ਗੋਨਿਆਣਾ ਵਿਖੇ ਲਗਾਇਆ ਗਿਆ ਕਿਸਾਨ ਜਾਗਰੂਕਤਾ ਕੈਂਪ, ਵੱਖ-ਵੱਖ ਖੇਤੀ ਮਾਹਰਾਂ ਵੱਲੋਂ ਕਿਸਾਨਾਂ ਨੂੰ ਕਰਵਾਈ ਗਈ ਜਾਣਕਾਰੀ ਮੁਹੱਈਆ ਗੋਨਿਆਣਾ ਵਿਖੇ ਲਗਾਇਆ ਗਿਆ ਕਿਸਾਨ ਜਾਗਰੂਕਤਾ ਕੈਂਪ
Publish Date: Thu, 30 Jul 2026 04:16 PM (IST)
Updated Date: Thu, 30 Jul 2026 04:16 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਪਿੰਡ ਗੋਨਿਆਣਾ ਬਲਾਕ ਬਠਿੰਡਾ ਵਿਖੇ ਕਿਸਾਨਾਂ ਲਈ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਨਰਮੇ ਤੇ ਝੋਨੇ ਦੀ ਫਸਲ ਵਿੱਚ ਕੀੜੇ-ਮਕੌੜਿਆਂ, ਨਦੀਨਾਂ ਅਤੇ ਬਿਮਾਰੀਆਂ ਦੇ ਸੰਯੁਕਤ ਪ੍ਰਬੰਧਨ ਬਾਰੇ ਵਿਗਿਆਨਕ ਜਾਣਕਾਰੀ ਪ੍ਰਦਾਨ ਕਰਨਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਤਕਨੀਕਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਕੈਂਪ ਦੀ ਸੁਰੂਆਤ ਕਰਦਿਆਂ ਡਾ. ਗੁਰਮੀਤ ਸਿੰਘ ਢਿੱਲੋਂ, ਪ੍ਰੋਫੈਸਰ (ਪਸਾਰ ਸਿੱਖਿਆ), ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਨੇ ਕਿਹਾ ਕਿ ਨਰਮੇ ਦੀ ਵੱਧ ਪੈਦਾਵਾਰ ਅਤੇ ਉੱਚ ਗੁਣਵੱਤਾ ਲਈ ਸਮੇਂ ਸਿਰ ਕੀਟਾਂ ਅਤੇ ਬਿਮਾਰੀਆਂ ਦੀ ਪਛਾਣ ਕਰਕੇ ਵਿਗਿਆਨਕ ਤਰੀਕੇ ਨਾਲ ਉਨ੍ਹਾਂ ਦਾ ਪ੍ਰਬੰਧਨ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਗੁਲਾਬੀ ਸੁੰਡੀ, ਚਿੱਟੀ ਮੱਖੀ, ਹਰਾ ਤੇਲਾ ਅਤੇ ਹੋਰ ਨੁਕਸਾਨਦੇਹ ਕੀੜਿਆਂ ਦੀ ਪਛਾਣ, ਉਨ੍ਹਾਂ ਦੀ ਨਿਗਰਾਨੀ ਅਤੇ ਆਰਥਿਕ ਨੁਕਸਾਨ ਪੱਧਰ ਦੇ ਆਧਾਰ ਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਬੇਲੋੜੇ ਕੀਟਨਾਸ਼ਕਾਂ ਦੀ ਵਰਤੋਂ ਨਾ ਸਿਰਫ਼ ਉਤਪਾਦਨ ਲਾਗਤ ਵਧਾਉਂਦੀ ਹੈ, ਸਗੋਂ ਵਾਤਾਵਰਨ ਅਤੇ ਲਾਹੇਵੰਦ ਕੀੜਿਆਂ ਲਈ ਵੀ ਹਾਨੀਕਾਰਕ ਸਾਬਤ ਹੁੰਦੀ ਹੈ। ਉਨ੍ਹਾਂ ਨੇ ਨਰਮੇ ਅਤੇ ਝੋਨੇ ਵਿੱਚ ਨਦੀਨਾਂ ਦੀ ਸਮੇਂ ਸਿਰ ਰੋਕਥਾਮ, ਖੇਤ ਦੀ ਸਫ਼ਾਈ, ਸੰਤੁਲਿਤ ਖਾਦਾਂ ਦੀ ਵਰਤੋਂ ਅਤੇ ਸਿਫ਼ਾਰਸ਼ ਖੇਤੀ ਤਕਨੀਕਾਂ ਨੂੰ ਅਪਣਾਉਣ ਦੀ ਮਹੱਤਤਾ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਝੋਨੇ ਦੀ ਫਸਲ ਵਿਚ ਤਣਾ ਛੇਦਕ, ਪੱਤਾ ਲਪੇਟ ਸੁੰਡੀ ਤੇ ਹੋਰ ਕੀਟਾਂ ਦੀ ਨਿਗਰਾਨੀ ਕਰਨ, ਬੇਲੋੜੀ ਦਵਾਈਆਂ ਦੀ ਵਰਤੋਂ ਤੋਂ ਬਚਣ ਅਤੇ ਕੇਵਲ ਲੋੜ ਪੈਣ ਤੇ ਹੀ ਸਿਫ਼ਾਰਸ਼ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਇਸ ਮੌਕੇ ਡਾ. ਤੇਜਬੀਰ ਸਿੰਘ ਬੁੱਟਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ), ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮਿੱਟੀ ਦੀ ਸਿਹਤ ਨੂੰ ਬਣਾਈ ਰੱਖਣ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਅਤੇ ਮਿੱਟੀ ਦੀ ਜਾਂਚ ਦੇ ਆਧਾਰ ਤੇ ਖਾਦਾਂ ਪਾਉਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਸਿਫ਼ਾਰਸ਼ ਕੀਤੀਆਂ ਮਾਤਰਾਵਾਂ ਅਨੁਸਾਰ ਖਾਦਾਂ ਦੀ ਵਰਤੋਂ ਕਰਨ, ਜੈਵਿਕ ਖਾਦਾਂ ਅਤੇ ਹਰੀ ਖਾਦ ਨੂੰ ਅਪਣਾਉਣ ਅਤੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਕੈਂਪ ਦੌਰਾਨ ਡਾ. ਅਰਸ਼ਦੀਪ ਸਿੰਘ, ਖੇਤਬਾੜੀ ਵਿਕਾਸ ਅਫਸਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤੇ ਸਹੂਲਤਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ।