- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਰਮੇ ਦੀ ਫਸਲ ’ਤੇ ਗੁਲਾਬੀ ਸੁੰਡੀ ਤੇ ਚਿੱਟੀ ਮੱਖੀ ਅਤੇ ਝੋਨੇ ’ਤੇ ਚਿੱਟੀ ਪਿੱਠ ਵਾਲੇ ਟਿੱਡੇ ਦਾ ਹਮਲਾ

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਤੋਂ ਬਾਅਦ ਖੇਤੀ ਭਵਨ ਬਠਿੰਡਾ ਵਿਖੇ ਜ਼ਿਲ੍ਹਾ ਪੈਸਟ ਸਰਵੇਖਣ ਅਤੇ ਐਡਵਾਈਜ਼ਰੀ ਯੂਨਿਟ ਦੀ ਇਕ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਝੋਨੇ, ਨਰਮੇ ਅਤੇ ਬਾਗਬਾਨੀ ਫਸਲਾਂ 'ਤੇ ਕੀੜਿਆਂ ਅਤੇ ਬਿਮਾਰੀਆਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣਾ ਅਤੇ ਸਮੇਂ ਸਿਰ ਰੋਕਥਾਮ ਲਈ ਪ੍ਰਭਾਵਸ਼ਾਲੀ ਰਣਨੀਤੀ ਤਿਆਰ ਕਰਨਾ ਸੀ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਦਾ ਨਿਯਮਤ ਸਰਵੇਖਣ ਕਰਦੇ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੇ ਕੀੜੇ ਜਾਂ ਰੋਗ ਦੇ ਲੱਛਣ ਦਿਖਾਈ ਦੇਣ 'ਤੇ ਤੁਰੰਤ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫਸਰ ਜਾਂ ਖੇਤੀਬਾੜੀ ਵਿਕਾਸ ਅਫਸਰ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਕੀੜਿਆਂ ਦੀ ਰੋਕਥਾਮ ਲਈ ਬਿਨਾਂ ਲੋੜ ਕੀਟਨਾਸ਼ਕਾਂ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਸਿਰਫ਼ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ.) ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਸਪਰੇਅ ਕੀਤੀ ਜਾਵੇ। ਨਰਮੇ ਦੀ ਫਸਲ ਸਬੰਧੀ ਗੱਲ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਕਿਸਾਨ ਚਿੱਟੇ ਮੱਛਰ, ਗੁਲਾਬੀ ਸੁੰਡੀ, ਭੂਰੀ ਜੂੰ ਅਤੇ ਦੇਸੀ ਕਪਾਹ ਵਿੱਚ ਸਪੌਟਡ ਬੋਲਵਾਰਮ ਦੇ ਸੰਭਾਵਿਤ ਹਮਲੇ ਪ੍ਰਤੀ ਪੂਰੀ ਤਰ੍ਹਾਂ ਚੌਕਸ ਰਹਿਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖੇਤ ਵਿੱਚ ਇਨ੍ਹਾਂ ਕੀੜਿਆਂ ਦੀ ਮੌਜੂਦਗੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਖੇਤੀ ਵਿਭਾਗ ਨਾਲ ਸੰਪਰਕ ਕਰਕੇ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਅਗਲੀ ਕਾਰਵਾਈ ਕੀਤੀ ਜਾਵੇ। ਇਸ ਨਾਲ ਬੇਲੋੜੀ ਖ਼ਰਚੇ ਤੋਂ ਵੀ ਬਚਿਆ ਜਾ ਸਕੇਗਾ ਅਤੇ ਵਾਤਾਵਰਨ 'ਤੇ ਵੀ ਮਾੜਾ ਪ੍ਰਭਾਵ ਨਹੀਂ ਪਵੇਗਾ। ਬਾਗਬਾਨੀ ਫਸਲਾਂ ਸਬੰਧੀ ਉਨ੍ਹਾਂ ਬਾਗਬਾਨਾਂ ਨੂੰ ਫਰੂਟ ਫਲਾਈ ਦੇ ਹਮਲੇ ਤੋਂ ਬਚਾਅ ਲਈ ਸਮੇਂ ਸਿਰ ਫਰੂਟ ਫਲਾਈ ਟਰੈਪ ਲਗਾਉਣ ਦੀ ਸਲਾਹ ਦਿੱਤੀ। ਇਹ ਤਰੀਕਾ ਫਲਾਂ ਨੂੰ ਨੁਕਸਾਨ ਤੋਂ ਬਚਾਉਣ ਦੇ ਨਾਲ-ਨਾਲ ਰਸਾਇਣਕ ਦਵਾਈਆਂ ਦੀ ਵਰਤੋਂ ਨੂੰ ਵੀ ਘਟਾਉਂਦਾ ਹੈ ਅਤੇ ਚੰਗੀ ਗੁਣਵੱਤਾ ਵਾਲਾ ਉਤਪਾਦ ਪ੍ਰਾਪਤ ਕਰਨ ਵਿੱਚ ਸਹਾਇਕ ਹੈ। ਮੀਟਿੰਗ ਵਿੱਚ ਖੇਤਰੀ ਖੋਜ ਕੇਂਦਰ ਬਠਿੰਡਾ ਕ੍ਰਿਸ਼ੀ ਵਿਗਿਆਨ ਕੇਂਦਰ , ਬਾਗਬਾਨੀ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਜ਼ਿਲ੍ਹੇ ਦੇ ਸਮੂਹ ਬਲਾਕ ਖੇਤੀਬਾੜੀ ਅਫਸਰਾਂ, ਬਾਗਬਾਨੀ ਵਿਕਾਸ ਅਫਸਰ ਅਤੇ ਵੱਖ-ਵੱਖ ਬਲਾਕਾਂ ਦੇ ਅਗਾਂਹਵਧੂ ਕਿਸਾਨਾਂ ਨੇ ਮੀਟਿੰਗ ਵਿੱਚ ਸ਼ਮੂਲੀਅਤ ਕਰਦਿਆਂ ਖੇਤੀਬਾੜੀ ਨਾਲ ਜੁੜੇ ਤਜਰਬੇ ਅਤੇ ਸੁਝਾਅ ਸਾਂਝੇ ਕੀਤੇ। ਮੀਟਿੰਗ ਦੇ ਅੰਤ ਵਿੱਚ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਵਿਗਿਆਨਕ ਤਰੀਕਿਆਂ ਨੂੰ ਅਪਣਾਉਣ, ਫਸਲਾਂ ਦੀ ਨਿਰੰਤਰ ਨਿਗਰਾਨੀ ਕਰਨ ਅਤੇ ਖੇਤੀ ਵਿਭਾਗ ਵੱਲੋਂ ਜਾਰੀ ਕੀਤੀਆਂ ਸਿਫ਼ਾਰਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ, ਤਾਂ ਜੋ ਕੀੜਿਆਂ ਅਤੇ ਬਿਮਾਰੀਆਂ ਤੋਂ ਫਸਲਾਂ ਦੀ ਸੁਰੱਖਿਆ ਕਰਕੇ ਵੱਧ ਤੋਂ ਵੱਧ ਝਾੜ ਅਤੇ ਚੰਗੀ ਆਮਦਨ ਯਕੀਨੀ ਬਣਾਈ ਜਾ ਸਕੇ।
-ਬਾਕਸ-
-ਝੋਨੇ 'ਤੇ ਚਿੱਟੀ ਪਿੱਠ ਵਾਲੇ ਟਿੱਡੇ ਦਾ ਹਮਲੇ ਸਬੰਧੀ ਕਿਸਾਨ ਰਹਿਣ ਚੌਕਸ
