪਰਿਵਾਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਤਲਵੰਡੀ ਸਾਬੋ ਨਗਰ ਕੌਂਸਲ ਦੇ ਕਈ ਸਫਾਈ ਸੇਵਕ 18 ਤੋਂ 19 ਸਾਲਾਂ ਤੋਂ ਸੇਵਾ ਨਿਭਾ ਰਹੇ ਹਨ, ਪਰ ਅੱਜ ਤੱਕ ਕਿਸੇ ਨੂੰ ਵੀ ਪੱਕਾ ਨਹੀਂ ਕੀਤਾ ਗਿਆ। ਕੁਲਦੀਪ ਸਿੰਘ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਫਾਈ ਸੇਵਕਾਂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ। ਸਫਾਈ ਸੇਵਕਾਂ ਨੇ ਵੀ ਬਦਲਾਅ ਦੀ ਉਮੀਦ ਨਾਲ ਸਰਕਾਰ ਦਾ ਸਾਥ ਦਿੱਤਾ, ਪਰ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੀ ਹੜਤਾਲ ਦੌਰਾਨ ਵੀ ਸਫਾਈ ਸੇਵਕਾਂ ਨੇ ਰਾਤ-ਦਿਨ ਮਿਹਨਤ ਕਰਕੇ ਸ਼ਹਿਰ ਨੂੰ ਗੰਦਗੀ ਤੋਂ ਬਚਾਇਆ ਅਤੇ ਸੀਵਰੇਜ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਈ। ਇਸ ਦੇ ਬਾਵਜੂਦ ਸਰਕਾਰ ਵੱਲੋਂ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਤੀ ਕੋਈ ਗੰਭੀਰਤਾ ਨਹੀਂ ਦਿਖਾਈ ਗਈ। ਯੂਨੀਅਨ ਪ੍ਰਧਾਨ ਨੇ ਕਿਹਾ ਕਿ ਹੜਤਾਲ ਦੇ ਕਈ ਦਿਨ ਬੀਤ ਜਾਣ ਦੇ ਬਾਵਜੂਦ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਯੂਨੀਅਨ ਨੂੰ ਗੱਲਬਾਤ ਲਈ ਨਹੀਂ ਸੱਦਿਆ ਗਿਆ। ਜੇਕਰ ਜਲਦੀ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਪੰਜਾਬ ਸਫਾਈ ਸੇਵਕ ਯੂਨੀਅਨ ਦੇ ਸੂਬਾ ਪ੍ਰਧਾਨ ਦੇ ਅਗਲੇ ਹੁਕਮਾਂ ਅਨੁਸਾਰ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਲੋੜ ਪੈਣ 'ਤੇ ਮੰਤਰੀਆਂ, ਵਿਧਾਇਕਾਂ ਅਤੇ ਸਰਕਾਰੀ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।