ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Publish Date: Sat, 18 Jul 2026 04:55 PM (IST)
Updated Date: Sat, 18 Jul 2026 04:58 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ ਕੋਟਫੱਤਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਦੀ ਅਗਵਾਈ ਹੇਠ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੇ ਸਮੁੱਚੇ ਪ੍ਰਬੰਧ ਗਿਆਨੀ ਦਿੱਤ ਸਿੰਘ ਹਾਊਸ ਵੱਲੋਂ ਕੀਤੇ ਗਏ, ਜਦਕਿ ਸਟੇਜ ਸੰਚਾਲਨ ਧਾਰਮਿਕ ਅਧਿਆਪਕਾ ਡਾ. ਸਿਮਰਜੀਤ ਕੌਰ ਨੇ ਬਾਖੂਬੀ ਨਿਭਾਇਆ। ਸਮਾਗਮ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਪਹੁੰਚੇ ਢਾਡੀ ਜਥੇ ਦੇ ਮੁਖੀ ਭਾਈ ਦਵਿੰਦਰ ਸਿੰਘ ਭੌਰਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਭਾਈ ਤਾਰੂ ਸਿੰਘ ਜੀ ਦੇ ਜੀਵਨ, ਸ਼ਹਾਦਤ ਅਤੇ ਸਿੱਖ ਇਤਿਹਾਸ ਵਿੱਚ ਉਨ੍ਹਾਂ ਦੇ ਅਦੁੱਤੀ ਯੋਗਦਾਨ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਢਾਡੀ ਜਥੇ ਨੇ ਆਪਣੀ ਪ੍ਰਭਾਵਸ਼ਾਲੀ ਪੇਸ਼ਕਾਰੀ ਰਾਹੀਂ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੇ ਸਿਧਾਂਤਾਂ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸੇਧ ਲੈਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਪਹੁੰਚੇ ਢਾਡੀ ਜਥੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਜੀਵਨ ਧਰਮ, ਸੱਚ, ਦ੍ਰਿੜ੍ਹ ਵਿਸ਼ਵਾਸ ਅਤੇ ਅਟੱਲ ਹੌਸਲੇ ਦਾ ਪ੍ਰਤੀਕ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਮਹਾਨ ਸ਼ਹੀਦਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ, ਗੁਰਬਾਣੀ ਅਤੇ ਗੁਰਮਤਿ ਨਾਲ ਜੁੜਨ ਅਤੇ ਉੱਚੇ ਨੈਤਿਕ ਕਦਰਾਂ-ਕੀਮਤਾਂ ਵਾਲਾ ਜੀਵਨ ਬਤੀਤ ਕਰਨ। ਸਮਾਗਮ ਦੌਰਾਨ ਸਕੂਲ ਦੇ ਅਧਿਆਪਕਾਂ, ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਰਧਾ ਭਾਵਨਾ ਨਾਲ ਸ਼ਮੂਲੀਅਤ ਕਰਦਿਆਂ ਭਾਈ ਤਾਰੂ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕੀਤਾ।