ਦਮਦਮੀ ਟਕਸਾਲ ਵੱਲੋਂ ਪੰਜਾਬ ਬੰਦ ਦੀ ਹਮਾਇਤ ਦਾ ਐਲਾਨ ਦਮਦਮੀ ਟਕਸਾਲ ਵੱਲੋਂ ਪੰਜਾਬ ਬੰਦ ਦੀ ਹਮਾਇਤ ਦਾ ਐਲਾਨ
Publish Date: Thu, 20 Aug 2026 04:15 PM (IST)
Updated Date: Fri, 21 Aug 2026 04:00 AM (IST)
ਫੋਟੋ:1 ਕੈਪਸ਼ਨ ਬਾਬਾ ਆਤਮਾ ਸਿੰਘ ਚਹਿਲ ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ 2026, ਦਿਨ ਸ਼ੁੱਕਰਵਾਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਦਮਦਮੀ ਟਕਸਾਲ ਵੱਲੋਂ ਪੁਰਜ਼ੋਰ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ਹੈ। ਦਮਦਮੀ ਟਕਸਾਲ ਨੇ ਬੰਦ ਦੀ ਹਮਾਇਤ ਕਰਦਿਆਂ ਸਮੂਹ ਪੰਜਾਬ ਵਾਸੀਆਂ ਨੂੰ ਪੰਜਾਬ ਬੰਦ ਦੀ ਕਾਲ ਨੂੰ ਅਮਨ-ਸ਼ਾਂਤੀ ਨਾਲ ਸਫਲ ਬਣਾਉਣ ਦੀ ਅਪੀਲ ਕੀਤੀ ਗਈ ਹੈ। ਜਾਰੀ ਇਕ ਬਿਆਨ ’ਚ ਦਮਮਦੀ ਟਕਸਾਲ ਸੇਵਕ ਜਥਾ ਦੇ ਮਾਲਵਾ ਜੋਨ ਦੇ ਪ੍ਰਧਾਨ ਜਥੇਦਾਰ ਬਾਬਾ ਆਤਮਾ ਸਿੰਘ ਚਹਿਲ ਨੇ ਕਿਹਾ ਗਿਆ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਲੰਬੇ ਸਮੇਂ ਤੋਂ ਸਿੱਖ ਕੌਮ ਨਾਲ ਜੁੜਿਆ ਇਕ ਅਹਿਮ ਮੁੱਦਾ ਬਣਿਆ ਹੋਇਆ ਹੈ। ਦਮਦਮੀ ਟਕਸਾਲ ਵੱਲੋਂ ਸਰਕਾਰਾਂ ਤੋਂ ਮੰਗ ਕੀਤੀ ਗਈ ਹੈ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਰਿਹਾਅ ਕੀਤਾ ਜਾਵੇ। ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ 21 ਅਗਸਤ ਨੂੰ ਪੰਜਾਬ ਬੰਦ ਦੌਰਾਨ ਪੂਰੀ ਤਰ੍ਹਾਂ ਸ਼ਾਂਤੀ ਬਣਾਈ ਰੱਖੀ ਜਾਵੇ ਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਜਾਂ ਅਣਸੁਖਾਵੀਂ ਘਟਨਾ ਤੋਂ ਬਚਿਆ ਜਾਵੇ। ਉਨ੍ਹਾਂ ਕਿਹਾ ਕਿ ਕੌਮੀ ਮਸਲਿਆਂ ਪ੍ਰਤੀ ਆਪਣੀ ਆਵਾਜ਼ ਬੁਲੰਦ ਕਰਦਿਆਂ ਅਮਨ-ਅਮਾਨ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸਮੂਹ ਸਿੱਖ ਸੰਗਤ ਤੇ ਪੰਜਾਬ ਵਾਸੀਆਂ ਨੂੰ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਸ਼ਾਂਤਮਈ ਢੰਗ ਨਾਲ ਸਫਲ ਬਣਾਉਣ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਟਕਸਾਲ ਵੱਲੋਂ ਕਿਹਾ ਗਿਆ ਕਿ ਸਰਕਾਰਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਬਿਨਾਂ ਸ਼ਰਤ ਜਲਦ ਤੋਂ ਜਲਦ ਉਨ੍ਹਾਂ ਦੀ ਰਿਹਾਈ ਲਈ ਕਦਮ ਚੁੱਕਣੇ ਚਾਹੀਦੇ ਹਨ। ਇਸ ਐਲਾਨ ਨਾਲ ਪੰਜਾਬ ਬੰਦ ਦੇ ਸੱਦੇ ਨੂੰ ਧਾਰਮਿਕ ਪੱਖੋਂ ਵੀ ਮਹੱਤਵਪੂਰਨ ਹਮਾਇਤ ਮਿਲੀ ਹੈ। ਬਾਬਾ ਆਤਮਾ ਸਿੰਘ ਨੇ ਵਿਦਿਅਕ ਅਦਾਰਿਆ ਅਤੇ ਪ੍ਰਾਈਵੇਟ ਟਰਾਂਸਪੋਰਟਰਾਂ ਅਤੇ ਵਪਾਰੀਆਂ ਨੂੰ ਪੰਜਾਬ ਬੰਦ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।