ਅਧਿਆਪਕਾਂ ਲਈ ਟੈੱਟ ਦੀ ਲਾਜ਼ਮੀ ਸ਼ਰਤ ਤੋਂ ਛੋਟ ਲਈ ਆਰਟੀਈ ਐਕਟ ’ਚ ਸੋਧ ਦੀ ਮੰਗ ਅਧਿਆਪਕਾਂ ਲਈ ਟੈੱਟ ਦੀ ਲਾਜ਼ਮੀ ਸ਼ਰਤ ਤੋਂ ਛੋਟ ਲਈ ਆਰਟੀਈ ਐਕਟ ਵਿੱਚ ਸੋਧ ਦੀ ਮੰਗ
Publish Date: Sat, 18 Jul 2026 04:51 PM (IST)
Updated Date: Sat, 18 Jul 2026 04:52 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਦੇਸ਼ ਭਰ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਸਾਂਝੇ ਸੱਦੇ ਤੇ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਵੱਲੋਂ ਅਧਿਆਪਕਾਂ ਲਈ ਲਾਜ਼ਮੀ ਕੀਤੀ ਗਈ ਟੀਚਰ ਐਲੀਜੀਬਿਲਟੀ ਟੈਸਟ (ਟੈੱਟ) ਦੀ ਸ਼ਰਤ ਤੋਂ ਛੋਟ ਦੇਣ ਲਈ ਸਿੱਖਿਆ ਦਾ ਅਧਿਕਾਰ (ਆਰਟੀਈ.) ਐਕਟ-2009 ਵਿੱਚ ਸੋਧ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਡੀਟੀਐੱਫ ਦੇ ਆਗੂਆਂ ਨੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਰਾਹੀਂ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ ਅਤੇ ਅਪੀਲ ਕੀਤੀ ਕਿ ਆਗਾਮੀ ਮਾਨਸੂਨ ਸੈਸ਼ਨ ਦੌਰਾਨ ਇਸ ਮੁੱਦੇ ਨੂੰ ਸੰਸਦ ਵਿੱਚ ਉਠਾ ਕੇ ਕਾਨੂੰਨੀ ਸੋਧ ਕਰਵਾਈ ਜਾਵੇ। ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਡੈਲੀਗੇਸ਼ਨ ਨੂੰ ਭਰੋਸਾ ਦਿੱਤਾ ਕਿ ਉਹ ਮਾਨਸੂਨ ਸੈਸ਼ਨ ਦੌਰਾਨ ਇਸ ਮੁੱਦੇ ਨੂੰ ਲੋਕ ਸਭਾ ਵਿੱਚ ਉਠਾਉਣਗੇ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨਾਲ ਵੀ ਇਸ ਸਬੰਧੀ ਗੱਲਬਾਤ ਕਰਨਗੇ। ਜ਼ਿਲ੍ਹਾ ਪ੍ਰਧਾਨ ਜਗਪਾਲ ਸਿੰਘ ਬੰਗੀ ਅਤੇ ਜ਼ਿਲ੍ਹਾ ਸਕੱਤਰ ਹੰਸਾ ਸਿੰਘ ਨੇ ਦੱਸਿਆ ਕਿ ਨੈਸ਼ਨਲ ਕਾਉਂਸਲ ਫਾਰ ਟੀਚਰ ਐਜੂਕੇਸ਼ਨ (ਐਨਸੀਟੀਈ) ਵੱਲੋਂ 23 ਅਗਸਤ 2010 ਨੂੰ ਜਾਰੀ ਨੋਟੀਫਿਕੇਸ਼ਨ ਦੀਆਂ ਧਾਰਾਵਾਂ 4 ਅਤੇ 5 ਅਧੀਨ ਪਹਿਲਾਂ ਤੋਂ ਸੇਵਾ ਨਿਭਾ ਰਹੇ ਅਧਿਆਪਕਾਂ ਨੂੰ ਟੈੱਟ ਤੋਂ ਛੋਟ ਦਿੱਤੀ ਗਈ ਸੀ ਅਤੇ ਇਹ ਵੀ ਸਪੱਸ਼ਟ ਕੀਤਾ ਗਿਆ ਸੀ ਕਿ ਇਹ ਪ੍ਰਬੰਧ ਪਿਛਲੀ ਤਾਰੀਖ ਤੋਂ ਲਾਗੂ ਨਹੀਂ ਹੋਣਗੇ। ਪਰ 1 ਸਤੰਬਰ 2025 ਨੂੰ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਇਸ ਨੋਟੀਫਿਕੇਸ਼ਨ ਦਾ ਸੁਰੱਖਿਆ ਪ੍ਰਭਾਵ ਖਤਮ ਹੋ ਗਿਆ, ਜਿਸ ਕਾਰਨ ਆਰ.