ਸਫਾਈ ਸੇਵਕਾਂ ਦੇ ਬੰਦ ਦਾ ਸ਼ਹਿਰ ’ਚ ਰਲਵਾਂ-ਮਿਲਵਾਂ ਅਸਰ, ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਸਫਾਈ ਸੇਵਕਾਂ ਦੇ ਬੰਦ ਦਾ ਸ਼ਹਿਰ ’ਚ ਰਲਵਾਂ-ਮਿਲਵਾਂ ਅਸਰ, ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
Publish Date: Thu, 30 Jul 2026 04:22 PM (IST)
Updated Date: Thu, 30 Jul 2026 04:25 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਸਫਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਦੇ ਸਮਰਥਨ ’ਚ ਦਿੱਤੇ ਗਏ ਬੰਦ ਦੇ ਸੱਦੇ ਦਾ ਬਠਿੰਡਾ ਸ਼ਹਿਰ ’ਚ ਰਲਵਾਂ-ਮਿਲਵਾਂ ਅਸਰ ਵੇਖਣ ਨੂੰ ਮਿਲਿਆ। ਭਾਵੇਂ ਵਪਾਰ ਮੰਡਲ ਨੇ ਸਫਾਈ ਸੇਵਕਾਂ ਦੇ ਬੰਦ ਨੂੰ ਆਪਣਾ ਸਮਰਥਨ ਦਿੱਤਾ ਸੀ, ਜਿਸ ਕਾਰਨ ਸ਼ਹਿਰ ਦੀਆਂ ਕਈ ਦੁਕਾਨਾਂ ਸਾਰਾ ਦਿਨ ਬੰਦ ਰਹੀਆਂ, ਪਰ ਕੁਝ ਦੁਕਾਨਦਾਰਾਂ ਨੇ ਰੋਜ਼ਾਨਾ ਦੀ ਤਰ੍ਹਾਂ ਆਪਣੇ ਕਾਰੋਬਾਰ ਜਾਰੀ ਰੱਖੇ। ਇਸ ਦੌਰਾਨ ਸਫਾਈ ਕਾਮਿਆਂ ਨੇ ਨਗਰ ਨਿਗਮ ਦਫ਼ਤਰ ਅੱਗੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਫਾਇਰ ਬ੍ਰਿਗੇਡ ਚੌਕ ਤਕ ਰੋਸ ਮਾਰਚ ਕੱਢਿਆ। ਉੱਥੇ ਉਨ੍ਹਾਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟਾਇਆ। ਰੋਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿਚ ਸਫਾਈ ਸੇਵਕਾਂ ਨੇ ਹੱਥਾਂ ਵਿਚ ਬੈਨਰ ਤੇ ਝੰਡੇ ਫੜ ਕੇ ਆਪਣੀਆਂ ਮੰਗਾਂ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ। ਕਾਮਿਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪਿਆ ਹੈ। ਇਸ ਮੌਕੇ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਵਿਨੋਦ ਕੁਮਾਰ ਮਾਲੀ, ਸੀਨੀਅਰ ਮੀਤ ਪ੍ਰਧਾਨ ਵਿਕਰਮ ਪਾਂਡੇ ਅਤੇ ਜਨਰਲ ਸਕੱਤਰ ਵਿਜੇ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਦਾ ਪੱਕਾ ਤੇ ਲਿਖਤੀ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਬਰਨਾਲਾ ਵਿਚ ਸਫਾਈ ਮੁਲਾਜ਼ਮਾਂ ਉੱਤੇ ਕਥਿਤ ਤੌਰ ਤੇ ਤਸ਼ੱਦਦ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਅਜੇ ਤਕ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਸਬੰਧਤ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਕੇਸ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਯੂਨੀਅਨ ਆਗੂਆਂ ਨੇ ਕਿਹਾ ਕਿ ਸਫਾਈ ਮੁਲਾਜ਼ਮ ਸ਼ਹਿਰਾਂ ਤੇ ਕਸਬਿਆਂ ਨੂੰ ਸਾਫ਼-ਸੁਥਰਾ ਰੱਖਣ ਲਈ ਹਰ ਰੋਜ਼ ਮੁਸ਼ਕਲ ਹਾਲਾਤਾਂ ਵਿਚ ਆਪਣੀਆਂ ਸੇਵਾਵਾਂ ਨਿਭਾਉਂਦੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਉਨ੍ਹਾਂ ਨਾਲ ਗੱਲਬਾਤ ਕਰਕੇ ਹੱਲ ਨਾ ਕੱਢਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ। ਧਰਨੇ ਦੌਰਾਨ ਵੱਖ-ਵੱਖ ਜਨਤਕ ਤੇ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕਰਦਿਆਂ ਸਫਾਈ ਕਾਮਿਆਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਬੁਲਾਰਿਆਂ ਨੇ ਕਿਹਾ ਕਿ ਕਿਰਤੀਆਂ ਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਡਿੱਠਾ ਕਰਨਾ ਲੋਕਤੰਤਰ ਲਈ ਚੰਗਾ ਸੰਕੇਤ ਨਹੀਂ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਟਕਰਾਅ ਦੀ ਬਜਾਏ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੀਤਾ ਜਾਵੇ। ਹੜਤਾਲਾ ਕਾਰਨ ਬਾਜ਼ਾਰਾਂ ਵਿਚ ਆਮ ਦਿਨਾਂ ਦੇ ਮੁਕਾਬਲੇ ਚਹਿਲ-ਪਹਿਲ ਘੱਟ ਰਹੀ ਤੇ ਕਾਰੋਬਾਰੀ ਗਤੀਵਿਧੀਆਂ ਵੀ ਪ੍ਰਭਾਵਿਤ ਹੋਈਆਂ। ਹੜਤਾਲ ਕਾਰਨ ਕੂੜੇ ਦੇ ਲੱਗੇ ਢੇਰ ਦੂਜੇ ਪਾਸੇ ਸਫਾਈ ਸੇਵਕਾਂ ਦੀ ਹੜਤਾਲ ਦਾ ਅਸਰ ਸ਼ਹਿਰ ਦੀ ਸਫਾਈ ਵਿਵਸਥਾ ਤੇ ਵੀ ਸਪੱਸ਼ਟ ਤੌਰ ਤੇ ਵੇਖਣ ਨੂੰ ਮਿਲਿਆ। ਕਈ ਇਲਾਕਿਆਂ ਵਿਚ ਕੂੜੇ ਦੇ ਢੇਰ ਲੱਗ ਗਏ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੁੱਖ ਸੜਕਾਂ, ਬਾਜ਼ਾਰਾਂ ਤੇ ਰਿਹਾਇਸ਼ੀ ਇਲਾਕਿਆਂ ਵਿਚ ਪਏ ਕੂੜੇ ਕਾਰਨ ਬਦਬੂ ਫੈਲਣ ਲੱਗੀ, ਜਿਸ ਨਾਲ ਲੋਕਾਂ ਨੇ ਚਿੰਤਾ ਜ਼ਾਹਰ ਕੀਤੀ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਹੜਤਾਲ ਲੰਬੀ ਚੱਲਦੀ ਹੈ ਤਾਂ ਸਫਾਈ ਪ੍ਰਬੰਧ ਹੋਰ ਪ੍ਰਭਾਵਿਤ ਹੋ ਸਕਦੇ ਹਨ ਤੇ ਸਿਹਤ ਸੰਬੰਧੀ ਸਮੱਸਿਆਵਾਂ ਵੀ ਪੈਦਾ ਹੋ ਸਕਦੀਆਂ ਹਨ। ਸਫਾਈ ਸੇਵਕਾਂ ਨੇ ਇਕ ਵਾਰ ਫਿਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤੇ ਬਰਨਾਲਾ ਘਟਨਾ ਦੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਸੰਘਰਸ਼ ਨੂੰ ਹੋਰ ਵਿਸ਼ਾਲ ਰੂਪ ਦਿੱਤਾ ਜਾਵੇਗਾ। ਕਿਸਾਨਾਂ ਆਗੂਆਂ ਨੇ ਧਰਨਿਆਂ ’ਚ ਸ਼ਾਮਲ ਹੋ ਕੇ ਦਿੱਤੀ ਹਮਾਇਤ ਸਫਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਬਠਿੰਡਾ ਜ਼ਿਲ੍ਹੇ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਉਨ੍ਹਾਂ ਦੇ ਪੰਜਾਬ ਬੰਦ ਦੌਰਾਨ ਦਿੱਤੇ ਧਰਨਿਆਂ ਵਿੱਚ ਸਮੂਲੀਅਤ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਕਮੇਟੀ ਮੈਂਬਰ ਜਗਸੀਰ ਸਿੰਘ ਝੁੰਬਾ ਅਤੇ ਜਗਦੇਵ ਸਿੰਘ ਜੋਗੇਵਾਲਾ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਸਵੱਛ ਭਾਰਤ ਦਾ ਨਾਅਰਾ ਦੇਖ ਕੇ ਸ਼ਹਿਰਾਂ ਨੂੰ ਸੁੰਦਰ ਬਣਾਉਣ ਦੇ ਦਾਅਵੇ ਕਰਦੀ ਹੈ ਪਰ ਇਸ ਦੇ ਉਲਟ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਕੇ ਉਨ੍ਹਾਂ ’ਤੇ ਜਬਰ ਢਹਿਆ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਸਫਾਈ ਸੇਵਕਾਂ ਦੀਆਂ ਉਜਰਤਾਂ ਵਿੱਚ ਵਾਧਾ, ਉਨ੍ਹਾਂ ਦਾ ਰੁਜ਼ਗਾਰ ਪੱਕਾ ਕਰਨ ਸਮੇਤ ਮੰਗਾਂ ਮੰਨੀਆਂ ਜਾਣ ਅਤੇ ਆਪਣੀਆਂ ਮੰਗਾਂ ਮਨਾਉਣ ਲਈ ਸ਼ਾਂਤਮਈ ਧਰਨਾ ਦੇ ਰਹੇ ਸਫਾਈ ਕਰਮਚਾਰੀਆਂ ਤੇ ਜਬਰ ਕਰਨ ਡੀਐਸਪੀ ਬਰਨਾਲਾ ਨੂੰ ਤੁਰੰਤ ਬਰਖਾਸਤ ਕਰਕੇ ਬਣਦੀ ਸਜ਼ਾ ਦੇਣ ਅਤੇ ਹੁਕਮ ਦੇਣ ਕਰਨ ਵਾਲੇ ਪੁਲਿਸ ਅਤੇ ਸਿਵਲ ਅਧਿਕਾਰੀਆਂ ’ਤੇ ਬਣਦੀ ਸਖਤ ਕਾਰਵਾਈ ਕੀਤੀ ਜਾਵੇ।