ਪਾਵਰਕਾਮ ਮੁਲਾਜ਼ਮਾਂ ਦੀ ਹੜਤਾਲ ਜਾਰੀ, ਬਿਜਲੀ ਸੇਵਾਵਾਂ ਪ੍ਰਭਾਵਿਤ, ਲੋਕਾਂ ਦੀ ਖੱਜਲ-ਖੁਆਰੀ ਵਧੀ ਪਾਵਰਕਾਮ ਮੁਲਾਜ਼ਮਾਂ ਦੀ ਹੜਤਾਲ ਜਾਰੀ, ਬਿਜਲੀ ਸੇਵਾਵਾਂ ਪ੍ਰਭਾਵਿਤ, ਲੋਕਾਂ ਦੀ ਖੱਜਲ-ਖੁਆਰੀ ਵਧੀ
Publish Date: Sat, 25 Jul 2026 04:13 PM (IST)
Updated Date: Sat, 25 Jul 2026 04:14 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਦੇ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਦਾ ਅਸਰ ਹੁਣ ਆਮ ਲੋਕਾਂ ਤੇ ਸਾਫ਼ ਨਜ਼ਰ ਆਉਣ ਲੱਗਾ ਹੈ। ਜ਼ਿਲ੍ਹੇ ਵਿੱਚ ਬਿਜਲੀ ਸਪਲਾਈ ਨਾਲ ਜੁੜੇ ਕੰਮ ਪ੍ਰਭਾਵਿਤ ਹੋ ਰਹੇ ਹਨ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਕਰਕੇ ਜਿੱਥੇ ਬਿਜਲੀ ਸਪਲਾਈ ਵਿੱਚ ਨੁਕਸ ਪੈ ਜਾਂਦਾ ਹੈ, ਉੱਥੇ ਉਸ ਨੂੰ ਠੀਕ ਕਰਨ ਲਈ ਪਹਿਲਾਂ ਨਾਲੋਂ ਕਾਫ਼ੀ ਵੱਧ ਸਮਾਂ ਲੱਗ ਰਿਹਾ ਹੈ। ਹੜਤਾਲ ਕਾਰਨ ਫ਼ੀਲਡ ਸਟਾਫ਼ ਦੀ ਘਾਟ ਹੋਣ ਨਾਲ ਬਿਜਲੀ ਨਾਲ ਸਬੰਧਤ ਸ਼ਿਕਾਇਤਾਂ ਦਾ ਨਿਪਟਾਰਾ ਪ੍ਰਭਾਵਿਤ ਹੋਇਆ ਹੈ। ਕਈ ਇਲਾਕਿਆਂ ਵਿੱਚ ਟਰਾਂਸਫਾਰਮਰਾਂ, ਬਿਜਲੀ ਲਾਈਨਾਂ ਅਤੇ ਹੋਰ ਤਕਨੀਕੀ ਖ਼ਰਾਬੀਆਂ ਨੂੰ ਠੀਕ ਕਰਨ ਲਈ ਖਪਤਕਾਰਾਂ ਨੂੰ ਘੰਟਿਆਂ, ਕਈ ਵਾਰ ਪੂਰਾ ਦਿਨ ਉਡੀਕ ਕਰਨੀ ਪੈ ਰਹੀ ਹੈ। ਇਸ ਕਾਰਨ ਲੋਕਾਂ ਵਿੱਚ ਪਾਵਰਕਾਮ ਪ੍ਰਤੀ ਨਾਰਾਜ਼ਗੀ ਵਧਦੀ ਜਾ ਰਹੀ ਹੈ। ਖਪਤਕਾਰਾਂ ਦਾ ਕਹਿਣਾ ਹੈ ਕਿ ਬਿਜਲੀ ਬੰਦ ਹੋਣ ਤੋਂ ਬਾਅਦ ਸ਼ਿਕਾਇਤ ਦਰਜ ਕਰਵਾਉਣ ਦੇ ਬਾਵਜੂਦ ਸਮੱਸਿਆ ਦਾ ਹੱਲ ਸਮੇਂ ਸਿਰ ਨਹੀਂ ਹੋ ਰਿਹਾ। ਪੇਂਡੂ ਖੇਤਰਾਂ ਦੇ ਨਾਲ-ਨਾਲ ਸ਼ਹਿਰੀ ਇਲਾਕਿਆਂ ਵਿੱਚ ਵੀ ਇਹੀ ਹਾਲਾਤ ਬਣੇ ਹੋਏ ਹਨ। ਕਈ ਥਾਵਾਂ ਤੇ ਬਿਜਲੀ ਸਪਲਾਈ ਲੰਬੇ ਸਮੇਂ ਤੱਕ ਪ੍ਰਭਾਵਿਤ ਰਹਿਣ ਕਾਰਨ ਘਰੇਲੂ ਕੰਮਾਂ ਦੇ ਨਾਲ-ਨਾਲ ਛੋਟੇ ਕਾਰੋਬਾਰ ਅਤੇ ਵਪਾਰਕ ਗਤੀਵਿਧੀਆਂ ਤੇ ਵੀ ਅਸਰ ਪੈ ਰਿਹਾ ਹੈ। ਪਾਵਰਕਾਮ ਦੇ ਸ਼ਿਕਾਇਤ ਕੇਂਦਰਾਂ ਤੇ ਵੀ ਬਿਜਲੀ ਸਬੰਧੀ ਸ਼ਿਕਾਇਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਪਭੋਗਤਾ ਫ਼ੋਨ ਅਤੇ ਆਨਲਾਈਨ ਮਾਧਿਅਮ ਰਾਹੀਂ ਸ਼ਿਕਾਇਤਾਂ ਦਰਜ ਕਰਵਾ ਰਹੇ ਹਨ, ਪਰ ਮੁਲਾਜ਼ਮਾਂ ਦੀ ਘਾਟ ਕਾਰਨ ਉਨ੍ਹਾਂ ਦਾ ਨਿਪਟਾਰਾ ਉਮੀਦ ਮੁਤਾਬਕ ਨਹੀਂ ਹੋ ਪਾ ਰਿਹਾ। ਇਸ ਕਾਰਨ ਲੋਕਾਂ ਨੂੰ ਵਾਰ-ਵਾਰ ਦਫ਼ਤਰਾਂ ਦੇ ਚੱਕਰ ਵੀ ਲਗਾਉਣੇ ਪੈ ਰਹੇ ਹਨ। ਵਪਾਰੀਆਂ ਅਤੇ ਆਮ ਲੋਕਾਂ ਦਾ ਕਹਿਣਾ ਹੈ ਕਿ ਬਿਜਲੀ ਸੇਵਾ ਇੱਕ ਜ਼ਰੂਰੀ ਸੇਵਾ ਹੈ ਅਤੇ ਇਸ ਵਿੱਚ ਆਉਣ ਵਾਲੀ ਰੁਕਾਵਟ ਦਾ ਸਿੱਧਾ ਅਸਰ ਰੋਜ਼ਾਨਾ ਜੀਵਨ ਤੇ ਪੈਂਦਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਹੜਤਾਲ ਦਾ ਜਲਦ ਹੱਲ ਕੱਢਣ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ ਅਤੇ ਬਿਜਲੀ ਸੇਵਾਵਾਂ ਮੁੜ ਪੂਰੀ ਤਰ੍ਹਾਂ ਬਹਾਲ ਹੋ ਸਕਣ। ਦੂਜੇ ਪਾਸੇ ਪਾਵਰਕਾਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਰੂਰੀ ਸੇਵਾਵਾਂ ਨੂੰ ਚਲਦਾ ਰੱਖਣ ਲਈ ਵਿਕਲਪਕ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਜਿੱਥੇ ਵੀ ਗੰਭੀਰ ਤਕਨੀਕੀ ਨੁਕਸ ਸਾਹਮਣੇ ਆ ਰਹੇ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਠੀਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਬਾਵਜੂਦ ਹੜਤਾਲ ਕਾਰਨ ਆਮ ਕੰਮਕਾਜ ਪ੍ਰਭਾਵਿਤ ਹੋਇਆ ਹੈ, ਜਿਸ ਦਾ ਅਸਰ ਖਪਤਕਾਰਾਂ ਨੂੰ ਝੱਲਣਾ ਪੈ ਰਿਹਾ ਹੈ। ਲੋਕਾਂ ਦਾ ਮੰਨਣਾ ਹੈ ਕਿ ਜੇਕਰ ਹੜਤਾਲ ਲੰਬੀ ਚੱਲੀ ਤਾਂ ਬਿਜਲੀ ਸਬੰਧੀ ਸਮੱਸਿਆਵਾਂ ਹੋਰ ਵਧ ਸਕਦੀਆਂ ਹਨ। ਇਸ ਲਈ ਉਨ੍ਹਾਂ ਨੇ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਜਲਦੀ ਸਹਿਮਤੀ ਤੇ ਪਹੁੰਚਣ ਦੀ ਅਪੀਲ ਕੀਤੀ ਹੈ ਤਾਂ ਜੋ ਬਿਜਲੀ ਸਪਲਾਈ ਅਤੇ ਉਪਭੋਗਤਾ ਸੇਵਾਵਾਂ ਪਹਿਲਾਂ ਵਾਂਗ ਸੁਚਾਰੂ ਢੰਗ ਨਾਲ ਚੱਲ ਸਕਣ। ਮੰਗਾਂ ਦਾ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ ਕਰਮਚਾਰੀ ਆਗੂ ਰਾਜਿੰਦਰ ਸਿੰਘ ਨਿੰਮਾ, ਕੇਸ਼ਵ, ਅਵਤਾਰ ਸਿੰਘ ਅਤੇ ਰਣਜੀਤ ਸਿੰਘ ਨੇ ਕਿਹਾ ਕਿ ਪਿਛਲੇ ਛੇ ਮਹੀਨਿਆਂ ਤੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਵੱਲੋਂ ਮੰਗਾਂ ਸਬੰਧੀ ਸਿਰਫ਼ ਭਰੋਸੇ ਦਿੱਤੇ ਜਾ ਰਹੇ ਹਨ। ਮੰਗਾਂ ਦਾ ਹੱਲ ਨਾ ਹੋਣ ਕਾਰਨ ਕਰਮਚਾਰੀਆਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿਚ ਪੁਰਾਣੀ ਪੈਨਸ਼ਨ ਯੋਜਨਾ ਬਹਾਲ ਕਰਨਾ, ਜੁਲਾਈ 2020 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ’ਤੇ ਪੰਜਾਬ ਦਾ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨਾ, ਵਰਕਚਾਰਜ ਤੋਂ ਸਹਾਇਕ ਲਾਈਨਮੈਨ ਦੇ ਅਹੁਦੇ ’ਤੇ ਤਰੱਕੀ ਪ੍ਰਾਪਤ ਕਰਮਚਾਰੀਆਂ ਨੂੰ ਪੰਜਾਬ ਸਕੇਲ ਦੇਣਾ, ਵੱਖ-ਵੱਖ ਕੈਟਾਗਿਰੀਆਂ ਦੇ ਤਨਖਾਹ ਸਕੇਲ ਦੀਆਂ ਗਲਤੀਆਂ ਦੂਰ ਕਰਨਾ, ਜੇਈ ਕੈਟਾਗਿਰੀ ਨੂੰ ਸ਼ੁਰੂਆਤੀ ਤਨਖਾਹ ਸਕੇਲ ਦੇਣਾ, ਡੀਏ ਸਮੇਤ ਬਕਾਇਆ ਰਕਮ ਜਾਰੀ ਕਰਨਾ ਅਤੇ ਨਵੇਂ ਕਰਮਚਾਰੀਆਂ ਨੂੰ ਰੈਂਟ ਫਰੀ ਕੁਆਰਟਰ ਮੁਹੱਈਆ ਕਰਵਾਉਣਾ ਸ਼ਾਮਲ ਹੈ। ਕਰਮਚਾਰੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।