ਸਫਾਈ ਤੇ ਸੀਵਰੇਜ ਕਾਮਿਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਸਫਾਈ ਤੇ ਸੀਵਰੇਜ ਕਾਮਿਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ, ਪਹਿਲੇ ਦਿਨ ਹੀ ਸ਼ਹਿਰ ’ਚ ਨਹੀਂ ਚੁੱਕਿਆ ਗਿਆ 120 ਟਨ ਕੂੜਾ
Publish Date: Fri, 24 Jul 2026 08:57 PM (IST)
Updated Date: Sat, 25 Jul 2026 04:11 AM (IST)
ਪਹਿਲੇ ਦਿਨ ਹੀ ਸ਼ਹਿਰ ’ਚ ਨਹੀਂ ਚੁੱਕਿਆ ਗਿਆ 120 ਟਨ ਕੂੜਾ ਨਗਰ ਨਿਗਮ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ 12 ਘੰਟਿਆਂ ਦਾ ਅਲਟੀਮੇਟਮ, ਟਿੱਪਰ ਤੇ ਟਰਾਲੀਆਂ ਨਹੀਂ ਉਤਰੀਆਂ ਸੜਕਾਂ ’ਤੇ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਬਰਨਾਲਾ ਵਿੱਚ ਮਹਿਲਾ ਅਤੇ ਸਫਾਈ ਕਰਮਚਾਰੀਆਂ ਤੇ ਹੋਏ ਪੁਲਿਸ ਲਾਠੀਚਾਰਜ ਦੇ ਵਿਰੋਧ ਅਤੇ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ਦੇ ਹੱਲ ਵਿੱਚ ਹੋ ਰਹੀ ਦੇਰੀ ਦੇ ਰੋਸ ਵਜੋਂ ਬਠਿੰਡਾ ਨਗਰ ਨਿਗਮ ਦੇ ਸਫਾਈ ਸੇਵਕਾਂ ਅਤੇ ਸੀਵਰੇਜ ਵਰਕਰਾਂ ਨੇ ਸ਼ੁੱਕਰਵਾਰ ਤੋਂ ਸਾਂਝੇ ਤੌਰ ਤੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਫਾਈ ਕਰਮਚਾਰੀ ਯੂਨੀਅਨ ਦੇ ਸੱਦੇ ਤੇ ਸ਼ੁਰੂ ਹੋਈ ਇਸ ਹੜਤਾਲ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਪਹਿਲੇ ਹੀ ਦਿਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ। ਹੜਤਾਲ ਕਾਰਨ ਲਗਭਗ 120 ਟਨ ਕੂੜਾ ਸ਼ਹਿਰ ਦੀਆਂ ਗਲੀਆਂ, ਸੜਕਾਂ ਅਤੇ ਘਰਾਂ ਵਿੱਚੋਂ ਨਹੀਂ ਚੁੱਕਿਆ ਜਾ ਸਕਿਆ। ਨਗਰ ਨਿਗਮ ਦਫ਼ਤਰ ਦੇ ਬਾਹਰ ਪੰਜਾਬ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਵਿਨੋਦ ਮਾਲੀ ਅਤੇ ਸੀਵਰੇਜ ਵਰਕਰ ਯੂਨੀਅਨ ਦੇ ਪ੍ਰਧਾਨ ਰਵੀ ਕੁਮਾਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਨੇ ਧਰਨਾ ਦਿੱਤਾ। ਇਸ ਦੌਰਾਨ ਕਰਮਚਾਰੀਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਲੰਬਿਤ ਮੰਗਾਂ ਨੂੰ ਤੁਰੰਤ ਮੰਨਣ ਦੀ ਮੰਗ ਕੀਤੀ। ਹੜਤਾਲ ਕਾਰਨ ਸ਼ੁੱਕਰਵਾਰ ਨੂੰ ਨਾ ਤਾਂ ਸ਼ਹਿਰ ਦੀਆਂ ਸੜਕਾਂ ਤੇ ਝਾੜੂ ਲੱਗਿਅ ਅਤੇ ਨਾ ਹੀ ਘਰ-ਘਰ ਤੋਂ ਕੂੜਾ ਇਕੱਠਾ ਕੀਤਾ ਗਿਆ। ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਦੀ ਸੇਵਾ ਪੂਰੀ ਤਰ੍ਹਾਂ ਠੱਪ ਰਹੀ। ਨਗਰ ਨਿਗਮ ਦੀਆਂ ਟਿੱਪਰ-ਟਰਾਲੀਆਂ ਸੜਕਾਂ ਤੇ ਨਹੀਂ ਉਤਰੀਆਂ ਅਤੇ ਰੋਡ ਸਵੀਪਿੰਗ ਮਸ਼ੀਨਾਂ ਵੀ ਬੰਦ ਰਹੀਆਂ। ਇਸ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸੀਵਰੇਜ ਜਾਮ ਹੋਣ ਦੀਆਂ ਸ਼ਿਕਾਇਤਾਂ ਦੇ ਬਾਵਜੂਦ ਕਰਮਚਾਰੀਆਂ ਨੇ ਕੋਈ ਕੰਮ ਨਹੀਂ ਕੀਤਾ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਵੀਰਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਪ੍ਰਸ਼ਾਸਨ ਨੂੰ 12 ਘੰਟਿਆਂ ਦਾ ਅਲਟੀਮੇਟਮ ਦਿੱਤਾ ਗਿਆ ਸੀ। ਇਸ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਮੇਅਰ ਪਦਮਜੀਤ ਸਿੰਘ ਮਹਿਤਾ, ਨਗਰ ਨਿਗਮ ਕਮਿਸ਼ਨਰ ਲਵਜੀਤ ਕੌਰ ਕਲਸੀ ਤੇ ਸਹਾਇਕ ਕਮਿਸ਼ਨਰ ਸੁਨੀਲ ਮਹਿਤਾ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਸੀ ਪਰ ਮੰਗਾਂ ਦੇ ਹੱਲ ਲਈ ਕੋਈ ਠੋਸ ਭਰੋਸਾ ਜਾਂ ਕਾਰਵਾਈ ਨਾ ਹੋਣ ਕਾਰਨ ਕਰਮਚਾਰੀਆਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ। ਯੂਨੀਅਨ ਦੇ ਮਹਾਂ ਸਕੱਤਰ ਵਿਪਿਨ ਕੁਮਾਰ ਅਤੇ ਸੀਨੀਅਰ ਮੀਤ ਪ੍ਰਧਾਨ ਹੇਮਰਾਜ ਨੇ ਕਿਹਾ ਕਿ ਮਈ ਮਹੀਨੇ ਵਿੱਚ 17 ਦਿਨਾਂ ਤੱਕ ਚੱਲੀ ਹੜਤਾਲ ਤੋਂ ਬਾਅਦ ਪੰਜਾਬ ਪੱਧਰ ਤੇ ਹੋਈ ਮੀਟਿੰਗ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਮਹੀਨੇ ਦੇ ਅੰਦਰ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਪਰ ਡੇਢ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਇਸੇ ਦੇ ਵਿਰੋਧ ਵਿੱਚ ਸੂਬੇ ਭਰ ਵਿੱਚ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਬਠਿੰਡਾ ਦੇ ਸਫਾਈ ਸੇਵਕ ਤੇ ਸੀਵਰੇਜ ਵਰਕਰ ਵੀ ਇਸ ਵਿੱਚ ਸ਼ਾਮਲ ਹੋ ਗਏ ਹਨ।