ਜ਼ਿਲ੍ਹੇ ਦੇ ਕੁਝ ਇੱਕਾ-ਦੁੱਕਾ ਖੇਤਾਂ ਵਿੱਚ ਝੋਨੇ 'ਤੇ ਚਿੱਟੀ ਪਿੱਠ ਵਾਲੇ ਟਿੱਡੇ ਦਾ ਹਮਲਾ ਸਾਹਮਣੇ ਆਉਣ ਤੋਂ ਬਾਅਦ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਵਧੇਰੇ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਨੇ ਜ਼ਿਲ੍ਹਾ ਪੈਸਟ ਸਰਵੇਖਣ ਅਤੇ ਐਡਵਾਈਜ਼ਰੀ ਯੂਨਿਟ ਦੀ ਮੀਟਿੰਗ ਦੌਰਾਨ ਦਿੱਤੀ। ਮੁੱਢਲੇ ਸਰਵੇਖਣ ਦੌਰਾਨ ਜ਼ਿਲ੍ਹੇ ਦੇ ਕੁਝ ਖੇਤਾਂ ਵਿੱਚ ਝੋਨੇ ਦੀ ਪਨੀਰੀ 'ਤੇ ਚਿੱਟੀ ਪਿੱਠ ਵਾਲੇ ਟਿੱਡੇ ਦੀ ਮੌਜੂਦਗੀ ਵੇਖੀ ਗਈ ਹੈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਖੇਤੀ ਮਾਹਿਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਇਸ ਕੀੜੇ ਦੀ ਪਛਾਣ, ਨਿਗਰਾਨੀ ਅਤੇ ਸਮੇਂ ਸਿਰ ਰੋਕਥਾਮ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ। ਡਾ. ਹਰਪ੍ਰੀਤ ਪਾਲ ਕੌਰ ਨੇ ਕਿਹਾ ਕਿ ਚਿੱਟੀ ਪਿੱਠ ਵਾਲਾ ਟਿੱਡਾ ਝੋਨੇ ਦੀ ਫਸਲ ਲਈ ਨੁਕਸਾਨਦੇਹ ਕੀੜਾ ਹੈ, ਜੋ ਮਧਰੇਪਣ ਦੇ ਰੋਗ ਦੇ ਫੈਲਾਅ ਵਿੱਚ ਵੀ ਭੂਮਿਕਾ ਨਿਭਾ ਸਕਦਾ ਹੈ। ਜੇਕਰ ਇਸ ਦਾ ਸਮੇਂ ਸਿਰ ਪ੍ਰਬੰਧਨ ਨਾ ਕੀਤਾ ਜਾਵੇ ਤਾਂ ਫਸਲ ਦੀ ਪੈਦਾਵਾਰ 'ਤੇ ਗੰਭੀਰ ਅਸਰ ਪੈ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਦਾ ਨਿਯਮਤ ਸਰਵੇਖਣ ਕਰਦੇ ਰਹਿਣ ਤੇ ਕਿਸੇ ਵੀ ਤਰ੍ਹਾਂ ਦੇ ਕੀੜੇ ਦੇ ਹਮਲੇ ਦੀ ਸੂਚਨਾ ਮਿਲਣ 'ਤੇ ਤੁਰੰਤ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫਸਰ ਜਾਂ ਖੇਤੀਬਾੜੀ ਵਿਕਾਸ ਅਫਸਰ ਨਾਲ ਸੰਪਰਕ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕੀਟਨਾਸ਼ਕਾਂ ਦੀ ਵਰਤੋਂ ਸਿਰਫ਼ ਲੋੜ ਪੈਣ 'ਤੇ ਅਤੇ ਖੇਤੀ ਮਾਹਿਰਾਂ ਜਾਂ ਪੀਏਯੂ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਕੀਤੀ ਜਾਵੇ, ਤਾਂ ਜੋ ਬੇਲੋੜੇ ਖ਼ਰਚ ਤੇ ਵਾਤਾਵਰਨ 'ਤੇ ਮਾੜੇ ਪ੍ਰਭਾਵ ਤੋਂ ਬਚਿਆ ਜਾ ਸਕੇ।