ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਿਗਮ ਕਰਮਚਾਰੀਆਂ ਨੇ ਕੀਤੀ ਗੇਟ ਰੈਲੀ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਿਗਮ ਕਰਮਚਾਰੀਆਂ ਨੇ ਕੀਤੀ ਗੇਟ ਰੈਲੀ
Publish Date: Fri, 07 Aug 2026 04:42 PM (IST)
Updated Date: Fri, 07 Aug 2026 04:44 PM (IST)
ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਨਗਰ ਨਿਗਮ ਦੇ ਕਰਮਚਾਰੀਆਂ ਨੇ ਸ਼ੁੱਕਰਵਾਰ ਨੂੰ ਦੋ ਘੰਟੇ ਦੀ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਮਿਊਂਸਪਲ ਵਰਕਰਜ਼ ਯੂਨੀਅਨ ਦੇ ਪ੍ਰਧਾਨ ਸਾਹਿਲ ਕੁਮਾਰ ਦੀ ਅਗਵਾਈ ਹੇਠ ਕਰਮਚਾਰੀਆਂ ਨੇ ਸਵੇਰੇ 9 ਵਜੇ ਤੋਂ 11 ਵਜੇ ਤੱਕ ਕੰਮਕਾਜ ਠੱਪ ਰੱਖਿਆ ਅਤੇ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਜਿਸ ਨੂੰ ਹੁਣ ਜਲਦ ਪੂਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਲੰਬੇ ਸਮੇਂ ਤੋਂ ਆਊਟਸੋਰਸ ਪ੍ਰਣਾਲੀ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਨੂੰ ਇਨਸੋਰਸ ਪ੍ਰਣਾਲੀ ਵਿੱਚ ਲਿਆ ਕੇ ਨਿਯਮਤ ਸੇਵਾਵਾਂ ਵਿੱਚ ਸ਼ਾਮਲ ਕੀਤਾ ਜਾਵੇ। ਯੂਨੀਅਨ ਆਗੂਆਂ ਨੇ ਕਿਹਾ ਕਿ ਮਹਿੰਗਾਈ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਕਰਮਚਾਰੀਆਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਸਾਰੇ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਵੀ ਵਾਧਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਸਬੰਧੀ ਨੀਤੀ ਨੂੰ ਕੈਬਨਿਟ ਤੋਂ ਮਨਜ਼ੂਰੀ ਦਿੱਤੇ ਜਾਣ ਦੀ ਗੱਲ ਕਹੀ ਗਈ ਹੈ, ਪਰ ਹੁਣ ਇਸ ਨੂੰ ਚੱਲ ਰਹੇ ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕਰਕੇ ਜਲਦ ਲਾਗੂ ਕੀਤਾ ਜਾਣਾ ਚਾਹੀਦਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਈ ਕਰਮਚਾਰੀ ਸਾਲਾਂ ਤੋਂ ਸਰਕਾਰੀ ਵਿਭਾਗਾਂ ਵਿੱਚ ਸੇਵਾਵਾਂ ਦੇ ਰਹੇ ਹਨ, ਪਰ ਅਜੇ ਵੀ ਉਹ ਅਸਥਾਈ ਜਾਂ ਆਊਟਸੋਰਸ ਪ੍ਰਣਾਲੀ ਤਹਿਤ ਕੰਮ ਕਰਨ ਲਈ ਮਜਬੂਰ ਹਨ। ਅਜਿਹੇ ਕਰਮਚਾਰੀਆਂ ਨੂੰ ਨੌਕਰੀ ਦੀ ਸੁਰੱਖਿਆ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਯੂਨੀਅਨ ਪ੍ਰਧਾਨ ਸਾਹਿਲ ਕੁਮਾਰ ਨੇ ਕਿਹਾ ਕਿ ਫਿਲਹਾਲ ਸਰਕਾਰ ਦੇ ਭਰੋਸੇ ਦੇ ਮੱਦੇਨਜ਼ਰ ਦੋ ਘੰਟਿਆਂ ਦੀ ਸੰਕੇਤਕ ਗੇਟ ਰੈਲੀ ਕੀਤੀ ਗਈ ਹੈ। ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਤੇ ਜਲਦ ਕੋਈ ਸਕਾਰਾਤਮਕ ਫ਼ੈਸਲਾ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।