ਅਜ਼ਾਦੀ ਦਿਵਸ ਮੌਕੇ ਸ਼ਹਿਰ ਵਿਚ ਬੰਬ ਧਮਾਕੇ ਕਰਨ ਦੀ ਧਮਕੀ ਕੈਪਸ਼ਨ: ਅਜ਼ਾਦੀ ਦਿਹਾੜੇ ਮੌਕੇ ਸ਼ਹਿਰ ਵਿਚ ਵੱਖ ਵੱਖ ਥਾਵਾਂ ’ਤੇ ਬੰਬ ਧਮਾਕੇ ਕਰਨ ਦੀ ਧਮਕੀ ਬਾਅਦ ਪੁਲਿਸ ਟੀਮਾਂ ਚੈਕਿੰਗ ਕਰਦੀਆਂ ਹੋਈਆਂ
Publish Date: Wed, 12 Aug 2026 05:37 PM (IST)
Updated Date: Wed, 12 Aug 2026 05:38 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਆਜ਼ਾਦੀ ਦਿਵਸ ਤੋਂ ਠੀਕ ਪਹਿਲਾਂ ਬਠਿੰਡਾ ’ਚ ਨਗਰ ਨਿਗਮ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਹੈ। ਨਗਰ ਨਿਗਮ ਕਮਿਸ਼ਨਰ ਦੀ ਅਧਿਕਾਰਤ ਈਮੇਲ ਆਈਡੀ ’ਤੇ ਬੁੱਧਵਾਰ ਨੂੰ ਇਕ ਧਮਕੀ ਭਰੀ ਈਮੇਲ ਭੇਜੀ ਗਈ, ਜਿਸ ਵਿਚ 15 ਅਗਸਤ ਨੂੰ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਧਮਾਕੇ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਈਮੇਲ ਵਿਚ ਦਿੱਲੀ ਜਾਣ ਵਾਲੀ ਰੇਲ ਗੱਡੀ ਨੂੰ ਵੀ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਧਮਕੀ ਭਰੀ ਈਮੇਲ ’ਚ ਦਾਅਵਾ ਕੀਤਾ ਗਿਆ ਹੈ ਕਿ 15 ਅਗਸਤ ਨੂੰ ਵੱਖ-ਵੱਖ ਸਮਿਆਂ ’ਤੇ ਪੁਲਿਸ ਸਟੇਸ਼ਨ, ਸਕੂਲ, ਕੋਰਟ ਕੰਪਲੈਕਸ ਤੇ ਨਗਰ ਨਿਗਮ ਦਫ਼ਤਰ ਨੂੰ ਨਿਸ਼ਾਨਾ ਬਣਾਇਆ ਜਾਵੇਗਾ। ਈਮੇਲ ਮੁਤਾਬਕ ਸਵੇਰੇ 9:11 ਵਜੇ ਇਕ ਪੁਲਿਸ ਸਟੇਸ਼ਨ, ਦੁਪਹਿਰ 1:11 ਵਜੇ ਇਕ ਸਕੂਲ, 2:11 ਵਜੇ ਕੋਰਟ ਕੰਪਲੈਕਸ ਤੇ 3:11 ਵਜੇ ਨਗਰ ਨਿਗਮ ਦਫ਼ਤਰ ਤੇ ਮੇਅਰ ਦਫ਼ਤਰ ’ਚ ਧਮਾਕਾ ਕਰਨ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਦਿੱਲੀ ਜਾਣ ਵਾਲੀ ਰੇਲ ਗੱਡੀ ’ਚ ਵੀ ਧਮਾਕਾ ਕਰਨ ਦੀ ਗੱਲ ਕਹੀ ਗਈ ਹੈ। ਇਸ ਤਰ੍ਹਾਂ ਕੁੱਝ ਹੋਰ ਥਾਵਾਂ ’ਤੇ ਬੰਬ ਧਮਾਕੇ ਕਰਨ ਦੀ ਧਮਕੀ ਦਿੱਤੀ ਹੈ। ਈਮੇਲ ’ਚ ਲੋਕਾਂ ਨੂੰ ਦਿੱਲੀ ਜਾਣ ਵਾਲੀ ਰੇਲ ਗੱਡੀ ’ਚ ਸਫ਼ਰ ਨਾ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਅਜਿਹਾ ਕਰਨ ਵਾਲਾ ਖੁਦ ਜਿੰਮੇਵਾਰ ਹੋਵੇਗਾ। ਇਸ ਦੇ ਨਾਲ ਹੀ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਤੇ 15 ਅਗਸਤ ਦੇ ਸਮਾਗਮਾਂ ਵਿਚ ਨਾ ਭੇਜਣ ਲਈ ਕਿਹਾ ਗਿਆ ਹੈ। ਧਮਕੀ ਦੇਣ ਵਾਲੇ ਨੇ ਈਮੇਲ ਵਿਚ ਖਾਲਿਸਤਾਨ ਨੈਸ਼ਨਲ ਆਰਮੀ ਤੇ ਬੱਬਰ ਖਾਲਸਾ ਕੈਨੇਡਾ ਦਾ ਨਾਮ ਵੀ ਵਰਤਿਆ ਹੈ। ਹਾਲਾਂਕਿ ਈਮੇਲ ’ਚ ਕੀਤੇ ਗਏ ਦਾਅਵਿਆਂ ਅਤੇ ਇਸ ਨੂੰ ਭੇਜਣ ਵਾਲੇ ਦੀ ਅਸਲ ਪਛਾਣ ਦੀ ਪੁਸ਼ਟੀ ਅਜੇ ਨਹੀਂ ਹੋਈ ਹੈ। ਪੁਲਿਸ ਜਾਂਚ ਤੋਂ ਬਾਅਦ ਹੀ ਇਸ ਸਬੰਧੀ ਸਥਿਤੀ ਸਪੱਸ਼ਟ ਹੋਵੇਗੀ। ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਨਗਰ ਨਿਗਮ ਕਮਿਸ਼ਨਰ ਲਵਜੀਤ ਕਲਸੀ ਨੇ ਐੱਸਐੱਸਪੀ ਬਠਿੰਡਾ ਨੂੰ ਪੱਤਰ ਲਿਖ ਕੇ ਮਾਮਲੇ ਦੀ ਜਾਂਚ ਕਰਨ ਅਤੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਨਿਗਮ ਪ੍ਰਸ਼ਾਸਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਵੱਲੋਂ ਈਮੇਲ ਦੇ ਸਰੋਤ, ਭੇਜਣ ਵਾਲੇ ਦੀ ਪਛਾਣ ਅਤੇ ਧਮਕੀ ਦੀ ਭਰੋਸੇਯੋਗਤਾ ਦੀ ਜਾਂਚ ਕੀਤੀ ਜਾ ਰਹੀ ਹੈ। ਪਹਿਲਾਂ ਵੀ ਸਕੂਲਾਂ ਤੇ ਰੇਲਵੇ ਸਟੇਸ਼ਨ ਨੂੰ ਮਿਲ ਚੁੱਕੀ ਹੈ ਧਮਕੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬਠਿੰਡਾ ਜ਼ਿਲ੍ਹੇ ਦੇ ਸਕੂਲਾਂ ਤੇ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਹੁਣ ਤਾਜ਼ਾ ਧਮਕੀ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਹੋਰ ਵੀ ਚੌਕਸ ਹੋ ਗਿਆ ਹੈ। ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸ਼ਹਿਰ ’ਚ ਦਿਨ-ਰਾਤ ਨਾਕਾਬੰਦੀ ਅਤੇ ਗਸ਼ਤ ਵਧਾ ਦਿੱਤੀ ਗਈ ਹੈ। ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਮਹੱਤਵਪੂਰਨ ਸਰਕਾਰੀ ਅਦਾਰਿਆਂ, ਸਕੂਲਾਂ, ਕੋਰਟ ਕੰਪਲੈਕਸ ਅਤੇ ਰੇਲਵੇ ਸਟੇਸ਼ਨ ਸਮੇਤ ਹੋਰ ਸੰਵੇਦਨਸ਼ੀਲ ਥਾਵਾਂ ਦੀ ਸੁਰੱਖਿਆ ਵਧਾਈ ਜਾ ਰਹੀ ਹੈ। ਅਧਿਕਾਰੀਆਂ ਵੱਲੋਂ ਲੋਕਾਂ ਨੂੰ ਘਬਰਾਉਣ ਦੀ ਬਜਾਏ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਪੁਲਿਸ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਧਮਕੀ ਅਸਲ ਸੀ ਜਾਂ ਕਿਸੇ ਸ਼ਰਾਰਤੀ ਅਨਸਰ ਵੱਲੋਂ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼। ਪੁਲਿਸ ਧਮਕੀ ਮਿਲਣ ਬਾਅਦ ਚੱਪੇ ਚੱਪੇ ’ਤੇ ਨਜ਼ਰ ਰੱਖ ਰਹੀ ਹੈ।