ਡਿਊਟੀ ਦੌਰਾਨ ਬੱਚਿਆਂ ਦੀ ਚਿੰਤਾ ਤੋਂ ਮਿਲੇਗੀ ਰਾਹਤ, ਡੀਪੀਓ ਕੰਪਲੈਕਸ ’ਚ ਆਧੁਨਿਕ ਕ੍ਰੈੱਚ ਦੀ ਹੋਈ ਸ਼ੁਰੂਆਤ ਡਿਊਟੀ ਦੌਰਾਨ ਬੱਚਿਆਂ ਦੀ ਚਿੰਤਾ ਤੋਂ ਮਿਲੇਗੀ ਰਾਹਤ, ਡੀਪੀਓ ਕੰਪਲੈਕਸ ਵਿੱਚ ਆਧੁਨਿਕ ਕ੍ਰੈੱਚ ਦੀ ਹੋਈ ਸ਼ੁਰੂਆਤ
Publish Date: Tue, 21 Jul 2026 04:22 PM (IST)
Updated Date: Tue, 21 Jul 2026 04:22 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਕਾਨੂੰਨ-ਵਿਵਸਥਾ ਦੀ ਜ਼ਿੰਮੇਵਾਰੀ ਨਿਭਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਹੁਣ ਡਿਊਟੀ ਦੌਰਾਨ ਆਪਣੇ ਛੋਟੇ ਬੱਚਿਆਂ ਦੀ ਦੇਖਭਾਲ ਦੀ ਚਿੰਤਾ ਨਹੀਂ ਸਤਾਏਗੀ। ਬਠਿੰਡਾ ਪੁਲਿਸ ਵੱਲੋਂ ਆਪਣੇ ਮੁਲਾਜ਼ਮਾਂ ਦੀਆਂ ਪਰਿਵਾਰਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪੁਲਿਸ ਦਫ਼ਤਰ (ਡੀਪੀਓ) ਕੰਪਲੈਕਸ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਇਕ ਕ੍ਰੈੱਚ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਉਪਰਾਲੇ ਦਾ ਮੁੱਖ ਮਕਸਦ ਮਹਿਲਾ ਅਤੇ ਪੁਰਸ਼ ਪੁਲਿਸ ਕਰਮਚਾਰੀਆਂ ਨੂੰ ਅਜਿਹੀ ਸੁਰੱਖਿਅਤ ਸਹੂਲਤ ਮੁਹੱਈਆ ਕਰਵਾਉਣਾ ਹੈ, ਜਿੱਥੇ ਉਹ ਆਪਣੇ ਛੋਟੇ ਬੱਚਿਆਂ ਨੂੰ ਨਿਸ਼ਚਿੰਤ ਹੋ ਕੇ ਛੱਡ ਸਕਣ ਅਤੇ ਪੂਰੀ ਇਕਾਗਰਤਾ ਨਾਲ ਆਪਣੀ ਡਿਊਟੀ ਨਿਭਾ ਸਕਣ। ਪੁਲਿਸ ਵਿਭਾਗ ਵਿੱਚ ਵੱਡੀ ਗਿਣਤੀ ਵਿੱਚ ਅਜਿਹੇ ਮੁਲਾਜ਼ਮ ਤਾਇਨਾਤ ਹਨ, ਜਿਨ੍ਹਾਂ ਦੀ ਡਿਊਟੀ ਦਾ ਕੋਈ ਨਿਸ਼ਚਿਤ ਸਮਾਂ ਨਹੀਂ ਹੁੰਦਾ। ਕਈ ਵਾਰ ਉਨ੍ਹਾਂ ਨੂੰ ਲੰਬੇ ਸਮੇਂ ਤਕ ਦਫ਼ਤਰ, ਫ਼ੀਲਡ ਡਿਊਟੀ ਜਾਂ ਵਿਸ਼ੇਸ਼ ਮੁਹਿੰਮਾਂ ਵਿੱਚ ਰੁੱਝਿਆ ਰਹਿਣਾ ਪੈਂਦਾ ਹੈ। ਅਜਿਹੇ ਹਾਲਾਤਾਂ ਵਿੱਚ ਛੋਟੇ ਬੱਚਿਆਂ ਦੀ ਦੇਖਭਾਲ ਕਰਨਾ ਪਰਿਵਾਰਾਂ ਲਈ ਇੱਕ ਵੱਡੀ ਚੁਣੌਤੀ ਬਣ ਜਾਂਦਾ ਹੈ। ਖਾਸ ਕਰਕੇ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਇਸ ਸਮੱਸਿਆ ਦਾ ਵੱਧ ਸਾਹਮਣਾ ਕਰਨਾ ਪੈਂਦਾ ਸੀ। ਕਈ ਮੁਲਾਜ਼ਮ ਆਪਣੇ ਬੱਚਿਆਂ ਨੂੰ ਨਿੱਜੀ ਕ੍ਰੈੱਚਾਂ ਵਿੱਚ ਛੱਡਣ ਲਈ ਮਜਬੂਰ ਹੁੰਦੇ ਸਨ, ਜਦਕਿ ਕੁਝ ਨੂੰ ਆਪਣੇ ਰਿਸ਼ਤੇਦਾਰਾਂ ਜਾਂ ਜਾਣ-ਪਛਾਣ ਵਾਲਿਆਂ ਦੀ ਮਦਦ ਲੈਣੀ ਪੈਂਦੀ ਸੀ। ਹੁਣ ਇਸ ਨਵੀਂ ਸਹੂਲਤ ਨਾਲ ਉਨ੍ਹਾਂ ਨੂੰ ਕਾਫ਼ੀ ਰਾਹਤ ਮਿਲਣ ਦੀ ਉਮੀਦ ਹੈ। ਕ੍ਰੈੱਚ ਵਿਚ ਬੱਚਿਆਂ ਦੀ ਦੇਖਭਾਲ ਲਈ ਦੋ ਮਹਿਲਾ ਕਰਮਚਾਰੀਆਂ ਦੀ ਵਿਸ਼ੇਸ਼ ਤੌਰ ਤੇ ਤਾਇਨਾਤੀ ਕੀਤੀ ਗਈ ਹੈ। ਇਹ ਕਰਮਚਾਰੀ ਸਵੇਰੇ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਸ਼ੁਰੂ ਹੋਣ ਤੋਂ ਲੈ ਕੇ ਉਨ੍ਹਾਂ ਦੀ ਡਿਊਟੀ ਸਮਾਪਤ ਹੋਣ ਤਕ ਬੱਚਿਆਂ ਦੀ ਪੂਰੀ ਦੇਖਭਾਲ ਕਰਨਗੀਆਂ। ਬੱਚਿਆਂ ਦੀ ਸੁਰੱਖਿਆ ਅਤੇ ਆਰਾਮ ਨੂੰ ਧਿਆਨ ਵਿੱਚ ਰੱਖਦਿਆਂ ਕ੍ਰੈੱਚ ਨੂੰ ਬੱਚਿਆਂ ਦੇ ਅਨੁਕੂਲ ਅਤੇ ਸੁਰੱਖਿਅਤ ਢੰਗ ਨਾਲ ਤਿਆਰ ਕੀਤਾ ਗਿਆ ਹੈ, ਤਾਂ ਜੋ ਮਾਪੇ ਬਿਨਾਂ ਕਿਸੇ ਚਿੰਤਾ ਦੇ ਆਪਣੀਆਂ ਡਿਊਟੀਆਂ ਨਿਭਾ ਸਕਣ। ਇਸ ਕ੍ਰੈੱਚ ਵਿੱਚ ਬੱਚਿਆਂ ਦੇ ਮਨੋਰੰਜਨ ਅਤੇ ਮਾਨਸਿਕ ਵਿਕਾਸ ਲਈ ਵੱਖ-ਵੱਖ ਤਰ੍ਹਾਂ ਦੇ ਖਿਡੌਣੇ, ਰੰਗ-ਬਿਰੰਗੀ ਵਿਦਿਅਕ ਸਮੱਗਰੀ ਅਤੇ ਸ਼ੁਰੂਆਤੀ ਸਿੱਖਿਆ ਨਾਲ ਸਬੰਧਤ ਸਾਧਨ ਉਪਲਬਧ ਕਰਵਾਏ ਗਏ ਹਨ। ਇਸ ਤੋਂ ਇਲਾਵਾ ਆਰਾਮ ਲਈ ਬਿਸਤਰੇ, ਸਾਫ਼-ਸੁਥਰਾ ਪੀਣ ਵਾਲਾ ਪਾਣੀ, ਸਵੱਛ ਟਾਇਲਟ ਅਤੇ ਸਿਹਤ ਨਾਲ ਸਬੰਧਤ ਮੁੱਢਲੀਆਂ ਸਹੂਲਤਾਂ ਵੀ ਯਕੀਨੀ ਬਣਾਈਆਂ ਗਈਆਂ ਹਨ। ਬੱਚਿਆਂ ਦੇ ਖਾਣ-ਪੀਣ, ਸਫ਼ਾਈ ਅਤੇ ਸਿਹਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਕ੍ਰੈੱਚ ਵਿਚ ਫਸਟ ਏਡ ਦੀ ਸਹੂਲਤ ਵੀ ਉਪਲਬਧ ਹੈ। ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਨੇ ਕਿਹਾ ਕਿ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਹੋਰ ਵਧੀਆ ਢੰਗ ਨਾਲ ਉਦੋਂ ਹੀ ਨਿਭਾ ਸਕਦੇ ਹਨ, ਜਦੋਂ ਉਹ ਆਪਣੇ ਪਰਿਵਾਰ ਅਤੇ ਬੱਚਿਆਂ ਦੀ ਚਿੰਤਾ ਤੋਂ ਮੁਕਤ ਹੋਣ। ਉਨ੍ਹਾਂ ਕਿਹਾ ਕਿ ਕ੍ਰੈੱਚ ਦੀ ਇਹ ਸਹੂਲਤ ਨਾ ਸਿਰਫ਼ ਮੁਲਾਜ਼ਮਾਂ ਦਾ ਮਨੋਬਲ ਵਧਾਏਗੀ, ਸਗੋਂ ਉਨ੍ਹਾਂ ਨੂੰ ਇਕ ਬਿਹਤਰ ਅਤੇ ਪਰਿਵਾਰ-ਪੱਖੀ ਕਾਰਜ ਮਾਹੌਲ ਵੀ ਪ੍ਰਦਾਨ ਕਰੇਗੀ। ਉਨ੍ਹਾਂ ਦੱਸਿਆ ਕਿ ਬਠਿੰਡਾ ਪੁਲਿਸ ਹਮੇਸ਼ਾ ਆਪਣੇ ਮੁਲਾਜ਼ਮਾਂ ਦੀ ਭਲਾਈ ਨੂੰ ਪਹਿਲ ਦਿੰਦੀ ਹੈ ਅਤੇ ਇਹ ਕ੍ਰੈੱਚ ਉਸੇ ਦਿਸ਼ਾ ਵਿੱਚ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਸਹੂਲਤ ਖਾਸ ਤੌਰ ਤੇ ਮਹਿਲਾ ਪੁਲਿਸ ਕਰਮਚਾਰੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ, ਜਦਕਿ ਪੁਰਸ਼ ਮੁਲਾਜ਼ਮ ਵੀ ਆਪਣੇ ਛੋਟੇ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਵਿੱਚ ਛੱਡ ਕੇ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਸਕਣਗੇ। ਡੀਆਈਜੀ ਨੇ ਉਮੀਦ ਜਤਾਈ ਕਿ ਇਹ ਉਪਰਾਲਾ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਲਾਭਕਾਰੀ ਸਾਬਤ ਹੋਵੇਗਾ ਅਤੇ ਭਵਿੱਖ ਵਿੱਚ ਵੀ ਮੁਲਾਜ਼ਮ ਭਲਾਈ ਨਾਲ ਜੁੜੀਆਂ ਅਜਿਹੀਆਂ ਹੋਰ ਯੋਜਨਾਵਾਂ ਸ਼ੁਰੂ ਕੀਤੀਆਂ ਜਾਂਦੀਆਂ ਰਹਿਣਗੀਆਂ।