ਪੀਆਰਟੀਸੀ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ, ਵਿੱਤੀ ਨੁਕਸਾਨ ਦੇ ਨਾਲ ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ ਪੀਆਰਟੀਸੀ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ, ਵਿੱਤੀ ਨੁਕਸਾਨ ਦੇ ਨਾਲ ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ
Publish Date: Tue, 04 Aug 2026 04:09 PM (IST)
Updated Date: Tue, 04 Aug 2026 04:10 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਕਰਮਚਾਰੀਆਂ ਦੀ ਤਿੰਨ ਦਿਨਾਂ ਹੜਤਾਲ ਮੰਗਲਵਾਰ ਨੂੰ ਦੂਜੇ ਦਿਨ ਵੀ ਜਾਰੀ ਰਹੀ। ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ, ਜੇਲ੍ਹਾਂ ਵਿੱਚ ਬੰਦ ਕਰਮਚਾਰੀ ਆਗੂਆਂ ਅਤੇ ਸਾਥੀਆਂ ਦੀ ਰਿਹਾਈ ਸਮੇਤ ਹੋਰ ਲੰਬਿਤ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਇਸ ਹੜਤਾਲ ਦਾ ਅਸਰ ਬਠਿੰਡਾ ਵਿੱਚ ਸਰਕਾਰੀ ਬੱਸ ਸੇਵਾਵਾਂ ਤੇ ਸਪੱਸ਼ਟ ਤੌਰ ਤੇ ਦੇਖਣ ਨੂੰ ਮਿਲਿਆ। ਦੂਜੇ ਦਿਨ ਵੀ ਕਰੀਬ 50 ਫ਼ੀਸਦੀ ਸਰਕਾਰੀ ਬੱਸਾਂ ਹੀ ਚੱਲੀਆਂ, ਜਿਸ ਕਾਰਨ ਯਾਤਰੀਆਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ, ਉਥੇ ਹੀ ਪੰਜਾਬ ਸਰਕਾਰ ਨੂੰ ਵਿੱਤੀ ਨੁਕਸਾਨ ਵੀ ਸਹਿਣਾ ਪਿਆ। ਸਥਾਨਕ ਬੱਸ ਅੱਡੇ ਤੇ ਸਵੇਰ ਤੋਂ ਹੀ ਯਾਤਰੀਆਂ ਦੀ ਭੀੜ ਦੇਖਣ ਨੂੰ ਮਿਲੀ। ਸਭ ਤੋਂ ਵੱਧ ਮੁਸ਼ਕਲ ਮਹਿਲਾਵਾਂ, ਵਿਦਿਆਰਥੀਆਂ ਅਤੇ ਨੌਕਰੀਪੇਸ਼ਾ ਲੋਕਾਂ ਨੂੰ ਆਈ, ਜਿਨ੍ਹਾਂ ਨੂੰ ਆਪਣੀ ਮੰਜਿਲ ਤਕ ਪਹੁੰਚਣ ਲਈ ਲੰਮਾ ਇੰਤਜ਼ਾਰ ਕਰਨਾ ਪਿਆ। ਪੰਜਾਬ ਸਰਕਾਰ ਦੀ ਮੁਫ਼ਤ ਬੱਸ ਯਾਤਰਾ ਯੋਜਨਾ ਦਾ ਲਾਭ ਲੈਣ ਵਾਲੀਆਂ ਮਹਿਲਾਵਾਂ ਵੀ ਘੰਟਿਆਂ ਤਕ ਸਰਕਾਰੀ ਬੱਸਾਂ ਦੀ ਉਡੀਕ ਕਰਦੀਆਂ ਰਹੀਆਂ, ਪਰ ਬੱਸਾਂ ਦੀ ਗਿਣਤੀ ਘੱਟ ਹੋਣ ਕਾਰਨ ਉਨ੍ਹਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ। ਕਈ ਮਹਿਲਾਵਾਂ ਅਤੇ ਹੋਰ ਯਾਤਰੀਆਂ ਨੂੰ ਮਜਬੂਰੀ ਵੱਸ ਨਿੱਜੀ ਬੱਸਾਂ ਦਾ ਸਹਾਰਾ ਲੈਣਾ ਪਿਆ, ਜਦਕਿ ਕੁਝ ਲੋਕ ਆਟੋ ਰਿਕਸ਼ਾ ਅਤੇ ਹੋਰ ਨਿੱਜੀ ਵਾਹਨਾਂ ਰਾਹੀਂ ਆਪਣੇ ਟਿਕਾਣੇ ਤਕ ਪਹੁੰਚੇ। ਸਰਕਾਰੀ ਬੱਸਾਂ ਘੱਟ ਚੱਲਣ ਕਾਰਨ ਨਿੱਜੀ ਬੱਸਾਂ ਵਿੱਚ ਯਾਤਰੀਆਂ ਦੀ ਭੀੜ ਕਾਫ਼ੀ ਵੱਧ ਗਈ। ਕਈ ਬੱਸਾਂ ਸਮਰੱਥਾ ਤੋਂ ਵੱਧ ਸਵਾਰੀਆਂ ਨਾਲ ਰਵਾਨਾ ਹੋਈਆਂ ਅਤੇ ਬਹੁਤ ਸਾਰੇ ਯਾਤਰੀਆਂ ਨੂੰ ਖੜ੍ਹੇ ਹੋ ਕੇ ਸਫ਼ਰ ਕਰਨਾ ਪਿਆ। ਯਾਤਰੀਆਂ ਨੇ ਕਿਹਾ ਕਿ ਹੜਤਾਲ ਦਾ ਸਭ ਤੋਂ ਵੱਧ ਅਸਰ ਆਮ ਲੋਕਾਂ ਤੇ ਪੈ ਰਿਹਾ ਹੈ। ਉਨ੍ਹਾਂ ਸਰਕਾਰ ਅਤੇ ਕਰਮਚਾਰੀ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਗੱਲਬਾਤ ਰਾਹੀਂ ਜਲਦੀ ਹੱਲ ਕੱਢਿਆ ਜਾਵੇ ਤਾਂ ਜੋ ਲੋਕਾਂ ਨੂੰ ਹੋਰ ਪਰੇਸ਼ਾਨੀ ਨਾ ਝੱਲਣੀ ਪਵੇ। ਦੂਜੇ ਪਾਸੇ ਹੜਤਾਲ ਤੇ ਬੈਠੇ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕਰਮਚਾਰੀਆਂ ਨੇ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਸੰਘਰਸ਼ ਜਾਰੀ ਰੱਖਿਆ। ਕਰਮਚਾਰੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕੀਆਂ ਹੋਈਆਂ ਹਨ, ਪਰ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਸਾਲਾਂ ਤੋਂ ਸੇਵਾ ਨਿਭਾ ਰਹੇ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਅੰਦੋਲਨ ਦੌਰਾਨ ਜੇਲ੍ਹਾਂ ਵਿੱਚ ਬੰਦ ਕਰਮਚਾਰੀ ਆਗੂਆਂ ਅਤੇ ਸਾਥੀਆਂ ਨੂੰ ਰਿਹਾਅ ਕੀਤਾ ਜਾਵੇ ਅਤੇ ਹੋਰ ਲੰਬਿਤ ਮੰਗਾਂ ਦਾ ਵੀ ਜਲਦੀ ਨਿਪਟਾਰਾ ਕੀਤਾ ਜਾਵੇ। ਯੂਨੀਅਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਅਤੇ ਸਰਕਾਰੀ ਟਰਾਂਸਪੋਰਟ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ, ਜਿਸ ਕਾਰਨ ਕਰਮਚਾਰੀਆਂ ਨੂੰ ਹੜਤਾਲ ਦਾ ਰਾਹ ਅਪਣਾਉਣਾ ਪਿਆ। ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਹੜਤਾਲ ਦੌਰਾਨ ਵੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਤੇ ਕੋਈ ਸਕਾਰਾਤਮਕ ਫ਼ੈਸਲਾ ਨਾ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਲੋੜ ਪੈਣ ਤੇ ਹੜਤਾਲ ਨੂੰ ਅਣਮਿੱਥੇ ਸਮੇਂ ਲਈ ਵੀ ਜਾਰੀ ਰੱਖਿਆ ਜਾ ਸਕਦਾ ਹੈ। ਫਿਲਹਾਲ ਦੂਜੇ ਦਿਨ ਵੀ ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ ਰਹਿਣ ਕਾਰਨ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਯਾਤਰੀਆਂ ਨੂੰ ਉਮੀਦ ਹੈ ਕਿ ਸਰਕਾਰ ਅਤੇ ਕਰਮਚਾਰੀ ਜਥੇਬੰਦੀਆਂ ਵਿਚਾਲੇ ਜਲਦ ਸਹਿਮਤੀ ਬਣੇਗੀ ਅਤੇ ਬੱਸ ਸੇਵਾਵਾਂ ਮੁੜ ਆਮ ਵਾਂਗ ਚੱਲਣ ਲੱਗਣਗੀਆਂ।