ਡਾ. ਅਮਰ ਸਿੰਘ ਸੇਠੀ ਦੇ ਜਨਮ ਦਿਨ ਮੌਕੇ ਸਕੂਲ ’ਚ ਬੂਟੇ ਲਗਾਏ ਡਾ. ਅਮਰ ਸਿੰਘ ਸੇਠੀ ਦੇ ਜਨਮ ਦਿਨ ਮੌਕੇ ਸਕੂਲ ’ਚ ਬੂਟੇ ਲਗਾਏ
Publish Date: Sat, 18 Jul 2026 04:50 PM (IST)
Updated Date: Sat, 18 Jul 2026 04:52 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਬਠਿੰਡਾ ਵਿਕਾਸ ਮੰਚ ਵੱਲੋਂ ਵਾਤਾਵਰਨ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਰਕਾਰੀ ਮਿਡਲ ਸਕੂਲ ਫੂਸ ਮੰਡੀ ਵਿਖੇ ਵਿਸ਼ੇਸ਼ ਰੁੱਖ ਲਗਾਓ ਮੁਹਿੰਮ ਚਲਾਈ ਗਈ। ਇਹ ਮੁਹਿੰਮ ਬਠਿੰਡਾ ਸਾਈਕਲਿੰਗ ਗਰੁੱਪ ਦੇ ਫਾਊਂਡਰ ਡਾ. ਅਮਰ ਸਿੰਘ ਸੇਠੀ ਦੇ ਜਨਮ ਦਿਨ ਨੂੰ ਸਮਰਪਿਤ ਸੀ। ਇਸ ਮੌਕੇ ਸਕੂਲ ਕੈਂਪਸ ਵਿੱਚ ਵੱਖ-ਵੱਖ ਕਿਸਮਾਂ ਦੇ ਪੌਦੇ ਅਤੇ ਬੀਜ ਲਗਾ ਕੇ ਵਾਤਾਵਰਨ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੱਤਾ ਗਿਆ। ਬਠਿੰਡਾ ਵਿਕਾਸ ਮੰਚ ਦੇ ਪ੍ਰਧਾਨ ਰਾਕੇਸ਼ ਨਰੂਲਾ ਦੀ ਅਗਵਾਈ ਹੇਠ ਸਕੂਲ ਵਿੱਚ 200 ਸਹੁੰਜਣਾ (ਮੋਰਿੰਗਾ) ਦੇ ਬੀਜ ਅਤੇ 50 ਕੜੀ ਪੱਤੇ ਦੇ ਬੀਜ ਬੀਜੇ ਗਏ। ਇਸ ਤੋਂ ਇਲਾਵਾ ਤੁਲਸੀ ਅਤੇ ਸਨੇਕ ਪਲਾਂਟ ਵੀ ਸਕੂਲ ਕੈਂਪਸ ਵਿੱਚ ਲਗਾਏ ਗਏ। ਮੰਚ ਦੇ ਮੈਂਬਰਾਂ ਨੇ ਕਿਹਾ ਕਿ ਸਹੁੰਜਣਾ, ਕੜੀ ਪੱਤਾ ਅਤੇ ਤੁਲਸੀ ਵਰਗੇ ਪੌਦੇ ਨਾ ਸਿਰਫ਼ ਵਾਤਾਵਰਨ ਲਈ ਲਾਭਕਾਰੀ ਹਨ, ਸਗੋਂ ਮਨੁੱਖੀ ਸਿਹਤ ਲਈ ਵੀ ਬਹੁਤ ਮਹੱਤਵ ਰੱਖਦੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਸੇਠੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਉਨ੍ਹਾਂ ਰੁੱਖ ਲਗਾਉਣ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਨ ਸੰਭਾਲ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੋੜਨ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਵੀ ਜਾਗਰੂਕ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਲਗਾਏ ਗਏ ਬੂਟਿਆਂ ਦੀ ਸੰਭਾਲ ਕਰਨ ਅਤੇ ਹੋਰਨਾਂ ਨੂੰ ਵੀ ਰੁੱਖ ਲਗਾਉਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਸਕੂਲ ਦੇ ਹੈੱਡਮਾਸਟਰ ਕੁਲਦੀਪ ਸਿੰਘ ਨੇ ਬਠਿੰਡਾ ਵਿਕਾਸ ਮੰਚ ਦੇ ਪ੍ਰਧਾਨ ਰਾਕੇਸ਼ ਨਰੂਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਵਿੱਚ ਲਗਾਏ ਗਏ ਇਹ ਬੂਟੇ ਭਵਿੱਖ ਵਿਚ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣਨਗੇ। ਬਠਿੰਡਾ ਵਿਕਾਸ ਮੰਚ ਦੇ ਪ੍ਰਧਾਨ ਰਾਕੇਸ਼ ਨਰੂਲਾ ਨੇ ਕਿਹਾ ਕਿ ਮੰਚ ਵੱਲੋਂ ਸ਼ਹਿਰ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਹਰਿਆਲੀ ਵਧਾਉਣ ਲਈ ਲਗਾਤਾਰ ਰੁੱਖ ਲਗਾਉਣ ਦੀਆਂ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।