ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਰਕਾਰੀ ਪੱਤਰ ਦੀਆਂ ਕਾਪੀਆਂ ਸਾੜ ਕੇ ਮਨਾਇਆ ਕਾਲਾ ਦਿਵਸ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਰਕਾਰੀ ਪੱਤਰ ਦੀਆਂ ਕਾਪੀਆਂ ਸਾੜ ਕੇ ਮਨਾਇਆ ਕਾਲਾ ਦਿਵਸ
Publish Date: Sat, 18 Jul 2026 04:10 PM (IST)
Updated Date: Sat, 18 Jul 2026 04:13 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਬਠਿੰਡਾ ਅਤੇ ਸਾਂਝਾ ਮੁਲਾਜ਼ਮ ਮੰਚ ਬਠਿੰਡਾ ਦੇ ਸੱਦੇ ਤੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁੱਖ ਗੇਟ ਸਾਹਮਣੇ ਕਾਲਾ ਦਿਵਸ ਮਨਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਇਕੱਠੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ 17 ਜੁਲਾਈ 2020 ਨੂੰ ਜਾਰੀ ਸਰਕਾਰੀ ਪੱਤਰ ਦੀਆਂ ਕਾਪੀਆਂ ਸਾੜ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਪੱਤਰ ਰਾਹੀਂ ਪੰਜਾਬ ਵਿੱਚ ਨਵੇਂ ਭਰਤੀ ਹੋਣ ਵਾਲੇ ਕਰਮਚਾਰੀਆਂ ਤੇ ਕੇਂਦਰ ਦੇ ਤਨਖ਼ਾਹ ਸਕੇਲ ਲਾਗੂ ਕਰ ਦਿੱਤੇ ਗਏ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਮੌਕੇ ਸੂਬਾ ਕੋਆਰਡੀਨੇਟਰ ਗਗਨਦੀਪ ਸਿੰਘ ਭੁੱਲਰ, ਕੇਵਲ ਬਾਂਸਲ, ਜ਼ਿਲ੍ਹਾ ਕੋਆਰਡੀਨੇਟਰ ਜਤਿੰਦਰ ਕ੍ਰਿਸ਼ਨ, ਹਰਨੇਕ ਸਿੰਘ ਗਹਿਰੀ, ਗੁਰਤੇਜ ਸਿੰਘ ਗਿੱਲ, ਪ੍ਰਿੰਸੀਪਲ ਰਣਜੀਤ ਸਿੰਘ, ਜਗਪਾਲ ਸਿੰਘ ਬੰਗੀ, ਮਨਜੀਤ ਸਿੰਘ ਧੰਜਲ ਅਤੇ ਬਲਜਿੰਦਰ ਸਿੰਘ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਦੇ ਤਨਖ਼ਾਹ ਸਕੇਲ ਹੋਰਨਾਂ ਰਾਜਾਂ ਲਈ ਮਿਸਾਲ ਮੰਨੇ ਜਾਂਦੇ ਸਨ, ਪਰ 17 ਜੁਲਾਈ 2020 ਦੇ ਪੱਤਰ ਕਾਰਨ ਨਵੇਂ ਭਰਤੀ ਹੋਣ ਵਾਲੇ ਕਰਮਚਾਰੀਆਂ ਨਾਲ ਵਿਤਕਰਾ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਸ ਪੱਤਰ ਨੂੰ ਤੁਰੰਤ ਰੱਦ ਕਰੇ। ਆਗੂਆਂ ਨੇ ਦੋਸ਼ ਲਗਾਇਆ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਡਿੱਠਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਪੁਰਾਣੀ ਪੈਨਸ਼ਨ ਸਕੀਮ (ਓਪੀਐੱਸ) ਬਹਾਲ ਕਰਨ, ਪੈਨਸ਼ਨਰਾਂ ਲਈ 2.59 ਗੁਣਾਂਕ ਲਾਗੂ ਕਰਨ, 18 ਫ਼ੀਸਦੀ ਮਹਿੰਗਾਈ ਭੱਤੇ (ਡੀਏ) ਦਾ ਬਕਾਇਆ ਜਾਰੀ ਕਰਨ ਅਤੇ ਬੰਦ ਕੀਤੇ ਗਏ 37 ਤਰ੍ਹਾਂ ਦੇ ਭੱਤੇ ਮੁੜ ਬਹਾਲ ਕਰਨ ਵਰਗੀਆਂ ਮੰਗਾਂ ਅਜੇ ਤੱਕ ਲਟਕੀਆਂ ਹੋਈਆਂ ਹਨ। ਸਾਂਝਾ ਫਰੰਟ ਦੇ ਆਗੂਆਂ ਨੇ ਐਲਾਨ ਕੀਤਾ ਕਿ ਇਨ੍ਹਾਂ ਮੰਗਾਂ ਦੀ ਪ੍ਰਾਪਤੀ ਲਈ 7 ਅਗਸਤ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਮਹਾਂਰੈਲੀ ਕੀਤੀ ਜਾਵੇਗੀ। ਇਸ ਮਹਾਂਰੈਲੀ ਵਿਚ ਅਗਲੇ ਸੰਘਰਸ਼ ਦੀ ਰੂਪ-ਰੇਖਾ ਅਤੇ ਸਰਕਾਰ ਖ਼ਿਲਾਫ਼ ਵਿਆਪਕ ਅੰਦੋਲਨ ਦਾ ਐਲਾਨ ਕੀਤਾ ਜਾਵੇਗਾ। ਧਰਨੇ ਅਤੇ ਰੋਸ ਪ੍ਰਦਰਸ਼ਨ ਦੌਰਾਨ ਹਰਜਿੰਦਰ ਸਿੰਘ, ਆਤਮਤੇਜ ਸ਼ਰਮਾ, ਮਨਜਿੰਦਰ ਸਿੰਘ, ਅਰੁਣ ਕੁਮਾਰ, ਲਾਲ ਸਿੰਘ, ਸੰਦੀਪ ਸਿੰਘ, ਬਲਦੇਵ ਸਿੰਘ, ਮਹਿੰਦਰਪਾਲ ਸਿੰਘ, ਕੁਲਦੀਪ ਸਿੰਘ, ਮਲਕੀਤ ਸਿੰਘ, ਹਰਭਗਵਾਨ, ਕੁਲਦੀਪ ਸਿੰਘ ਨਾਥਪੁਰਾ, ਪੂਰਨ ਸਿੰਘ ਗੁੰਮਟੀ ਸਮੇਤ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂ ਅਤੇ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।