ਟੀ.ਈ. ਐਕਟ ਲਾਗੂ ਹੋਣ ਤੋਂ ਪਹਿਲਾਂ ਨਿਯਮਤ ਤੌਰ ਤੇ ਭਰਤੀ ਹੋਏ ਅਧਿਆਪਕਾਂ ਤੇ ਵੀ ਟੈੱਟ ਦੀ ਸ਼ਰਤ ਲਾਗੂ ਹੋਣ ਲੱਗੀ ਹੈ। ਆਗੂਆਂ ਨੇ ਕਿਹਾ ਕਿ ਇਸ ਨਾਲ ਦੇਸ਼ ਭਰ ਦੇ ਲੱਖਾਂ ਅਧਿਆਪਕਾਂ ਦੀ ਨੌਕਰੀ ਦੀ ਸੁਰੱਖਿਆ ਤੇ ਸਵਾਲ ਖੜ੍ਹੇ ਹੋ ਗਏ ਹਨ। ਉਨ੍ਹਾਂ ਦਾ ਤਰਕ ਹੈ ਕਿ ਟੈੱਟ ਭਵਿੱਖ ਦੀਆਂ ਭਰਤੀਆਂ ਲਈ ਲਾਗੂ ਕੀਤਾ ਗਿਆ ਸੀ ਅਤੇ ਇਸ ਨੂੰ ਪੁਰਾਣੀਆਂ ਨਿਯੁਕਤੀਆਂ ਤੇ ਰਿਟ੍ਰੋਸਪੈਕਟਿਵ ਤੌਰ ਤੇ ਲਾਗੂ ਕਰਨਾ ਕੁਦਰਤੀ ਨਿਆਂ ਦੇ ਸਿਧਾਂਤਾਂ ਦੇ ਉਲਟ ਹੈ। ਇਸ ਲਈ ਕੇਂਦਰ ਸਰਕਾਰ ਆਰਟੀਈ ਐਕਟ ਦੀ ਧਾਰਾ 23(2) ਵਿੱਚ ਸੋਧ ਕਰਕੇ ਟੈੱਟ ਦੀ ਸ਼ਰਤ ਸਿਰਫ ਭਵਿੱਖ ਦੀਆਂ ਨਿਯੁਕਤੀਆਂ ਲਈ ਲਾਗੂ ਕਰੇ ਅਤੇ ਐਕਟ ਲਾਗੂ ਹੋਣ ਤੋਂ ਪਹਿਲਾਂ ਨਿਯੁਕਤ ਸਾਰੇ ਇਨ-ਸਰਵਿਸ ਅਧਿਆਪਕਾਂ, ਜਿਨ੍ਹਾਂ ਵਿਚ ਫਿਜ਼ੀਕਲ ਐਜੂਕੇਸ਼ਨ, ਆਰਟ ਐਂਡ ਕਰਾਫਟ ਅਤੇ ਹੋਮ ਸਾਇੰਸ ਅਧਿਆਪਕ ਵੀ ਸ਼ਾਮਲ ਹਨ, ਨੂੰ ਸਪੱਸ਼ਟ ਤੌਰ ਤੇ ਛੋਟ ਦਿੱਤੀ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਇਸ ਮੁੱਦੇ ਤੇ 19 ਜੁਲਾਈ ਨੂੰ ਦਿੱਲੀ ਵਿਚ ਹੋਣ ਵਾਲੀ ਦੇਸ਼ ਪੱਧਰੀ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ ਵਿਚ ਵੀ ਸਰਗਰਮ ਹਿੱਸਾ ਲਿਆ ਜਾਵੇਗਾ। ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਮਲਕਾਣਾ ਨੇ ਦੱਸਿਆ ਕਿ ਹਰਸਿਮਰਤ ਕੌਰ ਬਾਦਲ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੈਨੀਫੈਸਟੋ ਵਿਚ ਮੁਲਾਜ਼ਮ ਮੰਗਾਂ ਨੂੰ ਸ਼ਾਮਲ ਕਰਨ ਬਾਰੇ ਵੀ ਚਰਚਾ ਹੋਈ। ਇਸ ਮੌਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਜ਼ਿਲ੍ਹਾ ਕਨਵੀਨਰ ਅੰਮ੍ਰਿਤਪਾਲ ਸਿੰਘ ਮਾਨ ਡੀਟੀਐਫ ਦੇ ਜ਼ਿਲ੍ਹਾ ਆਗੂ ਤਰਸੇਮ ਸਿੰਘ ਸਿੱਧੂ, ਅੰਮ੍ਰਿਤਪਾਲ ਸਿੰਘ ਸੈਣੇਵਾਲਾ, ਸੁਨੀਲ ਕੁਮਾਰ, ਅਮਰਦੀਪ ਸਿੰਘ, ਬੂਟਾ ਸਿੰਘ ਰੋਮਾਣਾ, ਮਨਮੋਹਨ ਸਿੰਘ, ਵਿਨੋਦ ਕੁਮਾਰ, ਰਵਿੰਦਰ ਸਿੰਘ ਭੱਟੀ, ਪਰਮਿੰਦਰ ਸਿੰਘ, ਲਾਲ ਸਿੰਘ ਰੱਲਾ ਅਤੇ ਡੀਐਮਐਫ ਦੇ ਪ੍ਰਧਾਨ ਸਿਕੰਦਰ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