ਡੱਬਵਾਲੀ ਤੇ ਸ਼ੱਕਾਂਵਾਲੀ ਬੇਅਦਬੀ ਮਾਮਲੇ: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਜਤਾਈ ਡੂੰਘੀ ਚਿੰਤਾ ਡੱਬਵਾਲੀ ਤੇ ਸ਼ੱਕਾਂਵਾਲੀ ਬੇਅਦਬੀ ਮਾਮਲੇ: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਜਤਾਈ ਡੂੰਘੀ ਚਿੰਤਾ
Publish Date: Tue, 21 Jul 2026 04:26 PM (IST)
Updated Date: Tue, 21 Jul 2026 04:28 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ ਪਿੰਡ ਡੱਬਵਾਲੀ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਪਾਵਨ ਸਰੂਪ ਦੇ ਅੰਗ ਖੰਡਿਤ ਹੋਣ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸ਼ੱਕਾਂਵਾਲੀ ਵਿਖੇ ਪਾਵਨ ਗੁਟਕਾ ਸਾਹਿਬ ਦੇ ਅੰਗ ਮਿਲਣ ਦੀਆਂ ਮੰਦਭਾਗੀਆਂ ਘਟਨਾਵਾਂ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਟੇਕ ਸਿੰਘ ਨੇ ਡੂੰਘੇ ਦੁੱਖ, ਰੋਸ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਪਿੰਡ ਡੱਬਵਾਲੀ ਵਿਖੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਉਪਰੰਤ ਸਿੰਘ ਸਾਹਿਬ ਨੇ ਕਿਹਾ ਕਿ ਇਹ ਘਟਨਾਵਾਂ ਸਮੁੱਚੀ ਸਿੱਖ ਕੌਮ ਦੇ ਹਿਰਦਿਆਂ ਨੂੰ ਵਲੂੰਧਰਨ ਵਾਲੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਦੋਵਾਂ ਮਾਮਲਿਆਂ ਦੀ ਨਿਰਪੱਖ ਅਤੇ ਤੇਜ਼ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਦੀ ਅਪੀਲ ਕੀਤੀ। ਸਿੰਘ ਸਾਹਿਬ ਨੇ ਕਿਹਾ ਕਿ ਸਿੱਖ ਇਤਿਹਾਸ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਅਦਬ ਲਈ ਮਹਾਨ ਕੁਰਬਾਨੀਆਂ ਨਾਲ ਭਰਿਆ ਪਿਆ ਹੈ। ਸਾਡੇ ਪੁਰਖਿਆਂ ਨੇ ਔਖੇ ਤੋਂ ਔਖੇ ਸਮਿਆਂ ਵਿਚ ਵੀ ਆਪਣੇ ਪ੍ਰਾਣ ਨਿਛਾਵਰ ਕਰਕੇ ਗੁਰੂ ਸਾਹਿਬ ਦੇ ਪਾਵਨ ਸਰੂਪਾਂ ਦੀ ਰੱਖਿਆ ਕੀਤੀ, ਪਰ ਅੱਜ ਅਜਿਹੀਆਂ ਘਟਨਾਵਾਂ ਵਾਪਰਨਾ ਬੇਹੱਦ ਚਿੰਤਾਜਨਕ ਹੈ ਅਤੇ ਇਹ ਸਮੁੱਚੀ ਕੌਮ ਲਈ ਆਤਮ-ਪੜਚੋਲ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪਿੰਡ ਡੱਬਵਾਲੀ ਵਿਖੇ ਮੁੱਢਲੀ ਜਾਂਚ ਦੌਰਾਨ ਇਹ ਪ੍ਰਤੀਤ ਹੁੰਦਾ ਹੈ ਕਿ ਪਾਵਨ ਸਰੂਪ ਬਿਰਧ ਅਵਸਥਾ ਵਿਚ ਨਹੀਂ ਸੀ ਅਤੇ ਸੇਵਾ-ਸੰਭਾਲ ਦੌਰਾਨ ਇਸ ਤਰ੍ਹਾਂ ਅੰਗ ਵੱਖ ਹੋਣਾ ਸੰਭਵ ਨਹੀਂ ਲੱਗਦਾ। ਇਸ ਕਾਰਨ ਇਹ ਘਟਨਾ ਇਕ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ। ਇਸੇ ਤਰ੍ਹਾਂ ਪਿੰਡ ਸ਼ੱਕਾਂਵਾਲੀ ਵਿਖੇ ਪਾਵਨ ਗੁਟਕਾ ਸਾਹਿਬ ਦੇ ਅੰਗ ਮਿਲਣ ਦੀ ਘਟਨਾ ਵੀ ਬੇਹੱਦ ਗੰਭੀਰ ਹੈ, ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਸਿੰਘ ਸਾਹਿਬ ਨੇ ਮੰਗ ਕੀਤੀ ਕਿ ਦੋਵਾਂ ਮਾਮਲਿਆਂ ਦੀ ਜਾਂਚ ਨੂੰ ਜਲਦ ਮੁਕੰਮਲ ਕਰਕੇ ਅਸਲ ਸੱਚਾਈ ਸੰਗਤਾਂ ਸਾਹਮਣੇ ਲਿਆਂਦੀ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ ਸਿੰਘਾਂ ਅਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਵਿੱਚ ਪਹਿਰੇਦਾਰੀ ਅਤੇ ਨਿਗਰਾਨੀ ਹੋਰ ਮਜ਼ਬੂਤ ਕੀਤੀ ਜਾਵੇ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਅਤੇ ਗੁਟਕਾ ਸਾਹਿਬ ਦੀ ਸੇਵਾ-ਸੰਭਾਲ ਸਮੇਂ ਪੂਰੀ ਗੁਰਮਰਿਆਦਾ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਭਵਿੱਖ ਵਿਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।