ਐਨਡੀਪੀਐਸ ਐਕਟ ਦੇ 10 ਮਾਮਲਿਆਂ ਦਾ ਸਾਹਮਣਾ ਕਰ ਰਹੀ ਮਹਿਲਾ ਦੀ ਇਮਾਰਤ ਕੀਤੀ ਗਈ ਢਹਿ-ਢੇਰੀ ਐਨਡੀਪੀਐਸ ਐਕਟ ਦੇ 10 ਮਾਮਲਿਆਂ ਦਾ ਸਾਹਮਣਾ ਕਰ ਰਹੀ ਮਹਿਲਾ ਦੀ ਇਮਾਰਤ ਕੀਤੀ ਗਈ ਢਹਿ-ਢੇਰੀ
Publish Date: Mon, 27 Jul 2026 03:58 PM (IST)
Updated Date: Mon, 27 Jul 2026 04:00 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਸੋਮਵਾਰ ਨੂੰ ਬਠਿੰਡਾ ਦੇ ਧੋਬੀਆਣਾ ਬਸਤੀ ਸਥਿਤ ਪ੍ਰੀਤ ਨਗਰ ਵਿਚ ਇਕ ਕਥਿਤ ਨਸ਼ਾ ਤਸਕਰ ਮਹਿਲਾ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਸਿਵਲ ਪ੍ਰਸ਼ਾਸਨ ਨੇ ਪੁਲਿਸ ਦੀ ਮੌਜੂਦਗੀ ’ਚ ਬੁਲਡੋਜ਼ਰ ਚਲਾ ਕੇ ਢਾਹ ਦਿੱਤਾ। ਕਾਰਵਾਈ ਦੌਰਾਨ ਇਲਾਕੇ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਪੁਲਿਸ ਅਨੁਸਾਰ ਧੋਬੀਆਣਾ ਬਸਤੀ ਦੇ ਪ੍ਰੀਤ ਨਗਰ ਦੀ ਰਹਿਣ ਵਾਲੀ ਮਨਜੀਤ ਕੌਰ ਉਰਫ਼ ਬੀਰਾ ਪਤਨੀ ਚਰਨਜੀਤ ਸਿੰਘ ਨੇ ਕਥਿਤ ਤੌਰ ਤੇ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਦਿਆਂ ਇਹ ਇਮਾਰਤ ਗੈਰ-ਕਾਨੂੰਨੀ ਢੰਗ ਨਾਲ ਤਿਆਰ ਕੀਤੀ ਸੀ। ਪੁਲਿਸ ਰਿਕਾਰਡ ਮੁਤਾਬਕ ਮਨਜੀਤ ਕੌਰ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਪਹਿਲਾਂ ਹੀ 10 ਮਾਮਲੇ ਦਰਜ ਹਨ ਤੇ ਉਹ ਨਸ਼ਾ ਤਸਕਰੀ ਨਾਲ ਜੁੜੇ ਮਾਮਲਿਆਂ ਵਿਚ ਨਾਮਜ਼ਦ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਕਾਰਵਾਈ ਤੋਂ ਪਹਿਲਾਂ ਸਮਰੱਥ ਅਥਾਰਟੀ ਡਿਪਟੀ ਕਮਿਸ਼ਨਰ-ਕਮ-ਮੈਜਿਸਟਰੇਟ ਵੱਲੋਂ ਲੋੜੀਂਦੇ ਹੁਕਮ ਜਾਰੀ ਕੀਤੇ ਗਏ ਸਨ। ਸਿਵਲ ਪ੍ਰਸ਼ਾਸਨ ਨੂੰ ਪੁਲਿਸ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ, ਜਿਸ ਤੋਂ ਬਾਅਦ ਪ੍ਰਸ਼ਾਸਨਿਕ ਟੀਮ ਨੇ ਪੁਲਿਸ ਦੀ ਮੌਜੂਦਗੀ ’ਚ ਇਮਾਰਤ ਨੂੰ ਢਾਹ ਦਿੱਤਾ। ਐੱਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਸਬੰਧਤ ਮਹਿਲਾ ਨੂੰ ਕਈ ਵਾਰ ਨੋਟਿਸ ਜਾਰੀ ਕਰਕੇ ਗੈਰ-ਕਾਨੂੰਨੀ ਉਸਾਰੀ ਹਟਾਉਣ ਤੇ ਜਗ੍ਹਾ ਖਾਲੀ ਕਰਨ ਲਈ ਕਿਹਾ ਗਿਆ ਸੀ, ਪਰ ਉਸ ਨੇ ਪ੍ਰਸ਼ਾਸਨ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਇਸ ਕਾਰਨ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਕਰਦਿਆਂ ਬੁਲਡੋਜ਼ਰ ਦੀ ਮਦਦ ਨਾਲ ਇਮਾਰਤ ਢਾਹੁਣੀ ਪਈ। ਉਨ੍ਹਾਂ ਦੱਸਿਆ ਕਿ ਬਠਿੰਡਾ ਪੁਲਿਸ ਦੇ ਸਹਿਯੋਗ ਨਾਲ ਸਿਵਲ ਪ੍ਰਸ਼ਾਸਨ ਹੁਣ ਤਕ ਨਸ਼ਾ ਤਸਕਰੀ ਨਾਲ ਜੁੜੇ ਮੁਲਜ਼ਮਾਂ ਦੀਆਂ 19 ਗੈਰ-ਕਾਨੂੰਨੀ ਇਮਾਰਤਾਂ ਨੂੰ ਢਾਹ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਭਵਿੱਖ ’ਚ ਵੀ ਇਸੇ ਤਰ੍ਹਾਂ ਦੀ ਸਖ਼ਤ ਕਾਰਵਾਈ ਜਾਰੀ ਰਹੇਗੀ ਤੇ ਗੈਰ-ਕਾਨੂੰਨੀ ਢੰਗ ਨਾਲ ਬਣਾਈ ਗਈ ਕਿਸੇ ਵੀ ਸੰਪਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਵੱਲੋਂ ਜਾਰੀ ਅੰਕੜਿਆਂ ਅਨੁਸਾਰ 1 ਮਾਰਚ 2025 ਤੋਂ ਹੁਣ ਤਕ ਜ਼ਿਲ੍ਹਾ ਬਠਿੰਡਾ ’ਚ ਐਨਡੀਪੀਐਸ ਐਕਟ ਤਹਿਤ 2,881 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਇਨ੍ਹਾਂ ਮਾਮਲਿਆਂ ’ਚ 4,161 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ’ਚ 105 ਵੱਡੇ ਨਸ਼ਾ ਤਸਕਰ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਸਾਲ 2023 ਤੋਂ ਹੁਣ ਤਕ ਨਸ਼ਾ ਤਸਕਰੀ ਨਾਲ ਜੁੜੇ 90 ਮੁਲਜ਼ਮਾਂ ਦੀਆਂ ਕਰੀਬ 14.70 ਕਰੋੜ ਰੁਪਏ ਮੁੱਲ ਦੀਆਂ ਸੰਪਤੀਆਂ ਨੂੰ ਫ੍ਰੀਜ਼ ਵੀ ਕੀਤਾ ਜਾ ਚੁੱਕਾ ਹੈ। ਬਠਿੰਡਾ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ’ਚ ਪ੍ਰਸ਼ਾਸਨ ਅਤੇ ਪੁਲਿਸ ਦਾ ਪੂਰਾ ਸਹਿਯੋਗ ਕਰਨ। ਜੇਕਰ ਕਿਸੇ ਇਲਾਕੇ ’ਚ ਨਸ਼ਾ ਤਸਕਰੀ ਜਾਂ ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਕਾਰੋਬਾਰ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਲੋਕ ਪੰਜਾਬ ਸਰਕਾਰ ਦੀ ਐਂਟੀ ਡਰੱਗ ਹੈਲਪਲਾਈਨ 97791-00200 ਜਾਂ ਬਠਿੰਡਾ ਪੁਲਿਸ ਦੀ ਐਂਟੀ ਡਰੱਗ ਹੈਲਪਲਾਈਨ 91155-02252 ਤੇ ਸੂਚਨਾ ਦੇ ਸਕਦੇ ਹਨ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਮਿਲੀ ਜਾਣਕਾਰੀ ਦੇ ਆਧਾਰ ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।