ਵਿਸ਼ਵ ਆਬਾਦੀ ਜਾਗਰੂਕਤਾ ਹਫ਼ਤੇ ਮੌਕੇ ਜਾਗਰੂਕਤਾ ਕੈਂਪ ਵਿਸ਼ਵ ਆਬਾਦੀ ਜਾਗਰੂਕਤਾ ਹਫ਼ਤੇ ਮੌਕੇ ਜਾਗਰੂਕਤਾ ਕੈਂਪ
Publish Date: Sat, 18 Jul 2026 04:26 PM (IST)
Updated Date: Sat, 18 Jul 2026 04:28 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ ਸਿਵਲ ਸਰਜਨ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸਿਹਤ ਵਿਭਾਗ ਬਠਿੰਡਾ ਵੱਲੋਂ ਵਿਸ਼ਵ ਆਬਾਦੀ ਜਾਗਰੂਕਤਾ ਹਫ਼ਤੇ ਦੇ ਮੌਕੇ ਬੱਚਿਆਂ ਵਿੱਚ ਹੋਵੇ ਸਹੀ ਅੰਤਰਾਲ, ਪਰਿਵਾਰ ਹੋਵੇ ਤੰਦਰੁਸਤ ਅਤੇ ਖੁਸ਼ਹਾਲ ਥੀਮ ਤਹਿਤ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦਾ ਉਦੇਸ਼ ਲੋਕਾਂ ਨੂੰ ਪਰਿਵਾਰ ਨਿਯੋਜਨ, ਮਾਂ ਅਤੇ ਬੱਚੇ ਦੀ ਸਿਹਤ ਅਤੇ ਵਧ ਰਹੀ ਆਬਾਦੀ ਨਾਲ ਜੁੜੇ ਮੁੱਦਿਆਂ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਜ਼ਿਲ੍ਹਾ ਵਾਸੀਆਂ ਨੂੰ ਪਰਿਵਾਰ ਨਿਯੋਜਨ ਦੇ ਸਾਧਨ ਅਪਣਾਉਣ ਅਤੇ ਬੱਚਿਆਂ ਵਿੱਚ ਉਚਿਤ ਅੰਤਰਾਲ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਿਵਾਰ ਨਿਯੋਜਨ ਨਾ ਸਿਰਫ਼ ਮਾਂ ਅਤੇ ਬੱਚੇ ਦੀ ਸਿਹਤ ਲਈ ਲਾਭਦਾਇਕ ਹੈ, ਸਗੋਂ ਇੱਕ ਤੰਦਰੁਸਤ, ਖੁਸ਼ਹਾਲ ਅਤੇ ਆਰਥਿਕ ਤੌਰ ਤੇ ਮਜ਼ਬੂਤ ਪਰਿਵਾਰ ਦੀ ਨੀਂਹ ਵੀ ਰੱਖਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਆਬਾਦੀ ਜਾਗਰੂਕਤਾ ਹਫ਼ਤਾ ਮਨਾਉਣ ਦਾ ਮੁੱਖ ਉਦੇਸ਼ ਵੱਧ ਰਹੀ ਜਨਸੰਖਿਆ, ਮਾਂ-ਬੱਚੇ ਦੀ ਸਿਹਤ, ਪ੍ਰਜਨਨ ਸਿਹਤ, ਲਿੰਗ ਸਮਾਨਤਾ ਅਤੇ ਪਰਿਵਾਰ ਨਿਯੋਜਨ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਆਹ ਦੀ ਸਹੀ ਉਮਰ, ਪਹਿਲੇ ਬੱਚੇ ਦੀ ਯੋਜਨਾਬੱਧ ਸ਼ੁਰੂਆਤ ਅਤੇ ਦੋ ਬੱਚਿਆਂ ਵਿਚਕਾਰ ਘੱਟੋ-ਘੱਟ ਤਿੰਨ ਸਾਲ ਦਾ ਅੰਤਰ ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਲਈ ਬਹੁਤ ਜ਼ਰੂਰੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪਰਿਵਾਰ ਨਿਯੋਜਨ ਨਾਲ ਸਬੰਧਤ ਸਾਰੀਆਂ ਸਲਾਹਕਾਰ ਅਤੇ ਇਲਾਜ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ ਗਰਭ ਨਿਰੋਧਕ ਗੋਲੀਆਂ, ਕੰਡੋਮ, ਕਾਪਰ-ਟੀ, ਅੰਤਰਾ ਟੀਕਾ, ਛਾਇਆ ਗੋਲੀ, ਪੁਰਸ਼ ਅਤੇ ਮਹਿਲਾ ਨਸਬੰਦੀ ਸਮੇਤ ਹੋਰ ਸਹੂਲਤਾਂ ਸ਼ਾਮਲ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਕਿਹਾ ਕਿ ਜਨਸੰਖਿਆ ਨੂੰ ਸੰਤੁਲਿਤ ਰੱਖਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਹਰ ਨਾਗਰਿਕ ਦੀ ਭਾਗੀਦਾਰੀ ਲਾਜ਼ਮੀ ਹੈ। ਪਰਿਵਾਰ ਨਿਯੋਜਨ ਅਪਣਾਉਣ ਨਾਲ ਮਾਵਾਂ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ, ਨਵਜੰਮੇ ਬੱਚਿਆਂ ਦੀ ਮੌਤ ਦਰ ਘਟਦੀ ਹੈ ਅਤੇ ਪਰਿਵਾਰ ਦੀ ਆਰਥਿਕ ਸਥਿਤੀ ਵੀ ਮਜ਼ਬੂਤ ਹੁੰਦੀ ਹੈ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਸ਼ਵ ਆਬਾਦੀ ਜਾਗਰੂਕਤਾ ਹਫ਼ਤੇ ਦੌਰਾਨ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਾਗਰੂਕਤਾ ਕੈਂਪ, ਸੈਮੀਨਾਰ, ਕੌਂਸਲਿੰਗ ਸੈਸ਼ਨ ਅਤੇ ਹੋਰ ਜਨ-ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਰਾਹੀਂ ਲੋਕਾਂ ਨੂੰ ਛੋਟੇ ਪਰਿਵਾਰ, ਬੱਚਿਆਂ ਵਿੱਚ ਸਹੀ ਅੰਤਰਾਲ ਅਤੇ ਪਰਿਵਾਰ ਨਿਯੋਜਨ ਦੇ ਸਾਧਨਾਂ ਬਾਰੇ ਜਾਣਕਾਰੀ ਦੇ ਕੇ ਸਿਹਤਮੰਦ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।