- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ 19 ਜੁਲਾਈ ਨੂੰ ਵਿਸ਼ੇਸ਼ ਕੈਂਪ

- ਕੈਂਪ ਦੌਰਾਨ ਯੋਗ ਵੋਟਰ ਆਪਣੇ ਐਨਿਊਮਰੇਸ਼ਨ ਫਾਰਮ ਬੂਥ ਲੈਵਲ ਅਫਸਰ ਕੋਲ ਜਮ੍ਹਾਂ ਕਰਵਾ ਸਕਣਗੇ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ
ਬਠਿੰਡਾ : ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸਆਈਆਰ) 2026 ਤਹਿਤ ਜ਼ਿਲ੍ਹਾ ਬਠਿੰਡਾ ਦੇ ਹੇਠ ਆਉਂਦੇ 6 ਵਿਧਾਨ ਸਭਾ ਚੋਣ ਹਲਕਿਆਂ ਬਠਿੰਡਾ ਸ਼ਹਿਰੀ, ਬਠਿੰਡਾ ਦਿਹਾਤੀ, ਰਾਮਪੁਰਾ, ਤਲਵੰਡੀ, ਮੌੜ ਅਤੇ ਬਠਿੰਡਾ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਮਿਤੀ 19 ਜੁਲਾਈ 2026 ਐਤਵਾਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਠਿੰਡਾ ਰਾਜੇਸ਼ ਧੀਮਾਨ ਨੇ ਸਾਂਝੀ ਕਰਦਿਆਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤਕ ਲਗਾਏ ਜਾਣਗੇ, ਜਿੱਥੇ ਸਮੂਹ ਬੂਥ ਲੈਵਲ ਅਫ਼ਸਰ (ਬੀਐੱਲਓ) ਆਪਣੇ ਸਬੰਧਿਤ ਪੋਲਿੰਗ ਬੂਥ ’ਤੇ ਨਿੱਜੀ ਤੌਰ ’ਤੇ ਹਾਜ਼ਰ ਰਹਿਣਗੇ। ਇਸ ਦੌਰਾਨ ਯੋਗ ਵੋਟਰ ਆਪਣੇ ਐਨਿਊਮਰੇਸ਼ਨ ਫਾਰਮ ਆਪਣੇ ਬੂਥ ਲੈਵਲ ਅਫਸਰ (ਬੀਐੱਲਓ) ਕੋਲ ਜਮ੍ਹਾਂ ਕਰਵਾ ਸਕਣਗੇ ਅਤੇ ਬੂਥ ਲੈਵਲ ਅਫਸਰ ਆਪਣੇ ਐਪ ਵਿਚ ਪਹਿਲਾਂ ਜਮ੍ਹਾਂ ਹੋਏ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਦਾ ਕੰਮ ਤੇਜ਼ੀ ਨਾਲ ਮੁਕੰਮਲ ਕਰਨਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਬੀਐੱਲਓਜ਼ ਵੱਲੋਂ 100 ਫ਼ੀਸਦੀ ਡਿਜੀਟਾਈਜ਼ੇਸ਼ਨ ਕੀਤੀ ਜਾ ਚੁੱਕੀ ਹੈ, ਉਹ ਬੀਐੱਲਏਜ਼ ਨਾਲ ਮੀਟਿੰਗਾਂ ਕਰਨਗੇ ਅਤੇ ਰਿਕਾਰਡ ਵਿੱਚ ਮੌਜੂਦ ਤਰੁਟੀਆਂ ਨੂੰ ਦੂਰ ਕਰਨ ’ਤੇ ਧਿਆਨ ਦੇਣਗੇ। ਜਿਨ੍ਹਾਂ ਬੂਥਾਂ ’ਤੇ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਬਾਕੀ ਹੈ, ਉੱਥੇ ਇਕੱਤਰ ਕੀਤੇ ਗਏ ਫਾਰਮਾਂ ਨੂੰ ਤੁਰੰਤ ਡਿਜੀਟਾਈਜ਼ ਕਰਨ ਦੇ ਨਾਲ-ਨਾਲ ਬਾਕੀ ਰਹਿੰਦੇ ਫਾਰਮ ਵੀ ਇਕੱਤਰ ਕੀਤੇ ਜਾਣਗੇ। ਘੱਟ ਪ੍ਰਤੀਸ਼ਤਤਾ ਵਾਲੇ ਬੂਥਾਂ 'ਤੇ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਇਕੋ ਸਮੇਂ ਚਲਾਇਆ ਜਾਵੇਗਾ। ਉਨ੍ਹਾਂ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 19 ਜੁਲਾਈ 2026 ਦਿਨ ਐਤਵਾਰ ਨੂੰ ਆਪਣੇ ਨੇੜਲੇ ਪੋਲਿੰਗ ਸਟੇਸ਼ਨ 'ਤੇ ਪਹੁੰਚ ਕੇ ਐਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾਉਣ ਅਤੇ ਵੋਟਰ ਸੂਚੀ ਦੀ ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਸਫਲ ਬਣਾਉਣ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਬੂਥ ਲੈਵਲ ਏਜੰਟਾਂ ਨੂੰ ਵੀ ਅਪੀਲ ਕੀਤੀ ਕਿ ਵੱਧ ਤੋਂ ਵੱਧ ਯੋਗ ਵੋਟਰਾਂ ਨੂੰ ਇਸ ਵਿਸ਼ੇ ਕੈਂਪ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾਵੇ।