‘ਮੇਰੀ ਰਸੋਈ ਯੋਜਨਾ’ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਵਾਰਡ ਨੰਬਰ 22 ਵਿਚ ‘ਮੇਰੀ ਰਸੋਈ ਯੋਜਨਾ’ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ
Publish Date: Fri, 17 Jul 2026 06:30 PM (IST)
Updated Date: Fri, 17 Jul 2026 06:31 PM (IST)
- ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ, ਕੋਈ ਵੀ ਪਰਿਵਾਰ ਭੁੱਖਾ ਨਹੀਂ ਰਹੇਗਾ : ਮੇਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਮੰਤਵ ਨਾਲ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਸ਼ਾਮ ਲਾਲ ਜੈਨ ਦੇ ਵਾਰਡ ਨੰਬਰ 22 ਵਿਚ ‘ਮੇਰੀ ਰਸੋਈ ਯੋਜਨਾ’ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਮੇਅਰ ਨੇ ਵਾਰਡ ਦੇ ਤਿੰਨ ਵੱਖ-ਵੱਖ ਡਿਪੂਆਂ ’ਤੇ ਪਹੁੰਚ ਕੇ ਖੁਦ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਸੌਂਪੀਆਂ ਅਤੇ ਵੱਡੀ ਗਿਣਤੀ ਵਿਚ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ-ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਪੂਰੀ ਇਮਾਨਦਾਰੀ ਅਤੇ ਦ੍ਰਿੜ੍ਹ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਖਾਸ ਤੌਰ ’ਤੇ ਮਾਵਾਂ ਅਤੇ ਭੈਣਾਂ ਨੂੰ ਸਮਾਜਿਕ ਅਤੇ ਆਰਥਿਕ ਤੌਰ ’ਤੇ ਸਸ਼ਕਤ ਬਣਾਉਣ ਲਈ ਕਈ ਲੋਕ-ਪੱਖੀ ਯੋਜਨਾਵਾਂ ਲਾਗੂ ਕਰ ਰਹੀ ਹੈ, ਤਾਂ ਜੋ ਉਹ ਆਤਮ ਨਿਰਭਰ ਬਣ ਕੇ ਸਮਾਜ ਦੇ ਵਿਕਾਸ ਵਿਚ ਆਪਣਾ ਅਹਿਮ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣਾ ਹੈ। ਇਸੇ ਸੋਚ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਜ਼ਮੀਨੀ ਪੱਧਰ ’ਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਸਿੱਖਿਆ, ਸਿਹਤ, ਰੋਜ਼ਗਾਰ, ਬੁਨਿਆਦੀ ਢਾਂਚੇ ਅਤੇ ਸਮਾਜਿਕ ਸੁਰੱਖਿਆ ਦੇ ਖੇਤਰ ਵਿਚ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਰ ਨਾਗਰਿਕ ਨੂੰ ਸਰਕਾਰੀ ਯੋਜਨਾਵਾਂ ਦਾ ਸਿੱਧਾ ਲਾਭ ਮਿਲ ਸਕੇ। ਮੇਅਰ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੇ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਵੱਲ ਸਰਕਾਰ ਦੀ ਇਕ ਅਹਿਮ ਪਹਿਲ ਹੈ। ਇਸ ਯੋਜਨਾ ਰਾਹੀਂ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਉਹ ਆਤਮਵਿਸ਼ਵਾਸ ਨਾਲ ਆਪਣੇ ਪਰਿਵਾਰ ਅਤੇ ਸਮਾਜ ਵਿਚ ਅਹਿਮ ਭੂਮਿਕਾ ਨਿਭਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਗੂ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਯੋਜਨਾ ਨਾਲ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੀ ਚਿੰਤਾ ਤੋਂ ਵੱਡੀ ਰਾਹਤ ਮਿਲੀ ਹੈ। ਮੇਅਰ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਬਣਾਈ ਗਈ ਸੜਕ ਸੁਰੱਖਿਆ ਫੋਰਸ ਦੇ ਪ੍ਰਭਾਵਸ਼ਾਲੀ ਕੰਮ ਸਦਕਾ ਸੜਕ ਹਾਦਸਿਆਂ ਵਿਚ ਹੋਣ ਵਾਲੀਆਂ ਮੌਤਾਂ ਵਿਚ ਲਗਭਗ 50 ਫ਼ੀਸਦੀ ਕਮੀ ਦਰਜ ਕੀਤੀ ਗਈ ਹੈ। ਇਹ ਸਰਕਾਰ ਦੀ ਜਨ ਸੁਰੱਖਿਆ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਰੱਖਿਆ ਪ੍ਰਤੀ ਗੰਭੀਰ ਵਚਨਬੱਧਤਾ ਦਾ ਪ੍ਰਤੀਕ ਹੈ। ਇਸ ਮੌਕੇ ਕੌਂਸਲਰ ਸ਼ਾਮ ਲਾਲ ਜੈਨ ਨੇ ਮੇਅਰ ਪਦਮਜੀਤ ਸਿੰਘ ਮਹਿਤਾ ਦਾ ਵਾਰਡ ਵਿਚ ਪਹੁੰਚਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਦਾ ਲਾਭ ਪੂਰੀ ਪਾਰਦਰਸ਼ਤਾ ਨਾਲ ਹਰ ਯੋਗ ਵਿਅਕਤੀ ਤੱਕ ਪਹੁੰਚਾਇਆ ਜਾ ਰਿਹਾ ਹੈ।