ਯੂਥ ਕਾਂਗਰਸ ਆਗੂਆਂ ਨਾਲ ਕ੍ਰਿਸ਼ਨ ਭਾਗੀਵਾਂਦਰ ਨੇ ਕੀਤੀ ਮੀਟਿੰਗ ਯੂਥ ਕਾਂਗਰਸ ਆਗੂਆਂ ਨਾਲ ਕ੍ਰਿਸ਼ਨ ਭਾਗੀਵਾਂਦਰ ਨੇ ਕੀਤੀ ਮੀਟਿੰਗ
Publish Date: Wed, 26 Aug 2026 04:46 PM (IST)
Updated Date: Wed, 26 Aug 2026 04:49 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਬਲਾਕ ਤਲਵੰਡੀ ਸਾਬੋ ਨਾਲ ਸਬੰਧਤ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ ਅੱਜ ਯੂਥ ਕਾਂਗਰਸ ਦੇ ਆਗੂਆਂ ਅਤੇ ਨੌਜਵਾਨ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਨੌਜਵਾਨਾਂ ਵੱਲੋਂ ਆਪਣੇ ਇਲਾਕੇ ਅਤੇ ਨਿੱਜੀ ਪੱਧਰ ’ਤੇ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਕ੍ਰਿਸ਼ਨ ਸਿੰਘ ਭਾਗੀਵਾਂਦਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਕਈ ਮਾਮਲਿਆਂ ਦੇ ਹੱਲ ਲਈ ਮੌਕੇ ’ਤੇ ਹੀ ਸਬੰਧਤ ਧਿਰਾਂ ਨਾਲ ਗੱਲਬਾਤ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਅਤੇ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਯੂਥ ਦੇ ਦੌਰ ਵਿੱਚੋਂ ਗੁਜ਼ਰੇ ਹਨ, ਇਸ ਲਈ ਉਹ ਨੌਜਵਾਨਾਂ ਦੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੀਆਂ ਉਮੀਦਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਹੱਕਾਂ ਅਤੇ ਭਵਿੱਖ ਨਾਲ ਜੁੜੇ ਮਸਲਿਆਂ ਲਈ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਨੌਜਵਾਨ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਅਤੇ ਹੱਲ ਕਰਵਾਉਣ ਲਈ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਨੌਜਵਾਨ ਵਰਕਰਾਂ ਵੱਲੋਂ ਕ੍ਰਿਸ਼ਨ ਸਿੰਘ ਭਾਗੀਵਾਂਦਰ ਦੀ ਕਾਰਜਸ਼ੈਲੀ ਅਤੇ ਨੌਜਵਾਨਾਂ ਨਾਲ ਬਣਾਈ ਜਾ ਰਹੀ ਲਗਾਤਾਰ ਨੇੜਤਾ ਦੀ ਸ਼ਲਾਘਾ ਕੀਤੀ ਗਈ। ਸਿਆਸੀ ਹਲਕਿਆਂ ਵਿੱਚ ਵੀ ਚਰਚਾ ਹੈ ਕਿ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੂੰ ਹਲਕਾ ਤਲਵੰਡੀ ਸਾਬੋ ਵਿੱਚ ਲਗਾਤਾਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਉਹ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਆਪਣੀ ਮਜ਼ਬੂਤ ਪਕੜ ਬਣਾਉਣ ਵਿੱਚ ਕਾਮਯਾਬ ਹੋ ਰਹੇ ਹਨ। ਉਨ੍ਹਾਂ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਉਹ ਹਲਕੇ ਦੇ ਲੋਕਾਂ ਦੀ ਪਹਿਲੀ ਪਸੰਦ ਵਜੋਂ ਹੋਰ ਮਜ਼ਬੂਤੀ ਨਾਲ ਉੱਭਰ ਸਕਦੇ ਹਨ। ਇਸ ਮੌਕੇ ਤੇ ਸੀਨੀਅਰ ਕਾਂਗਰਸੀ ਆਗੂ ਜਗਤਾਰ ਸਿੰਘ ਮੈਨੂਆਣਾ, ਯੂਥ ਆਗੂ ਬਲਜੀਤ ਸਿੰਘ,ਮਨਵੀਰ ਸਿੰਘ ਜੋਗੇਵਾਲਾ, ਮਨਜਿੰਦਰ ਸਿੰਘ ਫੱਤਾ, ਲਵਪ੍ਰੀਤ ਸਿੰਘ ਜੋਗੇਵਾਲਾ, ਪਰਮਿੰਦਰ ਸਿੰਘ ਜੋਗੇਵਾਲਾ, ਸੰਦੀਪ ਸਿੰਘ ਫੱਤਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਯੂਥ ਆਗੂ ਹਾਜ਼ਰ ਸਨ।