ਲੋਕ ਮਿਲਣੀ ਮੁਹਿੰਮ ਤਹਿਤ ਵਾਰਡ-8 ’ਚ ਪਹੁੰਚੇ ਪੀਸੀਏ ਪ੍ਰਧਾਨ ਮਹਿਤਾ ਲੋਕ ਮਿਲਣੀ ਮੁਹਿੰਮ ਤਹਿਤ ਵਾਰਡ ਨੰਬਰ 8 ਵਿੱਚ ਪਹੁੰਚੇ ਪੀਸੀਏ ਪ੍ਰਧਾਨ ਅਮਰਜੀਤ ਮਹਿਤਾ
Publish Date: Wed, 15 Jul 2026 05:54 PM (IST)
Updated Date: Thu, 16 Jul 2026 04:01 AM (IST)
* ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਦਿੱਤੇ ਹੱਲ ਕਰਨ ਦੇ ਨਿਰਦੇਸ਼ * ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ ਫੋਟੋ:26 ਕੈਪਸ਼ਨ: ਲੋਕ ਮਿਲਣੀ ਦੌਰਾਨ ਵਾਰਡ ਨੰਬਰ ਅੱਠ ਵਿਚ ਜਾਣਕਾਰੀ ਦਿੰਦੇ ਹੋਏ ਅਮਰਜੀਤ ਮਹਿਤਾ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਲੋਕ ਸੇਵਾ ਨੂੰ ਸਮਰਪਿਤ ‘ਲੋਕ ਮਿਲਣੀ ਮੁਹਿੰਮ’ ਤਹਿਤ ਨਗਰ ਨਿਗਮ ਦੀ ਕੌਂਸਲਰ ਸ੍ਰੀਮਤੀ ਸੁਮਨ ਬਾਲਾ ਦੇ ਵਾਰਡ ਨੰਬਰ 8 ਦਾ ਦੌਰਾ ਕਰਕੇ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਮਹਿਤਾ ਨੇ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਫ਼ਾਈ, ਸਟਰੀਟ ਲਾਈਟਾਂ ਅਤੇ ਹੋਰ ਨਾਗਰਿਕ ਸਹੂਲਤਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਗੰਭੀਰਤਾ ਨਾਲ ਜਾਇਜ਼ਾ ਲੈਂਦਿਆਂ ਮੌਕੇ ’ਤੇ ਮੌਜੂਦ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਅਤੇ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਰਾਕੇਸ਼ ਕਾਕਾ, ਬਲਾਕ ਪ੍ਰਧਾਨ ਪ੍ਰੇਮ ਗਰਗ, ਅਸ਼ਵਨੀ ਬੰਟੀ ਸਮੇਤ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ, ਸਮਾਜ ਸੇਵੀ ਅਤੇ ਵੱਡੀ ਗਿਣਤੀ ’ਚ ਵਾਰਡ ਵਾਸੀ ਹਾਜ਼ਰ ਸਨ। ਅਮਰਜੀਤ ਮਹਿਤਾ ਨੇ ਕਿਹਾ ਕਿ ਲੋਕ ਮਿਲਣੀ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਪਰਕ ਕਾਇਮ ਕਰਕੇ ਹਰ ਸਮੱਸਿਆ ਦਾ ਸਮੇਂ ਸਿਰ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਅਤੇ ਮੇਅਰ ਪਦਮਜੀਤ ਸਿੰਘ ਮਹਿਤਾ ਆਪਣੀ ਟੀਮ ਨਾਲ ਲਗਾਤਾਰ ਸ਼ਹਿਰ ਦੇ ਹਰ ਵਾਰਡ ਵਿੱਚ ਪਹੁੰਚ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਰਹੇ ਹਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਲੋੜੀਂਦੇ ਨਿਰਦੇਸ਼ ਜਾਰੀ ਕਰਕੇ ਲੋਕਾਂ ਨੂੰ ਤੁਰੰਤ ਰਾਹਤ ਦੇਣ ਲਈ ਯਤਨਸ਼ੀਲ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਝਿਜਕ ਆਪਣੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ। ਹਰ ਸ਼ਿਕਾਇਤ ਨੂੰ ਪ੍ਰਸ਼ਾਸਨ ਤੱਕ ਪਹੁੰਚਾ ਕੇ ਉਸ ਦਾ ਹੱਲ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਮੇਅਰ ਮਹਿਤਾ ਦੇ “ਸਮੱਸਿਆ-ਮੁਕਤ ਅਤੇ ਆਧੁਨਿਕ ਬਠਿੰਡਾ” ਦੇ ਸੁਪਨੇ ਨੂੰ ਹਕੀਕਤ ਦਾ ਰੂਪ ਦਿੱਤਾ ਜਾਵੇਗਾ। ਅਮਰਜੀਤ ਮਹਿਤਾ ਨੇ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣਾ ਅਤੇ ਲੋਕ ਸਹੂਲਤਾਂ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕ ਹਿੱਤ ਨਾਲ ਜੁੜੇ ਹਰ ਮਾਮਲੇ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਸਮਾਜ ਦੇ ਹਰ ਵਰਗ ਤੱਕ ਵਿਕਾਸ ਦਾ ਲਾਭ ਪਹੁੰਚਾਉਣਾ ਹੈ। ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਨਾਗਰਿਕ ਸਹੂਲਤਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਵਿਕਾਸ ਕਾਰਜਾਂ ’ਚ ਆਪਣਾ ਸਰਗਰਮ ਸਹਿਯੋਗ ਦੇਣ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਲੋਕ ਮਿਲਣੀ ਮੁਹਿੰਮ ਸਦਕਾ ਇਲਾਕੇ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਸਮੱਸਿਆਵਾਂ ਦਾ ਜਲਦ ਹੱਲ ਹੋਵੇਗਾ ਤੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ। ਇਸ ਮੌਕੇ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਬੇਝਿਜਕ ਰੱਖੀਆਂ, ਜਿਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਅਮਰਜੀਤ ਮਹਿਤਾ ਨੇ ਦਿੱਤਾ।