- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਧੀ ਰਾਤ ਘਰ ਵਿੱਚ ਵੜ ਕੇ ਹਮਲਾ, ਦੋ ਪਰਿਵਾਰਾਂ ਦੇ ਪੰਜ ਜਣੇ ਜ਼ਖ਼ਮੀ

ਹਰਮੇਲ ਸਾਗਰ, ਪੰਜਾਬੀ ਜਾਗਰਰਣ, ਭੁੱਚੋ ਮੰਡੀ
ਨਜ਼ਦੀਕੀ ਪਿੰਡ ਤੁੰਗਵਾਲੀ ਵਿੱਚ ਵੀਰਵਾਰ ਦੇਰ ਰਾਤ ਇਕ ਘਰ ਵਿੱਚ ਦਾਖ਼ਲ ਹੋ ਕੇ ਪਰਿਵਾਰਕ ਮੈਂਬਰਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ ਦੋ ਪਰਿਵਾਰਾਂ ਦੇ ਪੰਜ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਪਿੰਡ ਵਿੱਚ ਤਣਾਅ ਦਾ ਮਾਹੌਲ ਬਣ ਗਿਆ, ਜਦਕਿ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਚੌਂਕੀ ਭੁੱਚੋ ਦੇ ਜਾਂਚ ਅਧਿਕਾਰੀ ਏਐਸਆਈ ਬਿੱਕਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਰਾਤ ਕਰੀਬ 12.15 ਵਜੇ ਵਾਪਰੀ, ਜਦੋਂ ਪਰਿਵਾਰਕ ਮੈਂਬਰ ਆਪਣੇ ਘਰ ਵਿੱਚ ਸੁੱਤੇ ਹੋਏ ਸਨ। ਇਸ ਦੌਰਾਨ ਕੁਝ ਵਿਅਕਤੀ ਕਥਿਤ ਤੌਰ 'ਤੇ ਘਰ ਵਿੱਚ ਦਾਖ਼ਲ ਹੋਏ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਮਹਿੰਗਾ ਸਿੰਘ (40) ਦੇ ਸਿਰ ਅਤੇ ਬਾਂਹ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਉਸ ਦੀ ਪਤਨੀ ਸੁਖਪ੍ਰੀਤ ਕੌਰ ਅਤੇ ਮਾਤਾ ਬਲਵਿੰਦਰ ਕੌਰ ਦੇ ਸਿਰ ਅਤੇ ਪੈਰ 'ਤੇ ਸੱਟਾਂ ਆਈਆਂ ਹਨ। ਇਸ ਤੋਂ ਇਲਾਵਾ ਮਹਿੰਗਾ ਸਿੰਘ ਦੇ ਚਾਚਾ ਜੋਧਾ ਸਿੰਘ (55) ਦੇ ਸਿਰ ਅਤੇ ਪੈਰ 'ਤੇ ਸੱਟਾਂ ਲੱਗੀਆਂ ਹਨ, ਜਦਕਿ ਉਸ ਦੇ ਭਤੀਜੇ ਸੰਦੀਪ ਸਿੰਘ (35) ਦੇ ਸੱਟ ਲੱਗੀ ਹੈ। ਸਾਰੇ ਜ਼ਖ਼ਮੀਆਂ ਨੂੰ ਪਹਿਲਾਂ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੋਂ ਕੁਝ ਨੂੰ ਮੁੱਢਲਾ ਇਲਾਜ ਦੇਣ ਤੋਂ ਬਾਅਦ ਅਗਲੇ ਇਲਾਜ ਲਈ ਰੈਫਰ ਕੀਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਡਾਕਟਰਾਂ ਦੀ ਮੈਡੀਕਲ ਰਿਪੋਰਟ ਮਿਲਣ ਤੋਂ ਬਾਅਦ ਸੱਟਾਂ ਦੀ ਪ੍ਰਕਿਰਤੀ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਮੁਤਾਬਕ ਹਮਲੇ ਸਬੰਧੀ ਕੁਝ ਪਿੰਡ ਦੇ ਵਿਅਕਤੀਆਂ ਦੇ ਨਾਮ ਸਾਹਮਣੇ ਆਏ ਹਨ। ਫਿਲਹਾਲ ਪੁਲਿਸ ਵੱਲੋਂ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਜ਼ਖ਼ਮੀ ਧਿਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਕਥਿਤ ਹਮਲਾਵਰਾਂ ਦਾ ਘਰ ਉਨ੍ਹਾਂ ਦੇ ਘਰ ਦੇ ਨੇੜੇ ਹੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਕੁਝ ਸਮਾਂ ਪਹਿਲਾਂ ਮਹਿੰਗਾ ਸਿੰਘ ਨੇ ਆਪਣੇ ਘਰ ਦੇ ਮੋੜ 'ਤੇ ਇਨ੍ਹਾਂ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਇਤਰਾਜ਼ ਜਤਾਇਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ੱਕ ਸੀ ਕਿ ਉੱਥੇ ਨਸ਼ੇ ਨਾਲ ਸਬੰਧਤ ਗਤੀਵਿਧੀਆਂ ਹੁੰਦੀਆਂ ਹਨ। ਇਸੇ ਰੰਜਿਸ਼ ਦੇ ਚੱਲਦਿਆਂ ਉਨ੍ਹਾਂ ਦੇ ਪਰਿਵਾਰ 'ਤੇ ਹਮਲਾ ਕੀਤਾ ਗਿਆ। ਏਐਸਆਈ ਬਿੱਕਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੀੜਤ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਮੌਕੇ ਤੋਂ ਸਬੂਤ ਵੀ ਇਕੱਠੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੇਕਰ ਕੋਈ ਵੀ ਵਿਅਕਤੀ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ, ਜਦਕਿ ਪੁਲਿਸ ਹਾਲਾਤ 'ਤੇ ਨਜ਼ਰ ਰੱਖ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।