- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਸਰਕਾਰ ਦੌਰਾਨ ਨਸ਼ਾ ਤੇ ਅਪਰਾਧ ਵਿਚ ਹੋਇਆ ਵੱਡਾ ਵਾਧਾ : ਗੁਰਾ ਸਿੰਘ ਤੁੰਗਵਾਲੀ

ਕਿਹਾ ਆਮ ਆਦਮੀ ਪਾਰਟੀ ਝੂਠ ਦੇ ਸਹਾਰੇ ਦਿਨ ਕਟੀ ਕਰ ਰਹੀ, 2027 ਵਿੱਚ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣੇਗੀ
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਗੁਰਾ ਸਿੰਘ ਤੁੰਗਵਾਲੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਦੋਸ਼ ਲਾਇਆ ਹੈ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਨਸ਼ੇ ਅਤੇ ਅਪਰਾਧ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਸਿਰਫ਼ ਝੂਠੇ ਦਾਅਵਿਆਂ ਅਤੇ ਬਿਆਨਾਂ ਦੇ ਸਹਾਰੇ ਸਮਾਂ ਲੰਘਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਨਸ਼ੇ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ ਅਤੇ ਅਪਰਾਧਿਕ ਘਟਨਾਵਾਂ ਕਾਰਨ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ੇ ਨੂੰ ਖ਼ਤਮ ਕਰਨ ਅਤੇ ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਹਾਲਾਤ ਵੱਖਰੇ ਨਜ਼ਰ ਆ ਰਹੇ ਹਨ। ਹਰ ਰੋਜ ਲੁੱਟ ਖੋਹ ਅਤੇ ਕਤਲਾਂ ਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।
ਸਾਬਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਨੂੰ ਨੇੜਿਓਂ ਦੇਖ ਰਹੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਜਵਾਬ ਦੇਣਗੇ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਕੇ ਸਾਲ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਕਾਇਮ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਂਦੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਨਸ਼ਾ, ਬੇਰੁਜ਼ਗਾਰੀ, ਕਾਨੂੰਨ ਵਿਵਸਥਾ ਅਤੇ ਲੋਕਾਂ ਨਾਲ ਜੁੜੇ ਹੋਰ ਮਸਲਿਆਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਤੁੰਗਵਾਲੀ ਨੇ ਕਾਂਗਰਸੀ ਵਰਕਰਾਂ ਨੂੰ ਵੀ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ।